ਸੂਬੇ ਦੀ ਅਮਨ-ਸ਼ਾਂਤੀ ਲਈ 80 ਹਜ਼ਾਰ ਪੁਲੀਸ ਮੁਲਾਜ਼ਮ ਦੇ ਰਹੇ ਨੇ ਡਿਊਟੀ: ਮਾਨ
ਹਤਿੰਦਰ ਮਹਿਤਾ
ਜਲੰਧਰ, 30 ਨਵੰਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਪੁਲੀਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲੀਸ ਵੱਲੋਂ ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (ਪੀਐੱਫਟੀਏਏ) ਦੇ ਸਹਿਯੋਗ ਨਾਲ ਕਰਵਾਏ ਗਏ ਪਹਿਲੇ ਸੱਭਿਆਚਾਰਕ ਸਮਾਗਮ ‘ਗੁਲਦਸਤਾ-2023’ ਦਾ ਉਦਘਾਟਨ ਕੀਤਾ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪਹਿਲਕਦਮੀ ਦਾ ਉਦੇਸ਼ ਪੰਜਾਬ ਪੁਲੀਸ ਦੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਦੇ ਜਵਾਨ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਕਰਦੇ ਹਨ ਤੇ ਇਹ ਸਮਾਗਮ ਇਨ੍ਹਾਂ ਬਹਾਦਰ ਜਵਾਨਾਂ ਦੇ ਪਰਿਵਾਰਾਂ ਨੂੰ ਸਮਰਪਿਤ ਹੈ। ਮੁੱਖ ਮੰਤਰੀ ਨੇ ਪੀਏਪੀ ਗਰਾਊਂਡ ਵਿੱਚ ਕਰਵਾਏ ਇਸ ਸਮਾਗਮ ਵਾਸਤੇ ਸਹਿਯੋਗ ਦੇਣ ਲਈ ਪੀਐੱਫਟੀਏਏ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੁਲੀਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਕਾਫ਼ੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ ਕਿਉਂਕਿ ਡਿਊਟੀ ਕਾਰਨ ਮੁਲਾਜ਼ਮ ਆਪਣੇ ਪਰਿਵਾਰਾਂ ਨੂੰ ਜ਼ਿਆਦਾ ਸਮਾਂ ਨਹੀਂ ਦੇ ਸਕਦੇ। ਸ੍ਰੀ ਮਾਨ ਨੇ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਪੁਲੀਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇਕੱਠੇ ਮਿਲ ਕੇ ਬੈਠਣ ਅਤੇ ਸਮਾਗਮ ਦਾ ਆਨੰਦ ਮਾਨਣ ਦਾ ਮੌਕਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਹ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬੇ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਾਸਤੇ 80 ਹਜ਼ਾਰ ਪੁਲੀਸ ਮੁਲਾਜ਼ਮ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪੁਲੀਸ ਫੋਰਸ ਦੇ ਨਵੀਨੀਕਰਨ ਤੋਂ ਵਿਗਿਆਨਕ ਲੀਹਾਂ ’ਤੇ ਆਧੁਨਿਕੀਕਰਨ ਕਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਪੁਲੀਸ ਬਲ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਿਲਾ ਸ਼ਕਤੀਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ 1450 ਹੋਰ ਪੁਲੀਸ ਮੁਲਾਜ਼ਮਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਮੌਕੇ ਮੁੱਖ ਮੰਤਰੀ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲੀਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਐਕਸ ਗ੍ਰੇਸ਼ੀਆ ਦੇ ਚੈੱਕ ਸੌਂਪੇ। ਉਨ੍ਹਾਂ ਪੀਐੱਫਟੀਏਏ ਦੇ ਮੈਂਬਰਾਂ ਦਾ ਸਨਮਾਨ ਕੀਤਾ ਅਤੇ ਏਡੀਜੀਪੀ ਐੱਮ.ਐੱਫ. ਫਾਰੂਕੀ ਵੱਲੋਂ ਲਿਖਿਆ ਅਤੇ ਮਾਸਟਰ ਸਲੀਮ ਵੱਲੋਂ ਗਾਇਆ ਗੀਤ ‘ਅਰਦਾਸ’ ਜਾਰੀ ਕੀਤਾ।