ਸੜਕ ਜਾਮ ਮਾਮਲੇ ’ਚ ਅਕਾਲੀ ਆਗੂ ਖ਼ਿਲਾਫ਼ ਕੇਸ ਦਰਜ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 30 ਨਵੰਬਰ
ਇਨਸਾਫ਼ ਪ੍ਰਾਪਤੀ ਤੇ ਨੌਜਵਾਨਾਂ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਲਈ ਮੁਹਾਲੀ ਏਅਰਪੋਰਟ ਸੜਕ ’ਤੇ ਧਰਨਾ ਲਗਾਉਣ ਦੇ ਦੋਸ਼ ਹੇਠ ਮੁਹਾਲੀ ਪੁਲੀਸ ਨੇ ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਵਿਰੁੱਧ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਬੀਤੀ 13 ਨਵੰਬਰ ਨੂੰ ਇੱਥੋਂ ਦੇ ਸੈਕਟਰ-68 (ਪਿੰਡ ਕੁੰਭੜਾ) ਵਿੱਚ ਪਰਵਾਸੀਆਂ ਵੱਲੋਂ ਦੋ ਪੰਜਾਬੀ ਨੌਜਵਾਨਾਂ ਦਾ ਕਤਲ ਕਰ ਦਿੱਤਾ ਗਿਆ ਸੀ। ਘਟਨਾ ਮਗਰੋਂ ਸਾਰੇ ਹਮਲਾਵਰ ਫ਼ਰਾਰ ਹੋ ਗਏ ਸਨ। ਇਸ ਮਾਮਲੇ ਵਿੱਚ ਨੌਜਵਾਨ ਦੀ ਲਾਸ਼ ਏਅਰਪੋਰਟ ਸੜਕ ’ਤੇ ਰੱਖ ਕੇ ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਚੱਕਾ ਜਾਮ ਕਰ ਕੇ ਸਰਕਾਰ ਅਤੇ ਪੁਲੀਸ ਖ਼ਿਲਾਫ਼ ਪ੍ਰਦਰਸ਼ਨ ਕੀਤਾ ਸੀ। ਧਰਨੇ ਕਾਰਨ ਤਿੰਨ ਦਿਨ ਏਅਰਪੋਰਟ ਸੜਕ ’ਤੇ ਆਵਾਜਾਈ ਪ੍ਰਭਾਵਿਤ ਰਹੀ ਸੀ।
ਪੁਲੀਸ ਅਨੁਸਾਰ ਏਅਰਪੋਰਟ ਸੜਕ ਦੇ ਵਿਚਕਾਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਸੋਹਾਣਾ ਅਤੇ ਮਨਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਕੁੰਭੜਾ ਪ੍ਰਧਾਨ ਰੇਹੜੀ-ਫੜੀ ਯੂਨੀਅਨ ਸਣੇ ਹੋਰ ਅਣਪਛਾਤੇ ਨੇ ਪਿੰਡ ਕੁੰਭੜਾ ਵਿੱਚ ਲੋਕਾਂ ਨੂੰ ਗੁੰਮਰਾਹ ਕਰ ਕੇ ਮੁੱਖ ਸੜਕ ’ਤੇ ਲਿਆ ਕੇ ਆਵਾਜਾਈ ਵਿੱਚ ਵਿਘਨ ਪਾਇਆ ਹੈ।
ਧੱਕੇਸ਼ਾਹੀ ਤੋਂ ਡਰਨ ਵਾਲਾ ਨਹੀਂ: ਸੋਹਾਣਾ
ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਉਹ ਪੁਲੀਸ ਦੀ ਧੱਕੇਸ਼ਾਹੀ ਤੋਂ ਡਰ ਕੇ ਘਰ ਬੈਠਣ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਇਨਸਾਫ਼ ਲਈ ਧਰਨਾ ਦੇਣਾ ਕੋਈ ਜੁਰਮ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇ ਪੁਲੀਸ ਮੌਕੇ ’ਤੇ ਹੀ ਹਮਲਾਵਰਾਂ ਨੂੰ ਫੜ ਕੇ ਹਵਾਲਾਤ ਵਿੱਚ ਬੰਦ ਕਰ ਦਿੰਦੀ ਤਾਂ ਲੋਕਾਂ ਨੂੰ ਸੜਕ ’ਤੇ ਚੱਕਾ ਜਾਮ ਕਰਨ ਦੀ ਲੋੜ ਨਾ ਪੈਂਦੀ। ਉਨ੍ਹਾਂ ਕਿਹਾ ਕਿ ਸੋਹਾਣਾ ਸਮਾਗਮ ਤੋਂ ਬਾਅਦ ਪੁਲੀਸ ਦੀ ਇਸ ਧੱਕੇਸ਼ਾਹੀ ਖ਼ਿਲਾਫ਼ ਅਕਾਲੀ ਦਲ ਦੀ ਮੀਟਿੰਗ ਸੱਦ ਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ।Advertisement