ਸੂਬੇ ਵਿੱਚ 136 ਲੱਖ ਟਨ ਕਣਕ ਆਉਣ ਦੀ ਸੰਭਾਵਨਾ: ਬਰਸਟ
ਪਟਿਆਲਾ, 10 ਅਪਰੈਲ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੱਜ ਪਟਿਆਲਾ ਦੀ ਨਵੀਂ ਅਨਾਜ ਮੰਡੀ ਦਾ ਦੌਰਾ ਕਰਦਿਆਂ ਇਥੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਕਣਕ ਦੀ ਖਰੀਦ ਮੌਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ ਤੇ ਸਰਕਾਰ ਫ਼ਸਲ ਦਾ ਇੱਕ ਇੱਕ ਦਾਣਾ ਖਰੀਦਣ ਲਈ ਤਿਆਰ ਹੈ ਅਤੇ ਖਰੀਦੀ ਕਣਕ ਦੀ ਨਾਲੋ ਨਾਲ ਅਦਾਇਗੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸਫ਼ਾਈ, ਪੀਣ ਵਾਲੇ ਪਾਣੀ ਤੇ ਬੈਠਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਸ੍ਰੀ ਬਰਸਟ ਦਾ ਕਹਿਣਾ ਸੀ ਕਿ ਐਤਕੀਂ ਪੰਜਾਬ ਭਰ ਦੀਆਂ ਮੰਡੀਆਂ ’ਚ 136 ਲੱਖ ਟਨ ਕਣਕ ਆਉਣ ਦੀ ਸੰਭਾਵਨਾ ਹੈ। ਇਸ ਲਈ ਬੰਪਰ ਫ਼ਸਲ ਦੇ ਮੱਦੇਨਜ਼ਰ ਸੂਬੇ ’ਚ 1864 ਪੱਕੀਆਂ ਮੰਡੀਆਂ ਤੋਂ ਇਲਾਵਾ ਆਰਜ਼ੀ ਮੰਡੀਆਂ ਵੀ ਬਣਾਈਆਂ ਗਈਆਂ ਹਨ ਜਿਥੇ ਕਣਕ ਦੀ ਖਰੀਦ ਅਤੇ ਲਿਫ਼ਟਿੰਗ ਦੇ ਪੁਖ਼ਤਾ ਪ੍ਰਬੰਧ ਹਨ।
ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਸਥਾਪਤ 109 ਮੰਡੀਆਂ ਵਿੱਚੋਂ ਹੁਣ ਤੱਕ 28 ਵਿੱਚ ਕਣਕ ਦੀ ਆਮਦ ਸ਼ੁਰੂ ਹੋਈ ਹੈ ਤੇ 10 ਅਪਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 3578 ਟਨ ਕਣਕ ਪੁੱਜੀ ਹੈ। ਪਟਿਆਲਾ ਜ਼ਿਲ੍ਹੇ ਵਿੱਚ ਸਾਢੇ 9 ਲੱਖ ਟਨ ਕਣਕ ਆਉਣ ਦੀ ਉਮੀਦ ਹੈ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸਤਵਿੰਦਰ ਸੈਣੀ, ਨਰੇਸ਼ ਕੁਮਾਰ, ਪਰਗਟ ਸਿੰਘ, ਖਰਦਮਨ ਰਾਏ, ਹਰਦੇਵ ਸਿੰਘ, ਸਕੱਤਰ ਅਸ਼ਵਨੀ ਮਹਿਤਾ ਤੇ ਹੋਰ ਮੌਜੂਦ ਸਨ।