ਸੰਯੁਕਤ ਕਿਸਾਨ ਮੋਰਚਾ ਵੱਲੋਂ 15 ਦਿਨਾਂ ਲਈ ਸਾਰੇ ਅੰਦੋਲਨ ਮੁਲਤਵੀ
ਜੋਗਿੰਦਰ ਸਿੰਘ ਮਾਨ
ਮਾਨਸਾ, 9 ਮਈ
ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਵੱਲੋਂ ਦੇਸ਼ ਵਿੱਚ ਚੱਲ ਰਹੇ ਤਣਾਅ ਨੂੰ ਮੁੱਖ ਰੱਖਦਿਆਂ ਅਗਲੇ 15 ਦਿਨਾਂ ਲਈ ਕੀਤੇ ਜਾਣ ਵਾਲੇ ਸਾਰੇ ਅੰਦੋਲਨਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਮੋਰਚੇ ਦਾ ਕਹਿਣਾ ਹੈ ਕਿ ਇਸ ਮਾਹੌਲ ਵਿੱਚ ਮੁਲਕ ਦਾ ਅੰਦੋਲਨਕਾਰੀ ਕਿਸਾਨ ਆਪਣੇ ਦੇਸ਼ ਦੇ ਜਵਾਨਾਂ ਨਾਲ ਡੱਟ ਕੇ ਖੜ੍ਹਾ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਦੇਸ਼ ਵਿਰੋਧੀ ਤਾਕਤਾਂ ਨੂੰ ਫੌਜ ਅਤੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮੇਂ ਦੇਸ਼ ਦੀ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਸੋਸ਼ਲ ਮੀਡੀਆ ’ਤੇ ਸ਼ਰਾਰਤੀ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ। ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਵੀ ਕਿਹਾ ਕਿ ਪੰਜਾਬ ਸਰਕਾਰ ਵੀ ਇਸ ਸਮੇਂ ਸੂਬੇ ਦੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਾ ਅਜਿਹਾ ਕੋਈ ਵੀ ਫੈਸਲਾ ਨਾ ਲਵੇ ਜਿਸ ਨਾਲ ਲੋਕਾਂ ਨੂੰ ਮਜਬੂਰਨ ਸੜਕਾਂ ’ਤੇ ਉਤਰਨਾ ਪਵੇ। ਜਥੇਬੰਦੀ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਬੇਸ਼ੱਕ ਜਥੇਬੰਦੀ ਨੇ ਦੇਸ਼ ਦੇ ਹਿੱਤਾਂ ਲਈ 15 ਦਿਨਾਂ ਵਾਸਤੇ ਅੰਦੋਲਨ ਨੂੰ ਮੁਲਤਵੀ ਕੀਤਾ ਹੈ ਪਰ ਸਰਕਾਰ ਖਿਲਾਫ਼ ਅੰਦੋਲਨ ਪਹਿਲਾਂ ਨਾਲੋਂ ਤਕੜੇ ਹੋ ਕੇ ਲੜਿਆ ਜਾਵੇਗਾ।