ਸੀਆਈਏ ਸਟਾਫ ਵੱਲੋਂ ਤਿੰਨ ਕਿਲੋ ਭੁੱਕੀ ਬਰਾਮਦ
ਕੁਲਭੂਸ਼ਨ ਕੁਮਾਰ ਬਾਂਸਲ
ਰਤੀਆ, 1 ਜੂਨ
ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਨਸ਼ਾ ਛੁਡਾਊ ਮੁਹਿੰਮ ਤਹਿਤ ਪੁਲੀਸ ਸੁਪਰਡੈਂਟ ਸਿਧਾਂਤ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਆਈਏ ਫਤਿਹਾਬਾਦ ਟੀਮ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਰਤੀਆ ਖੇਤਰ ਤੋਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਤਿੰਨ ਕਿਲੋ 26 ਗ੍ਰਾਮ ਭੁੱਕੀ ਬਰਾਮਦ ਕੀਤੀ ਗਈ ਹੈ। ਮੁਲਜ਼ਮ ਦੀ ਪਛਾਣ ਮੋਨੂੰ ਉਰਫ਼ ਮੋਟਾ ਵਾਸੀ ਮਿਓਂਦ ਕਲਾਂ ਵਜੋਂ ਹੋਈ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਲਿਆ ਜਾਵੇਗਾ।
ਸੀਆਈਏ ਇੰਚਾਰਜ ਇੰਸਪੈਕਟਰ ਯਾਦਵਿੰਦਰ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਏਐਸਆਈ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਰਤੀਆ ਜਾਖਨ ਦਾਦੀ ਇਲਾਕੇ ਵਿੱਚ ਨਾਕਾਬੰਦੀ ਅਤੇ ਜਾਂਚ ਮੁਹਿੰਮ ਚਲਾਈ ਸੀ। ਇਸ ਦੌਰਾਨ ਇੱਕ ਨੌਜਵਾਨ ਨੂੰ ਮੋਟਰਸਾਈਕਲ ’ਤੇ ਆਉਂਦਾ ਦੇਖਿਆ ਗਿਆ। ਪੁਲੀਸ ਟੀਮ ਨੂੰ ਦੇਖ ਕੇ ਉਹ ਪਿੱਛੇ ਮੁੜਿਆ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਸਦਾ ਮੋਟਰਸਾਈਕਲ ਅਚਾਨਕ ਰੁਕ ਗਿਆ। ਪੁਲੀਸ ਟੀਮ ਨੇ ਮੁਸਤੈਦੀ ਦਿਖਾਈ ਅਤੇ ਮੌਕੇ ’ਤੇ ਉਸ ਨੂੰ ਕਾਬੂ ਕਰ ਲਿਆ। ਨਿਯਮਾਂ ਅਨੁਸਾਰ ਤਲਾਸ਼ੀ ਲੈਣ ’ਤੇ ਉਸਦੇ ਕਬਜ਼ੇ ਵਿੱਚੋਂ ਤਿੰਨ ਕਿਲੋ 26 ਗ੍ਰਾਮ ਭੁੱਕੀ ਬਰਾਮਦ ਹੋਈ। ਮੁਲਜ਼ਮ ਵਿਰੁੱਧ ਰਤੀਆ ਸਿਟੀ ਪੁਲੀਸ ਸਟੇਸ਼ਨ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਵਿੱਚ ਸ਼ਾਮਲ ਹੋਰ ਲੋਕਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਸਕੇ।
ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ।