ਸੂਬੇ ’ਚ ਚੌਕਸੀ ਵਧਾਈ ਜਾਵੇ: ਵੜਿੰਗ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਮਈ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੂਬੇ ਵਿੱਚ ਵਾਧੂ ਚੌਕਸੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੀ ਰੱਖਿਆ ਦੀ ਪਹਿਲੀ ਕਤਾਰ ਹੈ ਅਤੇ ਦੁਸ਼ਮਣ ਪਾਕਿਸਤਾਨ ਵਿਰੁੱਧ ਇੱਕ ਮੋਹਰੀ ਸੂਬਾ ਹੈ। ਇਸ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਸੁਰੱਖਿਆ ਦੇ ਵਾਧੂ ਪ੍ਰਬੰਧ ਕਰਨੇ ਚਾਹੀਦੇ ਹਨ। ਇਸ ਗੱਲ ਦਾ ਪ੍ਰਗਟਾਵਾ ਸ੍ਰੀ ਵੜਿੰਗ ਨੇ ਇੱਥੇ ਪੰਜਾਬ ਕਾਂਗਰਸ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਹਵਾਈ ਸੈਨਾ ਵੱਲੋਂ ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਬਠਿੰਡਾ ਅਤੇ ਕਪੂਰਥਲਾ ਸਣੇ ਕਈ ਪੰਜਾਬ ਦੇ ਸ਼ਹਿਰਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ, ਪਰ ਪੰਜਾਬ ਦੇ ਲੋਕ ਹਮੇਸ਼ਾ ਵਾਂਗ ਦੇਸ਼ ਦੇ ਦੁਸ਼ਮਣਾਂ ਵਿਰੁੱਧ ਚੱਟਾਨ ਵਾਂਗ ਖੜ੍ਹੇ ਰਹੇ ਹਨ। ਸ੍ਰੀ ਵੜਿੰਗ ਨੇ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਕਾਂਗਰਸ ਪਾਰਟੀ ਸੂਬਾ ਸਰਕਾਰ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਲਈ ਤਿਆਰ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ’ਤੇ ਧਿਆਨ ਨਾ ਦੇਣ। ਉਨ੍ਹਾਂ ਲੋਕਾਂ ਨੂੰ ਸਿਰਫ਼ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ, ਜੋ ਕਿ ਰੇਡੀਓ ਤੇ ਟੈਲੀਵਿਜ਼ਨ ਵਰਗੇ ਪ੍ਰਮਾਣਿਕ ਅਤੇ ਅਧਿਕਾਰਤ ਮੀਡੀਆ ਰਾਹੀਂ ਪ੍ਰਸਾਰਿਤ ਕੀਤੇ ਜਾਂਦੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਦੇਸ਼ ’ਤੇ ਆਉਣ ਵਾਲੇ ਸੰਕਟ ਨਾਲ ਨਜਿੱਠਣ ਲਈ ਪੂਰਾ ਦੇਸ਼ ਇਕਜੁੱਟ ਹੈ, ਜਿਨ੍ਹਾਂ ਵੱਲੋਂ ਰਾਜਨੀਤੀ ਤੋਂ ਉਪਰ ਉੱਠ ਕੇ ਦੇਸ਼ ਦੀ ਰੱਖਿਆ ਲਈ ਸਟੈਂਡ ਲਿਆ ਜਾਵੇਗਾ।