ਸੜਕ ਹਾਦਸੇ ’ਚ ਦਾਦੇ ਦੀ ਮੌਤ, ਪੋਤੀ ਜ਼ਖ਼ਮੀ
05:51 AM May 18, 2025 IST
ਨਿੱਜੀ ਪੱਤਰ ਪ੍ਰੇਰਕ
ਮਹਿਲ ਕਲਾਂ, 17 ਮਈ
ਮਹਿਲ ਕਲਾਂ ਵਿਚ ਦੇਰ ਸ਼ਾਮ ਹੋਏ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਜਦਕਿ ਉਸ ਦੀ ਪੋਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਜਾਣਕਾਰੀ ਅਨੁਸਾਰ ਮਨਜੀਤ ਸਿੰਘ (65) ਵਾਸੀ ਪਿੰਡ ਕੁਰੜ ਆਪਣੀ ਪੋਤੀ ਨੂੰ ਮਹਿਲ ਕਲਾਂ ਤੋਂ ਲੈ ਕੇ ਮੋਟਰਸਾਈਕਲ ਰਾਹੀਂ ਘਰ ਵਾਪਸ ਜਾ ਰਿਹਾ ਸੀ। ਜਦੋਂ ਉਹ ਲੁਧਿਆਣਾ-ਬਰਨਾਲਾ ਮੁੱਖ ਮਾਰਗ ਤੋਂ ਕਸਬਾ ਮਹਿਲ ਕਲਾਂ ਤੋਂ ਮਹਿਲ ਖ਼ੁਰਦ ਨੂੰ ਜਾਂਦੀ ਲਿੰਕ ਸੜਕ ’ਤੇ ਸਥਿਤ ਗੇਟ ਦੇ ਨੇੜੇ ਪਹੁੰਚੇ ਤਾਂ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਕਾਰਨ ਮਨਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਪੋਤੀ ਰਵਨੀਤ ਕੌਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਜਾਣ ’ਤੇ ਉਸ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਲੜਕੀ ਦੀ ਜ਼ਿਆਦਾ ਹਾਲਤ ਖ਼ਰਾਬ ਨੂੰ ਦੇਖਦਿਆਂ ਡਾਕਟਰਾਂ ਵੱਲੋਂ ਉਸ ਨੂੰ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕੀਤਾ ਗਿਆ।
Advertisement
Advertisement