ਸੂਬੇਦਾਰ ਹਰਵਿੰਦਰ ਦੀ ਅੰਤਿਮ ਅਰਦਾਸ ’ਚੋਂ ਗ਼ੈਰਹਾਜ਼ਰ ਰਹੇ ਅਧਿਕਾਰੀ
ਸੰਤੋਖ ਗਿੱਲ
ਗੁਰੂਸਰ ਸੁਧਾਰ, 11 ਮਈ
ਸ੍ਰੀਨਗਰ ਦੇ ਬਦਾਮੀ ਬਾਗ਼ ਛਾਉਣੀ ਇਲਾਕੇ ਵਿੱਚ 5 ਮਈ ਦੀ ਅੱਧੀ ਰਾਤ ਪੋਸਟ ਗਾਰਡ ਡਿਊਟੀ ਸਮੇਂ ਉੱਚ ਵੋਲਟੇਜ ਬਿਜਲੀ ਲਾਈਨ ਦੀ ਲਪੇਟ ਵਿੱਚ ਆ ਕੇ ਸ਼ਹੀਦ ਹੋਏ ਡਿਫੈਂਸ ਸਕਿਓਰਿਟੀ ਕੋਰ ਵਿੱਚ ਤਾਇਨਾਤ ਸੂਬੇਦਾਰ ਹਰਵਿੰਦਰ ਸਿੰਘ ਦਾ ਭੋਗ ਅੱਜ ਬਾਅਦ ਦੁਪਹਿਰ ਪਿੰਡ ਐਤੀਆਣਾ ਦੇ ਗੁਰਦੁਆਰਾ ਸਾਹਿਬ ਵਿੱਚ ਪਾਇਆ ਗਿਆ। ਸ਼ਹੀਦ ਹਰਵਿੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਗ਼ੈਰ-ਹਾਜ਼ਰੀ ਉਪਰ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਰੋਸ ਪ੍ਰਗਟਾਇਆ ਹੈ ਅਤੇ ਪਿੰਡ ਵਾਸੀਆਂ ਨੇ ਸੂਬਾ ਸਰਕਾਰ ਵੱਲੋਂ ਡਿਊਟੀ ਸਮੇਂ ਆਪਣੀ ਜਾਨ ਨਿਛਾਵਰ ਕਰਨ ਵਾਲੇ ਸ਼ਹੀਦ ਹਰਵਿੰਦਰ ਸਿੰਘ ਨੂੰ ਵਿਸਾਰ ਦੇਣ ਦਾ ਦੋਸ਼ ਲਾਇਆ ਹੈ। ਸ਼ਹੀਦ ਸੂਬੇਦਾਰ ਹਰਵਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਸ਼ਹੀਦ ਦੇ ਜੱਦੀ ਪਿੰਡ ਵਿੱਚ ਢੁਕਵੀਂ ਯਾਦਗਾਰ ਬਣਾਉਣ, ਹਰਵਿੰਦਰ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ, ਸੂਬਾ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਮੁਆਵਜ਼ਾ ਰਾਸ਼ੀ ਫ਼ੌਰੀ ਅਦਾ ਕਰਨ ਅਤੇ ਸ਼ਹੀਦ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।
ਸ਼ਹੀਦ ਸੂਬੇਦਾਰ ਹਰਵਿੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਅਤੇ ਬਲਾਕ ਪ੍ਰਧਾਨ ਰਮੇਸ਼ ਜੈਨ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਨ। ਲੋਕ ਸਭਾ ਹਲਕਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਡਾਕਟਰ ਅਮਰ ਸਿੰਘ ਦਾ ਸ਼ੋਕ ਸੰਦੇਸ਼ ਲੈ ਕੇ ਪਹੁੰਚੇ ਕਾਂਗਰਸ ਦੇ ਬਲਾਕ ਪ੍ਰਧਾਨ ਜਗਦੀਪ ਸਿੰਘ ਰੱਤੋਵਾਲ ਨੇ ਸ਼ਰਧਾਂਜਲੀ ਭੇਟ ਕੀਤੀ। ਡੈਮੋਕਰੈਟਿਕ ਟੀਚਰਜ਼ ਫ਼ਰੰਟ ਦੇ ਜ਼ਿਲ੍ਹਾ ਸਕੱਤਰ ਹਰਜੀਤ ਸਿੰਘ, ਭਾਕਿਯੂ (ਸਿੱਧੂਪੁਰ) ਦੇ ਆਗੂ ਅਮਰੀਕ ਸਿੰਘ ਹਲਵਾਰਾ, ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ, ਬਾਬਾ ਜੁਗਰਾਜ ਸਿੰਘ ਨਾਨਕਸਰ, ਸਾਬਕਾ ਸਰਪੰਚ ਗੁਰਮੀਤ ਸਿੰਘ ਗਿੱਲ, ਲਖਵੀਰ ਸਿੰਘ ਤੋਂ ਇਲਾਵਾ ਸਰਪੰਚ ਕੁਲਵਿੰਦਰ ਕੌਰ ਅਤੇ ਪੰਚਾਇਤ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਪਿੰਡ ਵਾਸੀ ਅਤੇ ਇਲਾਕਾ ਨਿਵਾਸੀ ਸ਼ਰਧਾਂਜਲੀ ਸਮਾਗਮ ਵਿੱਚ ਮੌਜੂਦ ਸਨ।