ਸੁਨਾਮ ਨੂੰ ਨਮੂਨੇ ਦਾ ਸ਼ਹਿਰ ਬਣਾਵਾਂਗੇ: ਅਮਨ ਅਰੋੜਾ
ਬੀਰਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 23 ਅਪਰੈਲ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੀਆਂ ਵੱਖ-ਵੱਖ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ 1.26 ਕਰੋੜ ਦੇ ਚੈੱਕ ਤਕਸੀਮ ਕੀਤੇ। ਇਨ੍ਹਾਂ ਸੰਸਥਾਵਾਂ ਵਿੱਚ ਨਗਰ ਕੌਂਸਲਾਂ, ਪਿੰਡਾਂ ਦੀਆਂ ਪੰਚਾਇਤਾਂ, ਸਮਾਜਸੇਵੀ ਸੰਸਥਾਵਾਂ ਅਤੇ ਕਮੇਟੀਆਂ ਸ਼ਾਮਲ ਹਨ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਸੁਨਾਮ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਦੀ ਸਲਾਹ ਨਾਲ ਵਿਕਾਸ ਪ੍ਰਾਜੈਕਟ ਉਲੀਕੇ ਜਾ ਰਹੇ ਹਨ ਜਿਨ੍ਹਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸੁਨਾਮ ਹਲਕੇ ਨੂੰ ਨਮੂਨੇ ਦਾ ਸ਼ਹਿਰ ਬਣਾਉਂਦੇ ਹੋਏ ਦੇਸ਼ ਦੇ ਮੂਹਰਲੀ ਕਤਾਰ ਦੇ ਸ਼ਹਿਰਾਂ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਮੌਕੇ ਐੱਸਡੀਐੱਮ ਪ੍ਰਮੋਦ ਸਿੰਗਲਾ, ਬੀਡੀਪੀਓ ਸੰਜੀਵ ਕੁਮਾਰ ਤੇ ਗੁਰਦਰਸ਼ਨ ਸਿੰਘ, ਡੀਐੱਸਪੀ ਹਰਵਿੰਦਰ ਸਿੰਘ ਖਹਿਰਾ ਤੇ ਈਓ ਬਾਲਕ੍ਰਿਸ਼ਨ ਆਦਿ ਹਾਜ਼ਰ ਸਨ।
ਵਿਕਾਸ ਕਾਰਜਾਂ ਦਾ ਉਦਘਾਟਨ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਦੇ ਸੱਤ ਸਰਕਾਰੀ ਸਕੂਲਾਂ ਵਿੱਚ ਲਗਪਗ 1.5 ਕਰੋੜ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ ਕੀਤੇ। ਕੈਬਨਿਟ ਮੰਤਰੀ ਨੇ ਅੱਜ ਟਿੱਬੀ ਰਵਿਦਾਸਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ 40.4 ਲੱਖ ਰੁਪਏ ਦੀ ਲਾਗਤ ਨਾਲ ਮੁੜ ‘ਸਕੂਲ ਆਫ ਹੈਪੀਨੈਸ’ ਵਜੋਂ ਵਿਕਸਤ ਕਰਨ ਦੀ ਨੀਂਹ ਰੱਖੀ, ਜਦੋਂ ਕਿ ਸਰਕਾਰੀ ਮਿਡਲ ਸਕੂਲ ਲਖਮੀਰਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਮਾਡਲ ਟਾਊਨ ਸ਼ੇਰੋਂ, ਸਰਕਾਰੀ ਪ੍ਰਾਇਮਰੀ ਸਕੂਲ ਮਾਨਾ ਪੱਤੀ ਚੀਮਾ, ਸਰਕਾਰੀ ਪ੍ਰਾਇਮਰੀ ਸਕੂਲ ਬੱਲੋ ਪੱਤੀ ਚੀਮਾ, ਸਰਕਾਰੀ ਪ੍ਰਾਇਮਰੀ ਤੇ ਸਰਕਾਰੀ ਹਾਈ ਸਕੂਲ ਬਖਸ਼ੀਵਾਲਾ ਵਿੱਚ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਤਿਆਰ ਪ੍ਰਾਜੈਕਟਾਂ ਨੂੰ ਲੋਕਾਂ ਨੂੰ ਸਮਰਪਿਤ ਕੀਤਾ।