ਸੀਨੀਅਰ ਅਕਾਲੀ ਆਗੂ ਸਣੇ 300 ਪਰਿਵਾਰ ਕਾਂਗਰਸ ’ਚ ਸ਼ਾਮਲ
ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 6 ਜਨਵਰੀ
ਇਥੇ ਵਿਧਾਨ ਸਭਾ ਹਲਕਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਭੋਡੀਪੁਰਾ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸਰਪੰਚ ਰਾਮ ਸਿੰਘ ਭੋਡੀਪੁਰਾ, ਬਲਾਕ ਸਮਿਤੀ ਭਗਤਾ ਦੇ ਸਾਬਕਾ ਚੇਅਰਮੈਨ ਬਲਦੇਵ ਸਿੰਘ ਭੋਡੀਪੁਰਾ ਸਮੇਤ 300 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਰਾਮ ਸਿੰਘ ਭੋਡੀਪੁਰਾ, ਬਲਦੇਵ ਸਿੰਘ ਭੋਡੀਪੁਰਾ ਸਮੇਤ ਕਾਂਗਰਸ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ’ਚ ਪੂਰੇ ਮਾਣ ਸਤਿਕਾਰ ਦਾ ਭਰੋਸਾ ਦਿੱਤਾ। ਇਕੱਠ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਵੋਟਰਾਂ ਨਾਲ ਲੁਭਾਉਣੇ ਵਾਅਦੇ ਕਰਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ’ਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ। ਇਸ ਸਮੇਂ ਹਲਾਤ ਇਹ ਹਨ ਕਿ ਸੂਬੇ ਦੇ ਲੋਕ ਇਸ ਨੂੰ ਸੱਤਾ ’ਚ ਲਿਆ ਕੇ ਬੜਾ ਪਛਤਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਇਹ ਸਰਕਾਰ ਸੱਤਾ ’ਚ ਆਈ ਹੈ, ਉਦੋਂ ਤੋਂ ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਵਿਗੜੀ ਹੋਈ ਹੈ। ਨਸ਼ਿਆਂ ਦੀ ਓਵਰਡੋਜ਼ ਕਾਰਨ ਮੌਤਾਂ ਅਤੇ ਨਸ਼ਾ ਤਸਕਰੀ ਦੇ ਮਾਮਲੇ ਪਹਿਲਾਂ ਨਾਲੋਂ ਕਿਤੇ ਵੱਧ ਗਏ ਹਨ। ਇਸ ਮੌਕੇ ਜੈਸੀ ਕਾਂਗੜ, ਪ੍ਰਧਾਨ ਬੂਟਾ ਸਿੱਧੂ, ਜਗਜੀਤ ਬਰਾੜ, ਇੰਦਰਜੀਤ ਸਿੰਘ ਭੋਡੀਪੁਰਾ, ਗੋਲੂ ਬਰਾੜ ਅਤੇ ਲਖਵੀਰ ਲੱਖਾ ਹਾਜ਼ਰ ਸਨ।