ਸਿੱਧਸਰ ਸਾਹਿਬ ’ਚ ਸੰਗਤ ਤੇ ਐੱਸਜੀਪੀਸੀ ਵਿਚਾਲੇ ਟਕਰਾਅ ਟਲਿਆ
ਮਲੌਦ, 2 ਮਈ
ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਦੇ ਜਰਨੈਲ ਬਾਬਾ ਸੀਹਾਂ ਸਿੰਘ ਗਿੱਲ ਝੱਲੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਇਲਾਕੇ ਦੀ ਸੰਗਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚਕਾਰ ਗੁਰੂ ਘਰ ਦੇ ਪ੍ਰਬੰਧਾਂ ਨੂੰ ਲੈ ਕੇ ਚੱਲ ਰਿਹਾ ਵਿਵਾਦ ਇੱਕ ਵਾਰ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਤੇ ਡੈਲੀਗੇਟ ਇਫਕੋ ਪੰਜਾਬ ਨਵਤੇਜ ਸਿੰਘ ਖੱਟੜਾ ਦੀ ਸੂਝ-ਬੂਝ ਸਦਕਾ ਵੱਡਾ ਟਕਰਾਅ ਹੋਣ ਤੋਂ ਟਲ ਗਿਆ।
ਭਾਵੇਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ ਤੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਦੀ ਅਗਵਾਈ ਵਿੱਚ ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਗੁਰੂ ਘਰ ਦੇ ਪ੍ਰਬੰਧਾਂ ਦਾ (ਕਬਜ਼ਾ) ਲਿਆ ਜਾਣਾ ਸੀ। ਅੱਜ ਸਵੇਰ ਤੋਂ ਹੀ ਇਲਾਕੇ ਭਰ ਦੀ ਸੰਗਤ ਸ਼੍ਰੋਮਣੀ ਕਮੇਟੀ ਦਾ ਵਿਰੋਧ ਕਰਨ ਲਈ ਵੱਡੀ ਗਿਣਤੀ ਵਿੱਚ ਇਕੱਤਰ ਹੋਣੀਆਂ ਸ਼ੁਰੂ ਹੋ ਗਈਆਂ ਸਨ। ਸਿਵਲ ਪ੍ਰਸ਼ਾਸਨ ਵੱਲੋਂ ਡਿਊਟੀ ਮੈਜਿਸਟਰੇਟ ਨਾਇਬ ਤਹਿਸੀਲਦਾਰ ਪਾਇਲ ਗੁਰਪ੍ਰੀਤ ਸਿੰਘ ਅਤੇ ਕਾਨੂੰਗੋ ਨੀਤੂ ਬਾਲਾ ਸਮੇਤ ਮਾਲ ਵਿਭਾਗ ਦੇ ਹੋਰ ਕਰਮਚਾਰੀ ਵੀ ਮੌਜੂਦ ਸਨ।
ਪੁਲੀਸ ਪ੍ਰਸ਼ਾਸਨ ਵੱਲੋਂ ਕਿਸੇ ਵੀ ਜਾਨੀ-ਮਾਲੀ ਨੁਕਸਾਨ ਨੂੰ ਰੋਕਣ ਲਈ ਪੂਰੀ ਮੁਸਤੈਦੀ ਨਾਲ ਡੀਐੱਸਪੀ ਪਾਇਲ ਹੇਮੰਤ ਮਲਹੋਤਰਾ, ਐੱਸਐੱਚਓ ਪਾਇਲ ਸੰਦੀਪ ਕੁਮਾਰ, ਐੱਸਐੱਚਓ ਮਲੌਦ ਸਤਨਾਮ ਸਿੰਘ ਭਾਰੀ ਪੁਲੀਸ ਫੋਰਸ ਸਣੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਮੌਜੂਦ ਰਹੇ ਅਤੇ ਜੈਕਾਰੇ ਲਗਾ ਰਹੀ ਸੰਗਤ ਨੂੰ ਵਾਰ-ਵਾਰ ਸ਼ਾਂਤ ਰਹਿਣ ਦੀ ਅਪੀਲ ਕੀਤੀ ਜਾ ਰਹੀ ਸੀ। ਅੱਜ ਦੇ ਇਸ ਵੱਡੇ ਇਕੱਠ ਦੇ ਮੱਦੇਨਜ਼ਰ ਦੋਵੇਂ ਧਿਰਾਂ ਨੇ ਸਹਿਮਤ ਹੁੰਦਿਆਂ ਭਵਿੱਖ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਬੈਠ ਕੇ ਮਸਲਾ ਹੱਲ ਕਰਨ ਲਈ ਵਿਚਾਰ ਕੀਤੀ ਜਾਵੇਗੀ। ਇੱਥੇ ਇਹ ਦੱਸਣਯੋਗ ਹੈ ਕਿ ਗੁਰਦੁਆਰਾ ਸਿੱਧਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਇਸ ਮਾਮਲੇ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਮੌਕੇ ਗੁਰਦੁਆਰਾ ਸਿੱਧਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ, ਵੱਖ-ਵੱਖ ਧਾਰਮਿਕ ਤੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਵਿੱਚ ਬੀਬੀਆਂ ਵੀ ਹਾਜ਼ਰ ਸਨ।