ਸੁਖਬੀਰ ਬਾਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 2 ਜਨਵਰੀ
ਪਿਛਲੀ ਅਕਾਲੀ ਸਰਕਾਰ ਸਮੇਂ ਹੋਈਆਂ ਕਥਿਤ ਗਲਤੀਆਂ ਅਤੇ ਭੁੱਲਾਂ ਸਬੰਧੀ ਅਕਾਲ ਤਖ਼ਤ ਵੱਲੋਂ ਦਿੱਤੀ ਧਾਰਮਿਕ ਸਜ਼ਾ ਭੁਗਤਣ ਤੋਂ ਬਾਅਦ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਰਗਰਮ ਹੋ ਗਏ ਹਨ। ਉਨ੍ਹਾਂ ਲੋਕਾਂ ਵਿੱਚ ਵਿਚਰਨਾ ਸ਼ੁਰੂ ਕਰ ਦਿੱਤਾ ਹੈ। ਸੁਖਬੀਰ ਬਾਦਲ ਅੱਜ ਪਾਰਟੀ ਦੀ ਸੀਨੀਅਰ ਆਗੂ ਬੀਬੀ ਕੁਲਦੀਪ ਕੌਰ ਕੰਗ ਪਤਨੀ ਅਰਵਿੰਦਰ ਸਿੰਘ ਕੰਗ ਦੇ ਮੁਹਾਲੀ ਫੇਜ਼-4 ਸਥਿਤ ਘਰ ਪਹੁੰਚੇ ਅਤੇ ਉਨ੍ਹਾਂ ਦੇ ਮਾਤਾ ਅਵਤਾਰ ਕੌਰ ਦੀ ਮੌਤ ’ਤੇ ਅਫ਼ਸੋਸ ਪ੍ਰਗਟ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸੂਬੇ ਦੇ ਹਾਲਾਤ ਬਹੁਤ ਮਾੜੇ ਹਨ, ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਹਰ ਨਾਗਰਿਕ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਥਾਣਿਆਂ ’ਤੇ ਬੰਬ ਸੁੱਟੇ ਜਾ ਰਹੇ ਹਨ। ਗੈਂਗਸਟਰ ਸ਼ਰੇਆਮ ਧਮਕੀਆਂ ਦੇ ਕੇ ਫਿਰੌਤੀਆਂ ਮੰਗ ਰਹੇ ਹਨ। ਅਜਿਹੇ ਹਾਲਾਤਾਂ ਵਿੱਚ ਸੂਬੇ ਦੇ ਲੋਕ ਸਹਿਮ ਵਿੱਚ ਹਨ। ਸੁਖਬੀਰ ਨੇ ਭਾਜਪਾ ਅਤੇ ‘ਆਪ’ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਹ ਪਾਰਟੀਆਂ ਨਾ ਤਾਂ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਸਮਝਦੀਆਂ ਹਨ ਅਤੇ ਨਾ ਹੀ ਇਨ੍ਹਾਂ ਨੂੰ ਕਿਸਾਨੀ ਬਾਰੇ ਕੋਈ ਸਮਝ ਹੈ ਅਤੇ ਨਾ ਹੀ ਇਹ ਸਾਰੇ ਸਮਝਣਾ ਚਾਹੁੰਦੇ ਹਨ। ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਖਾਲਸਾ ਵੱਲੋਂ 14 ਜਨਵਰੀ ਨੂੰ ਮਾਘੀ ਮੇਲੇ ’ਤੇ ਨਵੀਂ ਪਾਰਟੀ ਬਣਾਉਣ ਬਾਰੇ ਪੁੱਛੇ ਜਾਣ ’ਤੇ ਸੁਖਬੀਰ ਨੇ ਸਿਰਫ਼ ਐਨਾ ਹੀ ਕਿਹਾ ਨਵੀਂ ਪਾਰਟੀ ਬਣਾਉਣ ’ਤੇ ਉਨ੍ਹਾਂ ਦਾ ਸਵਾਗਤ ਹੈ।
ਸੁਖਬੀਰ ਬਾਦਲ ਨੇ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਗ ਪਰਿਵਾਰ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਹੋਰਨਾਂ ਵਰਕਰਾਂ ਨੂੰ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਲਈ ਪ੍ਰੇਰਿਆ। ਬੀਬੀ ਕੰਗ ਦੇ ਘਰ ਸੁਖਬੀਰ ਬਾਦਲ ਨੇ ਪਾਰਟੀ ਦੇ ਮੌਜੂਦਾ ਹਾਲਾਤਾਂ ਬਾਰੇ ਵੀ ਆਪਸੀ ਵਿਚਾਰ-ਚਰਚਾ ਕੀਤੀ। ਇਸ ਮੌਕੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਪਾਰਟੀ ਦੇ ਕਾਨੂੰਨੀ ਸਲਾਹਕਾਰ ਅਰਸ਼ਦੀਪ ਸਿੰਘ ਕਲੇਰ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਸਾਬਕਾ ਚੇਅਰਮੈਨ ਜਸਵੀਰ ਸਿੰਘ ਸੱਸਾ, ਸੁਖਵਿੰਦਰ ਸਿੰਘ ਛਿੰਦੀ, ਯੂਥ ਆਗੂ ਰਵਿੰਦਰ ਸਿੰਘ ਖੇੜਾ, ਅਰਵਿੰਦਰ ਸਿੰਘ ਕੰਗ ਅਤੇ ਹੋਰ ਪਤਵੰਤੇ ਹਾਜ਼ਰ ਸਨ।