ਸੀਵਰੇਜ ਟਰੀਟਮੈਂਟ ਪਲਾਂਟ ਦੀ ਉਸਾਰੀ ਸ਼ੁਰੂ
ਐੱਨਪੀ ਧਵਨ
ਪਠਾਨਕੋਟ, 17 ਮਈ
ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਡੇਰਾ ਬਾਬਾ ਬਸੰਤਪੁਰੀ ਵਿੱਚ 4.29 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ (ਐਸਟੀਪੀ) ਦੀ ਉਸਾਰੀ ਅੱਜ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸ਼ੁਰੂ ਕਰਵਾਈ। ਇਸ ਮੌਕੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਸੈਣੀ, ਬਲਾਕ ਪ੍ਰਧਾਨ ਸੰਦੀਪ ਕੁਮਾਰ, ਸੋਹਨ ਲਾਲ ਤੇ ਬਰਜਿੰਦਰ ਕੌਰ, ਸਰਪੰਚ ਕਰਨਜੀਤ, ਐਕਸੀਅਨ ਦਿਵਤੇਸ਼ ਵਿਰਦੀ, ਐਸਡੀਓ ਲੋਕੇਸ਼ ਵਰਮਾ, ਜੇਈ ਧੀਰਜ ਤੇ ਜਗਦੀਸ਼ ਆਦਿ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਨਾ ਦੇ ਵਾਰਡਾਂ 43, 44 ਅਤੇ 47 ਅੰਦਰ ਸੀਵਰੇਜ ਤਾਂ ਪਹਿਲਾਂ ਪਾ ਦਿੱਤਾ ਗਿਆ ਸੀ ਪਰ ਸੀਵਰੇਜ ਟਰੀਟਮੈਂਟ ਪਲਾਂਟ ਨਾ ਲੱਗਾ ਹੋਣ ਕਰਕੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਆ ਰਹੀ ਸੀ। ਇਸ ਕਰਕੇ ਐਸਟੀਪੀ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ ਅਤੇ ਇਹ ਜਲਦੀ ਹੀ ਮੁਕੰਮਲ ਹੋ ਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਕਰੀਬ 12 ਹਜ਼ਾਰ ਪਰਿਵਾਰਾਂ ਨੂੰ ਇਸ ਦਾ ਲਾਭ ਹੋਵੇਗਾ। ਇਸ ਉਪਰੰਤ ਕੈਬਨਿਟ ਮੰਤਰੀ ਨੇ ਪਿੰਡ ਬਹਿਦੋਚੱਕ, ਢੋਲੋਵਾਲ ਤੇ ਪਹਾੜੋਚੱਕ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਅਤੇ ਢੋਲੋਵਾਲ ਦੇ ਸਰਕਾਰੀ ਮਿਡਲ ਸਕੂਲ ਵਿੱਚ ਸਿੱਖਿਆ ਕ੍ਰਾਂਤੀ ਤਹਿਤ 22 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਅੰਦਰ ਇੱਕ ਭਾਰੀ ਬਦਲਾਅ ਲਿਆਂਦਾ ਗਿਆ ਹੈ ਅਤੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਜ਼ਿਲ੍ਹਾ ਪਠਾਨਕੋਟ ਸਿੱਖਿਆ ਦੇ ਖੇਤਰ ਅੰਦਰ ਪੰਜਾਬ ਪੱਧਰ ਤੇ ਮੱਲਾਂ ਮਾਰ ਰਿਹਾ ਹੈ ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ।