ਸੰਧਵਾਂ ਵੱਲੋਂ ਜੱਸਾ ਸਿੰਘ ਰਾਮਗੜ੍ਹੀਆ ਦੇ ਬੁੱਤ ਦਾ ਉਦਘਾਟਨ
ਸੰਜੀਵ ਤੇਜਪਾਲ
ਮੋਰਿੰਡਾ, 3 ਮਈ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮੋਰਿੰਡਾ-ਕੁਰਾਲੀ ਰੋਡ ’ਤੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਬੁੱਤ ਦਾ ਉਦਘਾਟਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਹਲਕਾ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਵੀ ਮੌਜੂਦ ਸਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਨੂੰ ਮਾਣ ਹੈ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਿੱਲੀ ’ਤੇ ਜਿੱਤ ਪ੍ਰਾਪਤ ਕਰਕੇ ਸਿੱਖ ਇਤਿਹਾਸ ਦੇ ਪੰਨਿਆਂ ਦਾ ਹਿੱਸਾ ਬਣੇ। ਉਨ੍ਹਾਂ ਮੋਰਿੰਡਾ ’ਚ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ ਬੁੱਤ ਸਥਾਪਤ ਕਰਨ ਲਈ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਸਪੀਕਰ ਨੇ ਕਿਹਾ ਕਿ ਉਹ ਕੌਮਾਂ ਸਦਾ ਜਿਊਂਦੀਆਂ ਹਨ ਜਿਹੜੀਆਂ ਆਪਣੇ ਇਤਿਹਾਸ, ਵਿਰਸੇ ਅਤੇ ਵਿਰਾਸਤ ਨੂੰ ਸੰਭਾਲ ਕੇ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਿੱਖ ਕੌਮ ਦੇ ਮਹਾਨ ਜਰਨੈਲ ਹੋਏ ਹਨ ਜਿਨ੍ਹਾਂ ਨੇ ਦਿੱਲੀ ਫਤਹਿ ਕੀਤੀ। ਤਰਨਪ੍ਰੀਤ ਸਿੰਘ ਸੌਂਦ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਉਹ ਰਾਮਗੜ੍ਹੀਆ ਮਿਸਲ ਦੇ ਬਾਨੀ ਸਨ, ਇਨ੍ਹਾਂ ਨੇ ਰਾਮ ਰੌਣੀ ਪਿੰਡ ਵਿੱਚ ਜਿੱਥੇ ਕੌਮ ਦਾ ਮੁੱਢ ਬੰਨ੍ਹਿਆ ਉਥੇ ਬਹਿ ਕੇ ਸਿੱਖ ਮਿਸਲ ਚਲਾਈ। ਉਨ੍ਹਾਂ ਕਿਹਾ,‘ ਅਜਿਹੇ ਮਹਾਨ ਯੋਧੇ ਤੇ ਰਾਮਗੜ੍ਹੀਆ ਕੌਮ ਦੇ ਇਸ ਮਹਾਨ ਨਾਇਕ ਨੂੰ ਮੈਂ ਆਪਣੇ ਸਿਰ ਝੁਕਾ ਕੇ ਸਿਜਦਾ ਕਰਦਾ ਹਾਂ।’