ਸੀਐੱਮ ਯੋਗਸ਼ਾਲਾ ਲਈ ਦਸ ਹਜ਼ਾਰ ਲੋਕਾਂ ਨੇ ਰਜਿਸਟਰੇਸ਼ਨ ਕਰਵਾਈ: ਡੀਸੀ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 18 ਅਪਰੈਲ
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਸੀਐੱਮ ਯੋਗਸ਼ਾਲਾ’ ਸੂਬਾ ਵਾਸੀਆਂ ਨੂੰ ਮੁਫ਼ਤ ਯੋਗ ਸਿੱਖਿਆ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਗਸ਼ਾਲਾ ਦਾ ਹਜ਼ਾਰਾਂ ਲੋਕ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੁੱਲ 193 ਸਥਾਨਾਂ ’ਤੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਅਤੇ ਹੁਣ ਤੱਕ 9 ਹਜ਼ਾਰ 666 ਲੋਕਾਂ ਨੇ ਇਸ ਯੋਜਨਾ ਤਹਿਤ ਆਪਣੀ ਰਜਿਸਟਰੇਸ਼ਨ ਕਰਵਾਈ ਹੈ।
ਉਨ੍ਹਾਂ ਜ਼ਿਲ੍ਹੇ ਦੇ ਸਾਰੇ ਬੀਡੀਪੀਓਜ਼ ਨੂੰ ਨਿਰਦੇਸ਼ ਦਿੱਤੇ ਹਨ ਕਿ ਵੱਧ ਤੋਂ ਵੱਧ ਲੋਕਾਂ ਨੂੰ ਇਸ ਯੋਜਨਾ ਵਿੱਚ ਸ਼ਾਮਲ ਕੀਤਾ ਜਾਵੇ ਤਾਂ ਜੋ ਉਹ ਯੋਗ ਦੇ ਲਾਭ ਬਾਰੇ ਜਾਣਕਾਰੀ ਹਾਸਲ ਕਰ ਸਕਣ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਚੱਲ ਰਹੀ ਇਸ ਮੁਹਿੰਮ ਤਹਿਤ ਸਹੀ ਯੋਗ ਟਰੇਨਰਾਂ ਦੀ ਵਿਸ਼ੇਸ਼ ਟੀਮ ਬਣਾਈ ਕੀਤੀ ਗਈ ਹੈ ਜੋ ਲੋਕਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ ਹਨ।
ਉਨ੍ਹਾਂ ਦੱਸਿਆ ਕਿ ਇਸ ਤਹਿਤ ਲੋਕ ਧਿਆਨ, ਸੂਕਸ਼ਮ ਕਸਰਤ, ਸਥੂਲ ਕਸਰਤ, ਯੋਗਾਸਨ, ਪ੍ਰਾਣਿਆਮ ਅਤੇ ਸੂਰਯਾ ਨਮਸਕਾਰ ਵਰਗੀਆਂ ਯੋਗ ਗਤੀਵਿਧੀਆਂ ਵਿੱਚ ਸ਼ਮੂਲੀਅਤ ਕਰਦਿਆਂ ਨਾ ਸਿਰਫ ਮਾਨਸਿਕ ਅਤੇ ਸਰੀਰਕ ਰੂਪ ਨਾਲ ਤੰਦਰੁਸਤ ਹੋ ਰਹੇ ਹਨ ਸਗੋਂ ਸ਼ੂਗਰ, ਅਸਥਮਾ, ਸਾਈਟਿਕਾ, ਮਾਈਗ੍ਰੇਨ, ਕਮਰ ਦਰਦ, ਗੋਡਿਆਂ ਦਾ ਦਰਦ, ਹਾਈ ਅਤੇ ਲੋਅ ਬਲੱਡ ਪ੍ਰੈਸ਼ਰ ਵਰਗੀਆਂ ਵੱਖ-ਵੱਖ ਸਮੱਸਿਆਵਾਂ ਤੋਂ ਵੀ ਰਾਹਤ ਮਹਿਸੂਸ ਕਰ ਰਹੇ ਹਨ।