ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਵਰੇਜ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਲੋਕਾਂ ਨੇ ਲਾਇਆ ਜਾਮ

07:38 AM Sep 13, 2024 IST
ਭੁੱਚੋ ਮੰਡੀ ਦੇ ਨਗਰ ਕੌਂਸਲ ਦਫ਼ਤਰ ਅੱਗੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਕੌਂਸਲਰ।

ਪਵਨ ਗੋਇਲ
ਭੁੱਚੋ ਮੰਡੀ, 12 ਸਤੰਬਰ
ਗਲੀਆਂ ਅਤੇ ਸੜਕਾਂ ’ਤੇ ਭਰੇ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਸ਼ਹਿਰ ਵਾਸੀਆਂ ਲਈ ਵੱਡੀ ਪ੍ਰੇਸ਼ਾਨੀ ਬਣੀ ਹੋਈ ਹੈ। ਇਸ ਦੇ ਪੱਕੇ ਹੱਲ ਲਈ ਭੁੱਚੋ ਮੰਡੀ ਦੇ ਗੁਰੂ ਅਰਜਨ ਦੇਵ ਨਗਰ ਦੇ ਵਾਸੀਆਂ ਨੇ ਫੁਹਾਰਾ ਚੌਕ ਵਿੱਚ ਮੁੱਖ ਸੜਕ ’ਤੇ ਜਾਮ ਲਾਇਆ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਤੋਂ ਪਹਿਲਾਂ ਲੋਕਾਂ ਨੇ ਰੇਲਵੇ ਸਟੇਸ਼ਨ ਤੋਂ ਨਗਰ ਕੌਂਸਲ ਦੇ ਦਫ਼ਤਰ ਤੱਕ ਰੋਸ ਮਾਰਚ ਕੀਤਾ ਅਤੇ ਨਗਰ ਕੌਂਸਲ ਦੇ ਦਫ਼ਤਰ ਅੰਦਰ ਧਰਨਾ ਦੇ ਦਿੱਤਾ ਸੀ। ਇਸ ਦੌਰਾਨ ਵਾਰਡ ਵਾਸੀਆਂ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਵਿੱਚ ਕਾਫੀ ਤਕਰਾਰਬਾਜ਼ੀ ਹੋਈ। ਅਧਿਕਾਰੀਆਂ ਦਾ ਕਹਿਣਾ ਸੀ ਕਿ ਉਹ ਦਫ਼ਤਰ ਤੋਂ ਬਾਹਰ ਜਾ ਕੇ ਧਰਨਾ ਦੇਣ। ਪੁਲੀਸ ਮੁਲਾਜ਼ਮਾਂ ਨੇ ਜਦੋਂ ਲੋਕਾਂ ਨੂੰ ਦਫ਼ਤਰ ਵਿੱਚੋਂ ਉਠਾ ਦਿੱਤਾ, ਤਾਂ ਰੋਹ ਵਿੱਚ ਆਏ ਲੋਕਾਂ ਨੇ ਫੁਹਾਰਾ ਚੌਕ ਜਾਮ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਐਲਾਨ ਕੀਤਾ ਕਿ ਇਹ ਧਰਨਾ ਲਗਾਤਾਰ ਜਾਰੀ ਰਹੇਗਾ ਅਤੇ ਕੱਲ੍ਹ ਨੂੰ ਕੈਂਚੀਆਂ ਰੋਡ ’ਤੇ ਪੱਕਾ ਮੋਰਚਾ ਲਗਾਇਆ ਜਾਵੇਗਾ, ਜੋ ਸਮੱਸਿਆ ਹੱਲ ਹੋਣ ਤੱਕ ਜਾਰੀ ਰਹੇਗਾ। ਧਰਨੇ ਵਿੱਚ ਔਰਤਾਂ ਵੀ ਸ਼ਾਮਲ ਸਨ। ਧਰਨੇ ਵਿੱਚ ਸ਼ਾਮਲ ਸਾਧੂ ਸਿੰਘ ਸ਼ਰਮਾ, ਡਾ: ਗੁਰਦੀਪ ਸਿੰਘ, ਹਿੰਦੋ ਸਿੰਘ, ਕਰਮ ਸਿੰਘ, ਆਤਮਾ ਸਿੰਘ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਗੁਰੂ ਅਰਜਨ ਦੇਵ ਨਗਰ ਦੀਆਂ ਗਲੀਆਂ ਵਿੱਚ ਸੀਵਰੇਜ ਦਾ ਗੰਦਾ ਪਾਣੀ ਭਰਿਆ ਰਹਿੰਦਾ ਹੈ। ਇਸ ਸਮੱਸਿਆ ਦੇ ਹੱਲ ਲਈ ਉਹ ਕਈ ਵਾਰ ਰੋਸ ਪ੍ਰਦਰਸ਼ਨ ਵੀ ਕਰ ਚੁੱਕੇ ਹਨ ਪਰ ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਦਿੱਤੇ ਭਰੋਸੇ ਅੱਜ ਤੱਕ ਪੂਰੇ ਨਹੀਂ ਹੋਏ। ਨਗਰ ਕੌਂਸਲ ਦੇ ਪ੍ਰਧਾਨ ਜੋਨੀ ਬਾਂਸਲ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦੀ ਸਫ਼ਾਈ ਲਈ ਬਾਹਰੋਂ ਮੁਲਾਜ਼ਮ ਬੁਲਾਏ ਹੋਏ ਹਨ ਅਤੇ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ, ਜਦੋਂ ਸਾਰਾ ਸਿਸਟਮ ਸਾਫ਼ ਹੋ ਜਾਵੇਗਾ ਤਾਂ ਸੀਵਰੇਜ ਦੀ ਸਮੱਸਿਆ ਯਕੀਨੀ ਤੌਰ ’ਤੇ ਹੱਲ ਹੋ ਜਾਵੇਗੀ।

Advertisement

Advertisement