ਸੀਵਰੇਜ ਸਮੱਸਿਆ: ਪੰਜਾਬ ਸਰਕਾਰ ਖ਼ਿਲਾਫ਼ ਤਿੱਖੇ ਅੰਦੋਲਨ ਦਾ ਐਲਾਨ
ਜੋਗਿੰਦਰ ਸਿੰਘ ਮਾਨ
ਮਾਨਸਾ, 3 ਜਨਵਰੀ
ਮਾਨਸਾ ’ਚ ਸੀਵਰੇਜ਼ ਦੇ ਪੱਕੇ ਹੱਲ ਲਈ ਨੂੰ ਲੈ ਕੇ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਕ ਵਿੱਚ ਚੱਲ ਰਹੇ ਧਰਨੇ ਦੇ 68ਵੇਂ ਦਿਨ ਸੰਘਰਸ਼ ਕਮੇਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਰਾਜਨੀਤਕ, ਧਾਰਮਿਕ, ਸਮਾਜਿਕ, ਭਰਾਤਰੀ ਅਤੇ ਸਮਾਜਸੇਵੀ ਸੰਸਥਾਵਾਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਆਗੂਆਂ ਵੱਲੋਂ 12 ਜਨਵਰੀ ਨੂੰ ਵਿਧਾਇਕ ਦੇ ਘਰ ਅੱਗੇ ਸਰਕਾਰ ਦੀ ਅਰਥੀ ਸਾੜ ਕੇ ਅਗਲੇ ਸੰਘਰਸ਼ ਦਾ ਐਲਾਨ ਕਰਨ ਦਾ ਫੈਸਲਾ ਕੀਤਾ ਗਿਆ।
ਕਾਮਰੇਡ ਰਾਜਵਿੰਦਰ ਰਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਸ਼ਹਿਰ ’ਚ ਕੱਢੇ ਰੋਡ ਸ਼ੋਅ ਦੌਰਾਨ ਐਲਾਨ ਕੀਤਾ ਸੀ ਕਿ ਮਾਨਸਾ ਸ਼ਹਿਰ ਦੇ ਲੋਕਾਂ ਨੂੰ ਸਮੱਸਿਆ ਤੋਂ ਛੇਤੀ ਨਿਜਾਤ ਦਿਵਾਈ ਜਾਵੇਗੀ, ਪ੍ਰੰਤੂ ਲੰਬੇ ਸਮੇਂ ਬਾਅਦ ਵੀ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਕੀਤਾ ਗਿਆ।
ਮਜ਼ਦੂਰ ਮੁਕਤੀ ਮੋਰਚਾ (ਅਜ਼ਾਦ) ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੌਜੂਦਾ ਸਰਕਾਰ ਦੇ ਨੁਮਾਇੰਦਿਆਂ ਨੇ ਸਿਵਾਏ ਲਾਰਿਆਂ ਤੋਂ ਕੁਝ ਵੀ ਨਹੀਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਇਹ ਸਮੱਸਿਆ ਲਗਾਤਾਰ ਵੱਧਦੀ ਜਾ ਰਹੀ ਹੈ ਅਤੇ ਹਰ ਇੱਕ ਗਲੀ-ਮੁਹੱਲੇ ਵਿੱਚ ਗੰਦਾ ਪਾਣੀ ਖੜ੍ਹਾ ਹੈ, ਜਿਸ ਕਾਰਨ ਲੋਕਾਂ ਵਿੱਚ ਭਿਆਨਕ ਬਿਮਾਰੀਆਂ ਚਿੰਬੜਨ ਦਾ ਡਰ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਸਮੱਸਿਆ ਦਾ ਛੇਤੀ ਹੱਲ ਨਾ ਕੀਤਾ ਗਿਆ ਤਾਂ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਕੌਂਸਲਰ ਰਾਮਪਾਲ, ਅੰਮ੍ਰਿਤਪਾਲ ਗੋਗਾ, ਕ੍ਰਿਸ਼ਨ ਚੌਹਾਨ, ਧੰਨਾ ਮੱਲ ਗੋਇਲ, ਅਜੀਤ ਸਿੰਘ, ਹੰਸਾ ਸਿੰਘ, ਕੇਵਲ ਸਿੰਘ, ਗੁਰਦੀਪ ਸਿੰਘ ਦੀਪਾ, ਲਛਮਣ ਸਿੰਘ, ਗੁਰਚਰਨ ਸਿੰਘ, ਉਗਰ ਸਿੰਘ, ਜਸਵੰਤ ਸਿੰਘ ਮਾਨਸਾ ਤੇ ਹੋਰ ਹਾਜ਼ਰ ਸਨ।