ਸੁਨਾਮ: ਅਮਨ ਅਰੋੜਾ ਨੇ ਸੜਕੀ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ
ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 8 ਅਪਰੈਲ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸਥਾਨਕ ਵਿਧਾਨ ਸਭਾ ਹਲਕੇ ਅਧੀਨ ਆਉਂਦੀਆਂ ਤਿੰਨ ਸੜਕਾਂ ਦੇ ਨਵੀਨੀਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ, ਜਿਨ੍ਹਾਂ ਦਾ ਨਿਰਮਾਣ 47.23 ਕਰੋੜ ਲਾਗਤ ਨਾਲ ਕੀਤੀ ਜਾਵੇਗਾ। ਅਮਨ ਅਰੋੜਾ ਨੇ ਕਿਹਾ ਕਿ 19.59 ਕਰੋੜ ਰੁਪਏ ਦੀ ਲਾਗਤ ਨਾਲ ਸੁਨਾਮ-ਜਖੇਪਾਲ-ਧਰਮਗੜ੍ਹ ਰੋਡ ਨੂੰ ਅਪਗ੍ਰੇਡ ਕਰਨ ਦਾ ਕੰਮ ਸ਼ੁਰੂ ਕਰਵਾਉਂਦਿਆਂ ਦੱਸਿਆ ਕਿ 20.54 ਕਿਲੋਮੀਟਰ ਲੰਬੀ ਸੜਕ ਨੂੰ ਬਣਾਉਣ ਦਾ ਕੰਮ ਛੇ ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ 23.16 ਕਰੋੜ ਦੀ ਲਾਗਤ ਨਾਲ ਸੁਨਾਮ-ਬਖਸ਼ੀਵਾਲਾ-ਬਰੇਟਾ ਸੜਕ ਦਾ ਨਵੀਨੀਕਰਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੰਤਰੀ ਨੇ ਸੁਨਾਮ ਬਿਗੜਵਾਲ-ਮਰਦਖੇੜਾ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ 4.48 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰਾਜੈਕਟ ਅਗਲੇ ਚਾਰ ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਮੌਕੇ ਐੱਸਡੀਐੱਮ ਪ੍ਰਮੋਦ ਸਿੰਗਲਾ ਅਤੇ ਐੱਸਡੀਓ ਅਨਿਲ ਗਰਗ, ਨਿਸ਼ਾਨ ਸਿੰਘ ਟੋਨੀ ਪ੍ਰਧਾਨ ਨਗਰ ਕੌਂਸਲ, ਮੁਕੇਸ਼ ਜੁਨੇਜਾ ਚੇਅਰਮੈਨ ਮਾਰਕੀਟ ਕਮੇਟੀ, ਜਤਿੰਦਰ ਜੈਨ, ਸਾਹਿਬ ਸਿੰਘ ਤੇ ਹਰਵਿੰਦਰ ਸਿੰਘ ਨਾਮਧਾਰੀ ਵੀ ਹਾਜ਼ਰ ਸਨ।
ਪਟਵਾਰਖਾਨੇ ਦੇ ਨਵੀਨੀਕਰਨ ਦਾ ਨੀਂਹ ਪੱਥਰ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਦੇ ਪਟਵਾਰੀਆਂ ਦੀ ਇਕ ਅਹਿਮ ਮੰਗ ਪੂਰੀ ਕਰਦੇ ਹੋਏ ਪਟਵਾਰਖਾਨੇ ਦੇ ਨਵੀਨੀਕਰਨ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਵੀ ਮੌਜੂਦ ਸਨ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਟਵਾਰਖਾਨੇ ਦੀ ਹਾਲਤ ਤਰਸਯੋਗ ਸੀ ਅਤੇ ਪਟਵਾਰੀਆਂ ਸਮੇਤ ਕੰਮ ਕਾਰ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਇਮਾਰਤ ਦੀ ਖ਼ਸਤਾ ਹਾਲਤ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਨੂੰ ਦੇਖਦਿਆਂ 34.48 ਲੱਖ ਰੁਪਏ ਦੀ ਰਾਸ਼ੀ ਨਾਲ ਇਸ ਪਟਵਾਰਖਾਨੇ ਦਾ ਕਾਇਆਕਲਪ ਕੀਤਾ ਜਾਵੇਗਾ ਜਿਸ ਦੀ ਸ਼ੁਰੁਆਤ ਕਰ ਦਿੱਤੀ ਗਈ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 52 ਸ਼ਹੀਦਾਂ ਦੀ ਧਰਤੀ ਲੌਂਗੋਵਾਲ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 40 ਕਰੋੜ ਰੁਪਏ ਤੋਂ ਵੀ ਵੱਧ ਲਾਗਤ ਨਾਲ ਵੱਡੀ ਗਿਣਤੀ ਵਿੱਚ ਵਿਕਾਸ ਪ੍ਰਾਜੈਕਟ ਮੁਕੰਮਲ ਕਰਵਾਏ ਜਾ ਚੁੱਕੇ ਹਨ।