ਸੋਹਾਣਾ ਜਿਮ ਹਾਦਸਾ: ਮੁਹਾਲੀ ਪੁਲੀਸ ਵੱਲੋਂ ਦੋਵੇਂ ਮੁਲਜ਼ਮ ਗ੍ਰਿਫ਼ਤਾਰ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 23 ਦਸੰਬਰ
ਇੱਥੇ ਪਿੰਡ ਸੋਹਾਣਾ ਵਿੱਚ ਪਿਛਲੇ ਦਿਨੀਂ ਬਹੁਮੰਜ਼ਿਲਾ ਇਮਾਰਤ ਢਹਿ-ਢੇਰੀ ਹੋਣ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਨੇ ਬਿਲਡਿੰਗ ਦੇ ਮਾਲਕਾਂ ਪਰਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਵਾਸੀ ਪਿੰਡ ਚਾਊਮਾਜਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਹਾਦਸੇ ਵਿੱਚ ਮਲਬੇ ਹੇਠ ਦੱਬ ਕੇ ਦ੍ਰਿਸ਼ਟੀ ਵਰਮਾ (20) ਵਾਸੀ ਸ਼ਿਮਲਾ ਅਤੇ ਅਭਿਸ਼ੇਕ ਕੁਮਾਰ (30) ਵਾਸੀ ਅੰਬਾਲਾ ਦੀ ਮੌਤ ਹੋ ਗਈ ਸੀ।
ਅੱਜ ਇੱਥੇ ਮੁਹਾਲੀ ਦੇ ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮ ਪਰਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ ਪੰਜ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਠੇਕੇਦਾਰ ਸੁਰੇਸ਼ ਕੁਮਾਰ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਉਸ ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਮੈਜਿਸਟਰੇਟ ਜਾਂਚ ਦੇ ਹੁਕਮ ਦਿੱਤੇ ਗਏ ਹਨ। ਐੱਸਡੀਐੱਮ ਦਮਨਦੀਪ ਕੌਰ ਨੂੰ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਉਨ੍ਹਾਂ ਨੂੰ ਤਿੰਨ ਹਫ਼ਤਿਆਂ ਵਿੱਚ ਜਾਂਚ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਐੱਸਡੀਐੱਮ ਨੇ ਵੱਖ-ਵੱਖ ਪਹਿਲੂਆਂ ’ਤੇ ਜਾਂਚ ਆਰੰਭ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਸਨਿੱਚਰਵਾਰ ਸ਼ਾਮ ਨੂੰ ਪਿੰਡ ਸੋਹਾਣਾ ਵਿੱਚ ਰੌਇਲ ਜਿਮ ਦੀ ਬਹੁਮੰਜ਼ਿਲਾ ਇਮਾਰਤ ਡਿੱਗ ਗਈ ਸੀ। ਬੇਸਮੈਂਟ ਸਮੇਤ ਤਿੰਨ ਮੰਜ਼ਲਾਂ ਵਿੱਚ ਜਿਮ ਚੱਲਦਾ ਸੀ, ਉੱਪਰਲੀ ਮੰਜ਼ਿਲ ’ਤੇ ਇੱਕ ਟਿਊਸ਼ਨ ਸੈਂਟਰ ਅਤੇ ਇੱਕ ਮੰਜ਼ਿਲ ਪੀਜੀ ਲਈ ਵਰਤੀ ਜਾਂਦੀ ਸੀ। ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੁਹਾਲੀ ਵਿੱਚ ਅਜਿਹੀਆਂ ਕਈ ਬਹੁਮੰਜ਼ਿਲਾ ਇਮਾਰਤਾਂ ਹਨ ਜਿਨ੍ਹਾਂ ਦੇ ਮਾਲਕਾਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾਣ ਦੀ ਲੋੜ ਹੈ।