ਸੰਗਰੂਰ: ਟਾਪਰ ਵਿਦਿਆਰਥਣਾਂ ਨੇ ਡੀਸੀ ਨਾਲ ਪੂਰਾ ਦਿਨ ਬਿਤਾਇਆ
ਸੰਗਰੂਰ, 28 ਮਈ
ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ ‘ਇੱਕ ਦਿਨ ਡੀਸੀ ਦੇ ਨਾਲ’ ਪ੍ਰੋਗਰਾਮ ਤਹਿਤ ਜ਼ਿਲ੍ਹਾ ਸੰਗਰੂਰ ਦੀਆਂ ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਵਿੱਚੋਂ ਮੋਹਰੀ ਸਥਾਨ ਹਾਸਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ ਨੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨਾਲ ਇੱਕ ਦਿਨ ਬਿਤਾਇਆ। ਜਾਣਕਾਰੀ ਮੁਤਾਬਕ ਸਵੇਰੇ 7:30 ਵਜੇ ਵਿਦਿਆਰਥਣਾਂ ਡਿਪਟੀ ਕਮਿਸ਼ਨਰ ਰਿਹਾਇਸ਼ ’ਤੇ ਪਹੁੰਚੀਆਂ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਵਿਦਿਆਰਥਣਾਂ ਨਾਲ ਜਾਣ-ਪਛਾਣ ਸੈਸ਼ਨ ਵਿੱਚ ਹਿੱਸਾ ਲਿਆ ਅਤੇ ਆਪਣੀ ਰੋਜ਼ਾਨਾ ਅਨੁਸ਼ਾਸਿਤ ਜੀਵਨ ਸ਼ੈਲੀ ਬਾਰੇ ਦੱਸਿਆ। ਇਸ ਮੌਕੇ ਉਨ੍ਹਾਂ ਆਪਣਾ ਸਰਕਾਰੀ ਘਰ ਖ਼ੁਦ ਦਿਖਾਇਆ। ਸਵੇਰੇ 9 ਵਜੇ ਤੋਂ ਬਾਅਦ ਵਿਦਿਆਰਥਣਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਦੌਰਾ ਕਰਵਾਇਆ ਗਿਆ। ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਦੇ ਕੰਮਕਾਜ, ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ ਅਤੇ ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਨੂੰ ਪ੍ਰਤੱਖ ਤੌਰ ’ਤੇ ਦੇਖਣ ਦਾ ਮੌਕਾ ਮਿਲਿਆ। ਇਸ ਤੋਂ ਇਲਾਵਾ ਵਿਦਿਆਰਥਣਾਂ ਨੂੰ ਮੀਟਿੰਗਾਂ ਵਿੱਚ ਵੀ ਹਿੱਸਾ ਦਿਵਾਇਆ ਗਿਆ ਜਿਸ ਤੋਂ ਬਾਅਦ ਉਨ੍ਹਾਂ ਡੀਸੀ ਸੰਦੀਪ ਰਿਸ਼ੀ, ਏਡੀਸੀ ਅਮਿਤ ਬੈਂਬੀ ਅਤੇ ਸਹਾਇਕ ਕਮਿਸ਼ਨਰ (ਜ) ਸ੍ਰ ਲਵਪ੍ਰੀਤ ਸਿੰਘ ਔਲਖ ਨਾਲ ਦੁਪਹਿਰ ਦਾ ਖਾਣਾ ਖਾਧਾ। ਦਿਨ ਦੇ ਅੰਤ ਵਿੱਚ ਵਿਦਿਆਰਥਣਾਂ ਅਤੇ ਡਿਪਟੀ ਕਮਿਸ਼ਨਰ ਵਿਚਕਾਰ ਖੁੱਲ੍ਹਾ ਸੰਵਾਦ ਸੈਸ਼ਨ ਹੋਇਆ, ਜਿਸ ਦੌਰਾਨ ਵਿਦਿਆਰਥਣਾਂ ਨੇ ਆਪਣੇ ਅਨੁਭਵ ਸਾਂਝੇ ਕੀਤੇ। ਡਿਪਟੀ ਕਮਿਸ਼ਨਰ ਨੇ ਵਿਦਿਆਰਥਣਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਪ੍ਰਸੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ।