ਸਿੱਖ ਸੰਗਤ ਨੂੰ ਸਹਿਜ ਪਾਠ ਦਾ ਹਿੱਸਾ ਬਣਨ ਦੀ ਅਪੀਲ
ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਅਪਰੈਲ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਦੇਸ਼-ਵਿਦੇਸ਼ ਦੀ ਸੰਗਤ ਨੂੰ ਸਹਜ ਪਾਠ ਨਾਲ ਜੁੜਨ ਦੀ ਅਪੀਲ ਕੀਤੀ ਹੈ। ਦਿੱਲੀ ਕਮੇਟੀ ਵੱਲੋਂ ਰਜਿਸਟ੍ਰੇਸ਼ਨ ਲਈ 98711-14444 ਨੰਬਰ ਜਾਰੀ ਕੀਤਾ ਗਿਆ ਹੈ।
ਧਰਮ ਪ੍ਰਚਾਰ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੇ ਨਿਰਦੇਸ਼ ਹੇਠ ਧਰਮ ਪ੍ਰਚਾਰ ਕਮੇਟੀ ਦੀ ਵਿਸ਼ੇਸ਼ ਕੋਸ਼ਿਸ਼ ਨਾਲ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਉੱਤੇ 3.5 ਲੱਖ ਸਹਿਜ ਪਾਠ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਦੀ ਸ਼ੁਰੂਆਤ 15 ਅਪਰੈਲ ਨੂੰ ਸਵੇਰੇ 11 ਵਜੇ ਲੱਖੀਸ਼ਾਹ ਬਣਜਾਰਾ ਹਾਲ, ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਕੀਤੀ ਜਾਵੇਗੀ ਅਤੇ 25 ਨਵੰਬਰ ਨੂੰ ਗੁਰੂ ਸਾਹਿਬ ਦੇ ਸ਼ਹੀਦੀ ਪੁਰਬ ਵਾਲੇ ਦਿਨ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਇਕੱਠੇ ਭੋਗ ਪਾ ਕੇ ਸਮਾਪਤੀ ਹੋਏਗੀ।
ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਜਿਨ੍ਹਾਂ ਸੰਗਤ ਦੇ ਘਰਾਂ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਬਿਰਾਜਮਾਨ ਹਨ, ਉਹ ਆਪਣੇ ਘਰਾਂ ਵਿਚ ਬੈਠ ਕੇ ਸਹਿਜ ਪਾਠ ਕਰ ਸਕਦੇ ਹਨ।
ਜਿਨ੍ਹਾਂ ਕੋਲ ਗੁਰੂ ਗ੍ਰੰਥ ਸਾਹਿਬ ਜੀ ਨਹੀਂ ਹਨ, ਉਹ ਕਮੇਟੀ ਦੇ ਦਫ਼ਤਰ ਤੋਂ ਸੈਂਚੀਆਂ ਲੈ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਕਮੇਟੀ ਨਾਲ ਸੰਪਰਕ ਕਰਕੇ ਆਪਣੇ ਨਾਮ ਦਰਜ ਕਰਵਾ ਰਹੀ ਹੈ।