ਸੇਵਾ ਮੁਕਤ ਬਿਜਲੀ ਮੁਲਾਜ਼ਮਾਂ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ
ਦੋਰਾਹਾ, 10 ਜਨਵਰੀ
ਇਥੋਂ ਦੇ ਵਿਸ਼ਵਕਰਮਾ ਮੰਦਰ ਵਿੱਚ ਬਿਜਲੀ ਬੋਰਡ ਨਾਲ ਸਬੰਧਤ ਪੈਨਸ਼ਨਰ ਐਸੋਸ਼ੀਏਸ਼ਨ ਦੇ ਮੈਬਰਾਂ ਦੀ ਇੱਕਤਰਤਾ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਆਪਣੀਆਂ ਹੱਕੀ ਮੰਗਾਂ ਪੂਰੀਆਂ ਕਰਵਾਉਣ ਲਈ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੇ ਅਪਣਾਏ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਨੌਜਵਾਨ ਵਿਰੋਧੀ ਰਵੱਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਇਸ ਮੌਕੇ ਕ੍ਰਿਸ਼ਨ ਕੁਮਾਰ ਅਤੇ ਹਰਬੰਸ ਸਿੰਘ ਦੋਬੁਰਜੀ ਨੇ ਕਿਹਾ ਕਿ ‘ਆਪ’ ਸਰਕਾਰ ਸਿਰਫ਼ ਝੂਠ ਦਾ ਸਹਾਰਾ ਲੈ ਕੇ ਸੱਤਾ ਵਿੱਚ ਆਈ ਹੈ ਤੇ ਹੁਣ ਤੱਕ ਇੱਕ ਵੀ ਵਾਅਦਾ ਸਰਕਾਰ ਨੇ ਪੂਰਾ ਨਹੀਂ ਕੀਤਾ ਜਿਸ ਕਾਰਨ ਅੱਜ ਹਰ ਵਰਗ ਆਪਣੀਆਂ ਮੰਗਾਂ ਸਬੰਧੀ ਸੜਕਾਂ ’ਤੇ ਰੁਲਣ ਲਈ ਮਜਬੂਰ ਹੋ ਰਿਹਾ ਹੈ।
ਇਸ ਮੌਕੇ ਹਰਚਰਨ ਸਿੰਘ ਗਰੇਵਾਲ, ਰਾਮ ਕ੍ਰਿਸ਼ਨ ਤੇ ਭਗਵੰਤ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਹੱਕੀਂ ਮੰਗਾਂ ਜਲਦ ਤੋਂ ਜਲਦ ਲਾਗੂ ਨਾ ਹੋਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਸਰਕਾਰ ਸਿਰ ਹੋਵੇਗੀ। ਇਕ ਮਤੇ ਰਾਹੀਂ ਹੱਕ ਮੰਗਦੇ ਵੱਖ ਵੱਖ ਤਬਕਿਆਂ ਕਿਸਾਨਾਂ, ਮਜ਼ਦੂਰਾਂ, ਬੇਰੁਜ਼ਗਾਰ ਨੌਜਵਾਨਾਂ ਅਤੇ ਵਿਦਿਆਰਥੀਆਂ ਤੇ ਕੀਤੇ ਜਾ ਰਹੇ ਜਬਰ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਹਰ ਵਰਗ ਨੂੰ ਇਕ ਮੰਚ ’ਤੇ ਇੱਕਠੇ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ।