ਸੁਖਵਿੰਦਰ ਬਾਵਾ ਨੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਲਖਵੀਰ ਸਿੰਘ ਚੀਮਾ
ਮਹਿਲ ਕਲਾਂ, 12 ਅਪਰੈਲ
ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਅਤੇ ਸਰਪੰਚ ਸੁਖਵਿੰਦਰ ਦਾਸ ਬਾਵਾ ਵਲੋਂ ਅਨਾਜ ਮੰਡੀ ਪਿੰਡ ਕੁਰੜ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਚੇਅਰਮੈਨ ਬਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਮਾਰਕੀਟ ਕਮੇਟੀ ਮਹਿਲ ਕਲਾਂ ਦੇ 24 ਖ਼ਰੀਦ ਕੇਂਦਰਾਂ ’ਚ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਲਿਆਈ ਗਈ ਸੁੱਕੀ ਅਤੇ ਮਿਆਰੀ ਕਣਕ ਨੂੰ ਤੁਰੰਤ ਖਰੀਦਿਆ ਜਾਵੇਗਾ ਅਤੇ ਉਨ੍ਹਾਂ ਦੀ ਮਿਹਨਤ ਦਾ ਪੂਰਾ ਮੁੱਲ ਸਮੇਂ ਸਿਰ ਦਿੱਤਾ ਜਾਵੇਗਾ। ਚੇਅਰਮੈਨ ਬਾਵਾ ਨੇ ਦੱਸਿਆ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਯਤਨਾਂ ਸਦਕਾ ਨਵੇਂ ਬੱਸ ਸਟੈਂਡ ਮਹਿਲ ਕਲਾਂ ਵਿਖੇ ਫਾਇਰ ਬ੍ਰਿਗੇਡ ਦੀ ਗੱਡੀ ਵੀ ਤਾਇਨਾਤ ਕੀਤੀ ਗਈ ਹੈ ਤਾਂ ਕਿ ਅੱਗ ਲੱਗਣ ਦੀਆਂ ਘਟਨਾਵਾਂ ਉਪਰ ਤੁਰੰਤ ਕਾਬੂ ਪਾਇਆ ਜਾਵੇ। ਇਸ ਮੌਕੇ ਮਾਰਕੀਟ ਕਮੇਟੀ ਦੇ ਮੰਡੀ ਸੁਪਰਵਾਈਜ਼ਰ ਰਾਜਦੀਪ ਸਿੰਘ ਬਰਨਾਲਾ, ਇੰਸਪੈਕਟਰ ਮਨੋਜ ਕੁਮਾਰ ਤੋਂ ਇਲਾਵਾ ਆੜ੍ਹਤੀਏ, ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ।