ਸੇਵਾ ਮੁਕਤ ਪੁਲੀਸ ਅਧਿਕਾਰੀਆਂ ਵੱਲੋਂ ਪੰਜਾਬ ਬੰਦ ਦੀ ਹਮਾਇਤ
ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 29 ਦਸੰਬਰ
ਇਥੇ ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫੇਅਰ ਅਸੋਸੀਏਸ਼ਨ ਅੰਮ੍ਰਿਤਸਰ ਵੱਲੋਂ ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ 2024 ਨੂੰ ਦਿੱਤੇ ਗਏ ਪੰਜਾਬ ਬੰਦ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਸੇਵਾਮੁਕਤ ਪੁਲੀਸ ਅਫਸਰ ਅਮਰੀਕ ਸਿੰਘ ਨੇ ਦੱਸਿਆ ਹੈ ਕਿ ਕਿਸਾਨਾਂ ਵੱਲੋਂ ਆਪਣੀਆਂ ਮੰਨੀਆਂ ਮੰਗਾਂ ਮੰਨਵਾਉਣ ਲਈ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਧਰਨੇ ਜਾਰੀ ਹਨ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਭੁੱਖ ਹੜਤਾਲ ’ਤੇ ਬੈਠੇ ਹਨ। ਇਹ ਕੋਈ ਸਿਆਸੀ ਮਸਲਾ ਨਹੀਂ ਹੈ। ਉਨ੍ਹਾਂ ਦੀ ਜਥੇਬੰਦੀ ਵੱਲੋਂ ਇਨਸਾਨੀਅਨ ਦੇ ਤੌਰ ’ਤੇ ਪੰਜਾਬ ਬੰਦ ਦੀ ਹਮਾਇਤ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਸੰਸਥਾ ਦੇ ਅਹੁਦੇਦਾਰ ਗੁਰੂ ਨਗਰੀ ਦੇ ਪ੍ਰਵੇਸ਼ ਦੁਆਰ ਗੋਲਡਨ ਗੇਟ ’ਤੇ ਅੰਨਦਾਤਾ ਦੇ ਹੱਕ ਵਿੱਚ ਖੜੇ ਹੋਣਗੇ ਅਤੇ ਕਿਸਾਨਾਂ ਨੂੰ ਹਮਾਇਤ ਬਾਰੇ ਪੱਤਰ ਸੌਂਪਣਗੇ। ਉਨ੍ਹਾਂ ਨੇ ਜਥੇਬੰਦੀ ਦੇ ਅਹੁਦੇਦਾਰਾਂ ਨੂੰ ਗੋਲਡਨ ਗੇਟ ਪਹੁੰਚਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸੇਵਾਮੁਕਤ ਪੁਲੀਸ ਅਧਿਕਾਰੀ ਅਮਰਜੀਤ ਸਿੰਘ, ਗੁਲਵਿੰਦਰ ਸਿੰਘ, ਜਸਬੀਰ ਸਿੰਘ ਆਦਿ ਵੀ ਮੌਜੂਦ ਸਨ।