ਸੌਂਦ ਵੱਲੋਂ ਨਸਰਾਲੀ, ਰੋਹਣੋ ਕਲਾਂ ਤੇ ਜਲਾਜਣ ’ਚ ਮੀਟਿੰਗਾਂ
ਦੇਵਿੰਦਰ ਸਿੰਘ ਜੱਗੀ
ਪਾਇਲ, 20 ਮਈ
ਸੂਬੇ ਅੰਦਰ ਨਸ਼ਿਆਂ ਦੇ ਜੜ੍ਹੋਂ ਖਾਤਮੇ ਲਈ ਪਿੰਡਾਂ ਅਤੇ ਵਾਰਡਾਂ ਵਿੱਚ ਵਿਲੱਖਣ ਸ਼ੁਰੂਆਤ ਕੀਤੀ ਗਈ ਹੈ, ਜੋ ਸਹੀ ਮਾਇਨਿਆਂ ਵਿੱਚ ਯੋਧਿਆਂ ਦੀ ਫੌਜ ਹੈ। ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ, ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਈ ਜਾ ਰਹੀ ਹੈ, ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਇਹ ਗੱਲਾਂ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਨਸਰਾਲੀ, ਜਲਾਜਣ ਅਤੇ ਰੋਹਣੋ ਕਲਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆ ਕਹੀਆਂ।
ਉਹਨਾ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਘਿਨਾਉਣੇ ਜੁਰਮ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਧੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਗੈਰ-ਕਾਨੂੰਨੀ ਤਰੀਕਿਆਂ ਨਾਲ ਬਣਾਈਆਂ ਜਾਇਦਾਦਾਂ ਨੂੰ ਸੂਬਾ ਸਰਕਾਰ ਨੇ ਪਹਿਲੀ ਦਫ਼ਾ ਢਾਹਿਆ ਜਾਂ ਜ਼ਬਤ ਕੀਤਾ ਹੈ ਤਾਂ ਕਿ ਇਹ ਹੋਰਨਾਂ ਨੂੰ ਸਬਕ ਮਿਲ ਸਕੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਘਰ ਦਾ ਕੋਈ ਵੀ ਮੈਂਬਰ ਨਸ਼ਿਆਂ ਦੀ ਦਲਦਲ ਵਿੱਚ ਫਸ ਗਿਆ ਹੈ ਤਾਂ ਉਸ ਨੂੰ ਸਰਕਾਰੀ ਨਸ਼ਾ ਛੁਡਾਉ ਕੇਂਦਰ ਵਿਖੇ ਲਿਆਂਦਾ ਜਾਵੇ ਅਤੇ ਉਨ੍ਹਾਂ ਨੂੰ ਮੁੜ ਤੋਂ ਸਿਹਤਮੰਦ ਜੀਵਨ ਜਿਊਣ ਦਾ ਮੌਕਾ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਜ਼ਿਲ੍ਹਾ ਪ੍ਰਸ਼ਾਸਨ, ਪੁਲੀਸ ਪ੍ਰਸ਼ਾਸਨ ਅਤੇ ਪਬਲਿਕ ਮਿਲਕੇ ਕੰਮ ਕਰਨ ਨਾਲ ਹੀ ਇਹ ਨਸ਼ਿਆਂ ਵਿਰੁੱਧ ਯੁੱਧ ਜਿੱਤਿਆ ਜਾ ਸਕਦਾ ਹੈ। ਸਮਾਜ ਦੇ ਹਰੇਕ ਵਿਅਕਤੀ ਦੀ ਭਾਗੀਦਾਰੀ ਨਾਲ ਹੀ ਭਵਿੱਖ ਵਿੱਚ ਅਸੀ ਨਸ਼ਿਆਂ ਤੋਂ ਮੁਕਤ ਪੰਜਾਬ ਦੀ ਸਥਾਪਨਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਵਟਸਐਪ ਹੈਲਪਲਾਈਨ ਨੰਬਰ 97791-00200 ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਜਾਣਕਾਰੀ ਦੇਣ ਵਾਲੇ ਦਾ ਫੋਨ ਗੁਪਤ ਰੱਖਿਆ ਜਾਵੇਗਾ। ਇਸ ਸਮੇ ਚੇਅਰਮੈਨ ਜਗਤਾਰ ਸਿੰਘ, ਰਤਨਹੇੜੀ, ਪ੍ਰਧਾਨ ਅਵਤਾਰ ਸਿੰਘ ਦਹਿੜੂ, ਨੰਬਰਦਾਰ ਹਾਕਮ ਸਿੰਘ ਨਸਰਾਲੀ, ਮਲਾਗਰ ਖਾਨ, ਪ੍ਰਧਾਨ ਸੁਰਿੰਦਰ ਸਿੰਘ ਬੀਜਾਪੁਰ ਕੋਠੇ, ਸਰਪੰਚ ਜਤਿੰਦਰਜੋਤ ਸਿੰਘ ਜੋਤੀ, ਥਾਣੇਦਾਰ ਅਮਰੀਕ ਸਿੰਘ ਵੀ ਹਾਜ਼ਰ ਸਨ।