ਸੰਘਰਸ਼ ਕਮੇਟੀ ਵੱਲੋਂ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜਨ ਦਾ ਐਲਾਨ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 14 ਜੂਨ
ਪ੍ਰਸ਼ਾਸਨ ਵੱਲੋਂ ਗੱਲਬਾਤ ਲਈ ਸੱਦੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵਿੱਤ ਸਕੱਤਰ ਬਿਕਰ ਹਥੋਆ ਨੂੰ ਗ੍ਰਿਫਤਾਰ ਕਰਨ ਦੇ ਰੋਹ ਵਿਚ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਖਿਲਾਫ ਤਿੰਨ ਦਿਨਾਂ ਅਰਥੀਆਂ ਸਾੜ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਗੱਲਬਾਤ ਕਰਨ ਲਈ ਦਿੱਤੇ 18 ਜੂਨ ਦੇ ਸੱਦੇ ਨੂੰ ਜਥੇਬੰਦੀ ਵੱਲੋਂ ਮੂਲੋਂ ਹੀ ਨਕਾਰ ਦਿੱਤਾ ਹੈ।
ਜਥੇਬੰਦੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਅਤੇ ਸਕੱਤਰ ਗੁਰਵਿੰਦਰ ਬੌੜਾਂ ਨੇ ਕਿਹਾ ਕਿ ਬੇਗਮਪੁਰਾ ਸੰਘਰਸ਼ ਦੌਰਾਨ ਗ੍ਰਿਫਤਾਰ ਕੀਤੇ ਗਏ 800 ਦੇ ਕਰੀਬ ਕਾਰਕੁਨਾਂ ਵਿਚੋਂ ਪਿੰਡ ਸ਼ਾਦੀਹਰੀ ਦੇ 13 ਕਾਰਕੁਨ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ। ਇਨ੍ਹਾਂ ਬੰਦ ਕਾਰਕੁਨਾਂ ਦੀ ਰਿਹਾਈ ਲਈ ਲਈ ਡੀਸੀ ਦਫ਼ਤਰ ਅੱਗੇ ਪੱਕਾ ਮੋਰਚਾ ਲਾਉਣ ਜਾ ਰਹੇ ਸ਼ਾਦੀਹਰੀ ਦੇ ਸੰਘਰਸ਼ਸ਼ੀਲ ਕਾਰਕੁਨਾਂ ਨੂੰ ਵੀ ਪੁਲੀਸ ਵੱਲੋਂ ਪਿੰਡ ਵਿੱਚ ਹੀ ਨਜ਼ਰਬੰਦ ਕਰ ਲਿਆ ਗਿਆ ਅਤੇ ਗੱਲਬਾਤ ਲਈ ਜਥੇਬਦੀ ਦੇ ਆਗੂਆਂ ਨੂੰ ਸੱਦਿਆ ਗਿਆ ਸੀ ਜਿਵੇਂ ਹੀ ਜਥੇਬੰਦੀ ਦਾ ਵਿੱਤ ਸਕੱਤਰ ਬਿੱਕਰ ਹਥੋਆ ਗੱਲਬਾਤ ਲਈ ਪਹੁੰਚਿਆ ਤਾਂ ਉਸ ਨਾਲ ਗੱਲਬਾਤ ਕਰਨ ਦੀ ਥਾਂ ਪੁਲੀਸ ਵੱਲੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਆਗੂਆਂ ਨੇ ਕਿਹਾ ਕਿ ਇਸ ਤੋਂ ਸਰਕਾਰ ਦੀ ਬਦਨੀਤੀ ਜੱਗ ਜ਼ਾਹਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ 18 ਜੂਨ ਨੂੰ ਗੱਲਬਾਤ ਕਰਨ ਦਾ ਮੁੜ ਤੋਂ ਸੱਦਾ ਭੇਜਿਆ ਗਿਆ ਹੈ ਪਰੰਤੂ ਜਥੇਬੰਦੀ ਵੱਲੋਂ ਸੱਦਾ ਰੱਦ ਕਰ ਦਿਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਬੀਜੇਪੀ ਦੀ ਬੀ ਟੀਮ ਦਾ ਰੋਲ ਨਿਭਾਉਂਦੇ ਹੋਏ ਲੋਕ ਘੋਲਾਂ ਨੂੰ ਕੁਚਲਣ ਲੱਗੀ ਹੋਈ ਹੈ। ਪੰਜਾਬ ਵਿਚ ਲੋਕ ਰਾਜ ਦੀ ਥਾਂ ਪੁਲੀਸ ਰਾਜ ਸਥਾਪਿਤ ਕੀਤਾ ਜਾ ਰਿਹਾ ਹੈ। ਪਹਿਲਾਂ ਕਿਸਾਨਾਂ ਨੂੰ ਗੱਲਬਾਤ ਕਰਨ ਲਈ ਬੁਲਾ ਕੇ ਗ੍ਰਿਫਤਾਰ ਕੀਤਾ ਅਤੇ ਹੁਣ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਵਿੱਤ ਸਕੱਤਰ ਬਿੱਕਰ ਹਥੋਆ ਨੂੰ ਗੱਲਬਾਤ ਕਰਨ ਲਈ ਬੁਲਾ ਕੇ ਗ੍ਰਿਫਤਾਰ ਕਰਕੇ ਜੇਲ੍ਹ ਵਿੱਚ ਭੇਜ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੀਤੀ ਇਸ ਘਟੀਆ ਹਰਕਤ ਦਾ ਜਵਾਬ ਦੇਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਤਿੰਨ ਰੋਜ਼ਾ ਅਰਥੀਆਂ ਸਾੜੀਆਂ ਜਾਣਗੀਆਂ।