ਸੂਰ ਪਾਲਣ ਸਿਖਲਾਈ ਪ੍ਰੋਗਰਾਮ ਸਮਾਪਤ
ਲੁਧਿਆਣਾ, 1 ਮਈ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿੱਓ ਪੰਜ ਦਿਨਾ ਸੂਰ ਪਾਲਣ ਸਿਖਲਾਈ ਪ੍ਰੋਗਰਾਮ ਸਮਾਪਤ ਹੋ ਗਿਆ। ਇਸ ਸਮਾਗਮ ਵਿੱਚ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ 40 ਸਿਖਿਆਰਥੀਆਂ ਨੇ ਭਾਗ ਲਿਆ।
ਨਿਰਦੇਸ਼ਕ ਪਸਾਰ ਸਿੱਖਿਆ ਡਾ. ਰਵਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸੂਰ ਪਾਲਣ ਕਿੱਤਾ ਆਪਣੇ ਤੇਜ਼ ਵਿਕਾਸ ਅਤੇ ਮੁਨਾਫ਼ੇ ਦੇ ਕਾਰਨ ਕਿਸਾਨਾਂ ਵਿੱਚ ਕਾਫ਼ੀ ਹਰਮਨ ਪਿਆਰਾ ਹੋ ਗਿਆ ਹੈ ਅਤੇ ਯੂਨੀਵਰਸਿਟੀ, ਵਿਗਿਆਨਕ ਅਧਾਰ ’ਤੇ ਸੂਰ ਪਾਲਣੇ ਸ਼ੁਰੂ ਕਰਨ ਲਈ ਲੋੜੀਂਦੀ ਸਾਰੀ ਜਾਣਕਾਰੀ ਅਤੇ ਮਾਰਗਦਰਸ਼ਨ ਦੇ ਰਹੀ ਹੈ।
ਕੋਰਸ ਨਿਰਦੇਸ਼ਕ ਅਤੇ ਮੁਖੀ, ਵੈਟਰਨਰੀ ਪਸਾਰ ਸਿੱਖਿਆ ਵਿਭਾਗ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਸਿਖਲਾਈ ਵਿੱਚ ਸਿਧਾਂਤਕ ਅਤੇ ਵਿਹਾਰਕ ਸੈਸ਼ਨਾਂ ਦਾ ਮਿਸ਼ਰਣ ਸ਼ਾਮਲ ਸੀ, ਜਿਸ ਰਾਹੀਂ ਸਿੱਖਿਆਰਥੀਆਂ ਨੂੰ ਸੂਰ ਪਾਲਣ ਵਿੱਚ ਵਿਗਿਆਨਕ ਗਿਆਨ ਅਤੇ ਵਿਹਾਰਕ ਹੁਨਰ ਨਾਲ ਜੋੜਿਆ ਗਿਆ। ਵਧੀਕ ਨਿਰਦੇਸ਼ਕ, ਪਸਾਰ ਸਿੱਖਿਆ ਡਾ. ਪਰਮਿੰਦਰ ਸਿੰਘ ਨੇ ਸਮਾਪਤੀ ਸੈਸ਼ਨ ਦੀ ਪ੍ਰਧਾਨਗੀ ਕੀਤੀ ਅਤੇ ਸਿੱਖਿਆਰਥੀਆਂ ਦੀ ਸਰਗਰਮ ਸ਼ਮੂਲੀਅਤ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾ. ਰਾਜੇਸ਼ ਕਸਰੀਜਾ ਅਤੇ ਡਾ. ਅਕਸ਼ਿਤਾ ਚੱਢਾ ਨੇ ਯੋਗਦਾਨ ਪਾਇਆ। ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਡੇਅਰੀ ਫਾਰਮਿੰਗ ਸਬੰਧੀ ਦੋ ਹਫ਼ਤਿਆਂ ਦਾ ਸਿਖਲਾਈ ਪ੍ਰੋਗਰਾਮ ਸ਼ੁਰੂ ਕਰਨ ਜਾ ਰਹੀ ਹੈ, ਦਿਲਚਸਪੀ ਰੱਖਣ ਵਾਲੇ ਲੋਕ ਯੂਨੀਵਰਸਿਟੀ ਦੇ ਲੁਧਿਆਣਾ ਕੈਂਪਸ ਵਿੱਚ ਇਸ ਵਿੱਚ ਸ਼ਾਮਲ ਹੋ ਸਕਦੇ ਹਨ।