ਸੰਜੈ ਕਲੋਨੀ ਵਿੱਚ ਝੁੱਗੀਆਂ ’ਤੇ ਚੱਲਿਆ ਬੁਲਡੋਜ਼ਰ
ਆਤਿਸ਼ ਗੁਪਤਾ
ਚੰਡੀਗੜ੍ਹ, 23 ਅਪਰੈਲ
ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਸਵੇਰੇ ਸਨਅਤੀ ਏਰੀਆ ਫੇਜ਼-1 ਨਾਲ ਲੱਗਦੀ ਸੰਜੈ ਕਲੋਨੀ ’ਤੇ ਬੁਲਡੋਜ਼ਰ ਚਲਾ ਦਿੱਤਾ ਹੈ। ਇਸ ਦੌਰਾਨ ਕਲੋਨੀ ਵਾਸੀਆਂ ਨੇ ਪ੍ਰਸ਼ਾਸਨ ਦੀ ਟੀਮ ਦਾ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਲੋਕਾਂ ਨੂੰ ਪਾਸੇ ਕੀਤਾ ਅਤੇ ਪ੍ਰਸ਼ਾਸਨ ਦੀ ਟੀਮ ਨੇ ਬੁਲਡੋਜ਼ਰ ਚਲਾ ਦਿੱਤਾ। ਇਸ ਦੌਰਾਨ ਪ੍ਰਸ਼ਾਸਨ ਨੇ ਸੰਜੈ ਕਲੋਨੀ ਵਿੱਚ ਬਣੀਆਂ ਇਕ ਹਜ਼ਾਰ ਝੁੱਗੀਆਂ ਨੂੰ ਹਟਾ ਦਿੱਤਾ। ਪ੍ਰਸ਼ਾਸਨ ਦੀ ਕਾਰਵਾਈ ਤੋਂ ਬਾਅਦ ਸੰਜੈ ਕਲੋਨੀ ਵਿੱਚ ਰਹਿਣ ਵਾਲੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ।
ਜਾਣਕਾਰੀ ਅਨੁਸਾਰ ਸਨਅਤੀ ਏਰੀਆ ਫੇਜ਼-1 ਨਾਲ ਲਗਦੀ ਸੰਜੈ ਕਲੋਨੀ ਛੇ ਏਕੜ ਵਿੱਚ ਫੈਲੀ ਹੋਈ ਸੀ। ਇਸ ਨੂੰ ਖਾਲ੍ਹੀ ਕਰਨ ਸਬੰਧੀ ਪ੍ਰਸ਼ਾਸਨ ਨੇ ਮਈ 2022 ਵਿੱਚ ਨੋਟਿਸ ਜਾਰੀ ਕਰ ਦਿੱਤਾ ਸੀ। ਇਸ ਨੋਟਿਸ ਖ਼ਿਲਾਫ਼ ਸੰਜੈ ਕਲੋਨੀ ਦੇ ਵਸਨੀਕਾਂ ਨੇ ਪਹਿਲਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਪਟੀਸ਼ਨ ਵੀ ਦਾਇਰ ਕੀਤੀ ਸੀ, ਪਰ ਉਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ। ਪ੍ਰਸ਼ਾਸਨ ਨੇ ਇੱਕ ਹਫ਼ਤਾ ਪਹਿਲਾਂ ਹੀ ਲੋਕਾਂ ਨੂੰ ਸੰਜੈ ਕਲੋਨੀ ਖਾਲੀ ਕਰਨ ਦੇ ਹੁਕਮ ਦੇ ਦਿੱਤੇ ਸਨ। ਕਲੋਨੀ ਖਾਲੀ ਨਾ ਕਰਨ ’ਤੇ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਸੀ।
ਅੱਜ ਸਵੇਰੇ 6 ਵਜੇ ਪ੍ਰਸ਼ਾਸਨ ਦੀ ਟੀਮ ਸੰਜੈ ਕਲੋਨੀ ਵਿੱਚ ਪਹੁੰਚ ਗਈ, ਜਿੱਥੇ ਉਨ੍ਹਾਂ ਨੇ ਇਕ ਹਜ਼ਾਰ ਦੇ ਕਰੀਬ ਝੁੱਗੀਆਂ ਨੂੰ ਢਾਹ ਦਿੱਤਾ।
ਲੋਕਾਂ ਵੱਲੋਂ ਪ੍ਰਸ਼ਾਸਨ ’ਤੇ ਧੱਕੇਸ਼ਾਹੀ ਦੇ ਦੋਸ਼
ਸੰਜੈ ਕਲੋਨੀ ਵਿੱਚ ਰਹਿਣ ਵਾਲੇ ਲੋਕਾਂ ਨੇ ਯੂਟੀ ਪ੍ਰਸ਼ਾਸਨ ’ਤੇ ਧੱਕੇਸ਼ਾਹੀ ਦੇ ਦੋਸ਼ ਲਗਾਏ ਹਨ। ਲੋਕਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਤਿੰਨ ਤੋਂ ਚਾਰ ਦਹਾਕਿਆਂ ਤੋਂ ਇਸੇ ਥਾਂ ’ਤੇ ਰਹਿ ਰਹੇ ਹਨ। ਪ੍ਰਸ਼ਾਸਨ ਵੱਲੋਂ ਲੋਕਾਂ ਦੇ ਠਹਿਰਨ ਲਈ ਆਰਜ਼ੀ ਪਖਾਨੇ ਅਤੇ ਬਿਜਲੀ ਤੇ ਪਾਣੀ ਸਪਲਾਈ ਦੇ ਪ੍ਰਬੰਧ ਵੀ ਕੀਤੇ ਗਏ ਹਨ। ਇਸ ਦੇ ਬਾਵਜੂਦ ਸਾਲ 2022 ਵਿੱਚ ਪ੍ਰਸ਼ਾਸਨ ਵੱਲੋਂ ਇਸ ਕਲੋਨੀ ਨੂੰ ਨਾਜਾਇਜ਼ ਕਰਾਰ ਦਿੱਤਾ ਗਿਆ ਅਤੇ ਸਾਰਿਆਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇੱਥੇ ਰਹਿੰਦੇ ਹਜ਼ਾਰਾਂ ਲੋਕ ਹੁਣ ਕਿੱਥੇ ਜਾਣਗੇ।
ਦੋ ਅਣ-ਅਧਿਕਾਰਤ ਕਲੋਨੀਆਂ ਢਾਹੀਆਂ
ਅੰਬਾਲਾ (ਸਰਬਜੀਤ ਸਿੰਘ ਭੱਟੀ): ਜ਼ਿਲ੍ਹਾ ਨਗਰ ਯੋਜਨਾਕਾਰ ਅੰਬਾਲਾ ਦੀ ਟੀਮ ਵੱਲੋਂ ਪਿੰਡ ਕੱਕੜ ਮਾਜਰਾ, ਸਬ-ਤਹਿਸੀਲ ਸ਼ਹਿਜ਼ਾਦਪੁਰ, ਜ਼ਿਲ੍ਹਾ ਅੰਬਾਲਾ ਵਿੱਚ ਲਗਪਗ 1 ਏਕੜ ਜ਼ਮੀਨ ਵਿੱਚ ਬਣੀਆਂ ਦੋ ਅਣ-ਅਧਿਕਾਰਤ ਕਲੋਨੀਆਂ ਨੂੰ ਢਾਹ ਦਿੱਤਾ ਗਿਆ ਹੈ।