ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਟਰੰਪ ਤੇ ਮੋਦੀ ਦੇ ਪੁਤਲੇ ਫੂਕੇ

05:39 AM Apr 05, 2025 IST
ਸੰਗਰੂਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਪੁਤਲਾ ਫੂਕਦੇ ਹੋਏ ਕਿਸਾਨ।

ਗੁਰਦੀਪ ਸਿੰਘ ਲਾਲੀ
ਸੰਗਰੂਰ, 4 ਅਪਰੈਲ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਧਰਨਾ ਦਿੰਦਿਆਂ ਅਮਰੀਕਾ ਤੇ ਭਾਰਤ ਵਿਚਕਾਰ ਹੋ ਰਹੇ ਮੁਕਤ ਵਪਾਰ ਸਮਝੌਤੇ ਦੇ ਵਿਰੋਧ ਵਿਚ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਸਮਝੌਤੇ ਨੂੰ ਦੇਸ਼ ਦੇ ਕਿਸਾਨ-ਮਜ਼ਦੂਰ ਅਤੇ ਸਮੁੱਚੇ ਕਿਰਤੀ ਲੋਕ ਵਿਰੋਧੀ ਸਮਝੌਤਾ ਕਰਾਰ ਦਿੱਤਾ।
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਸਬੰਧਤ ਕਿਸਾਨ ਤੇ ਬੀਬੀਆਂ ਅਮਰੀਕੀ ਰਾਸ਼ਟਰੀ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਦੀਆਂ ਤਸਵੀਰਾਂ ਵਾਲਾ ਪੁਤਲਾ ਚੁੱਕ ਕੇ ਡੀਸੀ ਦਫ਼ਤਰ ਅੱਗੇ ਪੁੱਜੀਆਂ ਅਤੇ ਰੋਸ ਧਰਨਾ ਦਿੰਦਿਆਂ ਅਮਰੀਕੀ ਰਾਸ਼ਟਰਪਤੀ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੋਸ ਧਰਨੇ ਉਪਰੰਤ ਅਮਰੀਕਾ ਦੇ ਰਾਸ਼ਟਰਪਤੀ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਦਾ ਪੁਤਲਾ ਫ਼ੂਕਿਆ ਗਿਆ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਸਕੱਤਰ ਜਗਤਾਰ ਸਿੰਘ ਲੱਡੀ ਨੇ ਕਿਹਾ ਕਿ ਖੇਤੀ ਦੇ ਮੰਡੀਕਰਨ ’ਤੇ ਕਬਜ਼ਾ ਕਰਨ ਅਤੇ ਪਰਚੂਨ ਖੇਤਰ ਵਿੱਚ ਆਪਣੀਆਂ ਵਸਤਾਂ ਦੀ ਦਰਾਮਦ ਵਧਾਉਣ ਲਈ ਅਮਰੀਕਾ ਵੱਲੋਂ ਦਬਾਅ ਤਹਿਤ ਭਾਰਤ ਨਾਲ ਜੋ ਮੁਕਤ ਵਪਾਰ ਸਮਝੌਤਾ ਕੀਤਾ ਜਾ ਰਿਹਾ ਹੈ ਇਹ ਦੇਸ਼ ਦੀ ਖੇਤੀ ਅਤੇ ਪਰਚੂਨ ਸੈਕਟਰ ਲਈ ਤਬਾਹੀ ਵਾਲਾ ਹੋਵੇਗਾ ਅਤੇ ਦੇਸ਼ ਵਿੱਚ ਬੇਰੁਜ਼ਗਾਰੀ ਵੀ ਵਧੇਗੀ।
ਆਗੂਆਂ ਨੇ ਕਿਹਾ ਕਿ ਜੇਕਰ ਇਹ ਮੁਕਤ ਵਪਾਰ ਸਮਝੌਤਾ ਹੁੰਦਾ ਹੈ ਤਾਂ ਭਾਰਤ ਦੇ ਕਿਰਤੀ ਲੋਕ ਇਸ ਦਾ ਡਟ ਕੇ ਵਿਰੋਧ ਕਰਨਗੇ। ਰੋਸ ਧਰਨੇ ਨੂੰ ਬੀਕੇਯੂ ਡਕੌਦਾ ਧਨੇਰ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਦੁੱਗਾਂ, ਕੁੱਲ ਕਿਸਾਨ ਫੈਡਰੇਸ਼ਨ ਦੇ ਸੂਬਾ ਆਗੂ ਮੰਗਤਰਾਮ ਲੌਂਗੋਵਾਲ, ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਉਧਮ ਸਿੰਘ ਸੰਤੋਖਪੁਰਾ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਬਟੜਿਆਣਾ, ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਉਭਾਵਾਲ, ਬੀਕੇਯੂ ਰਾਜੇਵਾਲ ਦੇ ਮਨਜਿੰਦਰ ਸਿੰਘ ਘਾਬਦਾਂ ਅਤੇ ਰੋਹੀ ਸਿੰਘ ਮੰਗਵਾਲ ਨੇ ਵੀ ਸੰਬੋਧਨ ਕੀਤਾ।
ਪਟਿਆਲਾ (ਸਰਬਜੀਤ ਸਿੰਘ ਭੰਗੂ): ਐੱਸਕੇਐੱਮ ਦੇ ਸੱਦੇ ’ਤੇ ਕਿਸਾਨਾਂ ਨੇ ਅੱਜ ਇੱਥੇ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਦਿਆਂ ਪੁਤਲਾ ਵੀ ਸਾੜਿਆ। ਇਸ ਤੋਂ ਪਹਿਲਾਂ ਕਿਸਾਨ ਇਥੇ ਜੇਲ੍ਹ ਰੋਡ ’ਤੇ ਸਥਿਤ ਪੁੱਡਾ ਗਰਾਊਂਡ ਵਿੱਚ ਇਕੱਠੇ ਹੋਏ, ਜਿਸ ਦੌਰਾਨ ਭਾਰਤ ਤੇ ਅਮਰੀਕਾ ਦੇ ਵਿਚਾਲੇ ਹੋ ਰਹੇ ਸਮਝੌਤੇ ਦੀ ਆਲੋਚਨਾ ਕਰਦਿਆਂ ਇਸ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਸਮਝੌਤੇ ਨਾਲ ਆਮ ਲੋਕਾਂ ਦਾ ਨੁਕਸਾਨ ਹੋਵੇਗਾ ਤੇ ਸਾਰੇ ਵਰਗਾਂ ਦੀਆਂ ਮੁਸ਼ਕਲਾਂ ਵਧਣਗੀਆਂ। ਕਿਸਾਨ ਪੁੱਡਾ ਗਰਾਊਂਡ ਤੋਂ ਕਾਫਲੇ ਵਜੋਂ ਮਿਨੀ ਸਕੱਤਰੇਤ ਸਥਿਤ ਡਿਪਟੀ ਕਮਿਸ਼ਨਰ ਦੇ ਦਫ਼ਤਰ ਪਹੁੰਚੇ ਤੇ ਭਾਰਤ ਤੇ ਅਮਰੀਕਾ ਸਰਕਾਰ ਦਾ ਪੁਤਲਾ ਫ਼ੂਕਦਿਆਂ ਨਾਅਰੇਬਾਜ਼ੀ ਵੀ ਕੀਤੀ।
ਦਿੜ੍ਹਬਾ ਮੰਡੀ (ਰਣਜੀਤ ਸਿੰਘ ਸ਼ੀਤਲ): ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਬਲਾਕ ਦਿੜ੍ਹਬਾ ਦੇ ਪ੍ਰਧਾਨ ਭਰਭੂਰ ਸਿੰਘ ਮੌੜਾਂ ਅਤੇ ਮਿਸ਼ਰਾ ਸਿੰਘ ਨਿਹਾਲਗੜ੍ਹ ਦੀ ਅਗਵਾਈ ਹੇਠ ਦਿੜ੍ਹਬਾ ਦੀ ਤਹਿਸੀਲ ਕੰਪਲੈਕਸ ਐੱਸਡੀਐੱਮ ਦੇ ਦਫ਼ਤਰ ਅੱਗੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ।
ਸਮਾਣਾ (ਸੁਭਾਸ਼ ਚੰਦਰ): ਤਹਿਸੀਲ ਕੰਪਲੈਕਸ ਅੱਗੇ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਟਰੰਪ ਅਤੇ ਮੋਦੀ ਦੇ ਪੁਤਲੇ ਫੂਕੇ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਅਮਰੀਕਾ ਸਰਕਾਰ ਨਾਲ ਦੇਸ਼ ਵਿਰੋਧੀ ਨੀਤੀਆਂ ਸੰਬਧੀ ਸਮਝੋਤਾ ਨਾ ਕਰੇ। ਇਸ ਮੌਕੇ ਦਲਜੀਤ ਸਿੰਘ ਚੱਕ ਅੰਮ੍ਰਿਤਸਰੀਆ, ਭਰਪੂਰ ਸਿੰਘ ਗਾਜੇਵਾਸ, ਜਸਵੀਰ ਸਿੰਘ ਫਤਹਿਪੁਰ, ਗੁਰਬਖ਼ਸ ਸਿੰਘ ਧਨੇਠਾ ਅਤੇ ਸੁਖਵਿੰਦਰ ਸਿੰਘ ਸੰਬੋਧਨ ਕੀਤਾ।
ਰਾਜਪੁਰਾ (ਦਰਸ਼ਨ ਸਿੰਘ ਮਿੱਠਾ): ਰਾਜਪੁਰਾ ਐੱਸਡੀਐੱਮ ਦਫ਼ਤਰ ਦੇ ਸਾਹਮਣੇ ਕਿਸਾਨ ਜਥੇਬੰਦੀਆਂ ਨੇ ਕਿਸਾਨ ਆਗੂ ਹਰਿੰਦਰ ਸਿੰਘ ਲਾਖਾ ਸ਼ਹੀਦ ਭਗਤ ਸਿੰਘ ਲੋਕ ਹਿੱਤ ਕਮੇਟੀ, ਗੁਰ ਸੇਵਕ ਸਿੰਘ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਰਜਿੰਦਰ ਸਿੰਘ, ਗੁਰਬਿੰਦਰ ਸਿੰਘ ਧੁੰਮਾਂ ਕੁੱਲ ਹਿੰਦ ਕਿਸਾਨ ਸਭਾ, ਨਿਸ਼ਾਨ ਸਿੰਘ, ਜਸਵੰਤ ਸਿੱਖ ਖੇੜੀ ਗੰਡਿਆਂ, ਜਾਗਰ ਸਿੰਘ ਲੰਬੜਦਾਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰਦਿਆਂ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਫੂਕੇ ਗਏ। ਆਗੂਆਂ ਨੇ ਪੰਜਾਬ ਸਰਕਾਰ ਨੂੰ ਇਹ ਚੇਤਾਵਨੀ ਦਿੱਤੀ ਗਈ ਕਿ ਕਿਸਾਨਾਂ ਦਾ ਵਿਰੋਧ ਕਰਨ ਦੀ ਨੀਤੀ ਨੂੰ ਤਿਆਗ ਕੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਸਵੀਕਾਰ ਕੀਤਾ ਜਾਵੇ।
ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਸੁਨਾਮ ਵਿੱਚ ਖੇਤੀਬਾੜੀ ਨੀਤੀ ਨੂੰ ਲੈ ਕੇ ਟਰੰਪ ਅਤੇ ਮੋਦੀ ਦੇ ਪੁਤਲੇ ਫੂਕੇ ਗਏ। ਆਗੂਆਂ ਨੇ ਕਿਹਾ ਕਿ ਅਮਰੀਕਾ ਦੀ ਖੇਤੀਬਾੜੀ ਨੀਤੀ ਭਾਰਤ ਵਿੱਚ ਲਾਗੂ ਨਹੀਂ ਹੋਣ ਦਿੱਤੀ ਜਾਵੇਗੀ ਇਸ ਲਈ ਕਿਸਾਨ ਹਰ ਕੁਰਬਾਨੀ ਦੇਣ ਲਈ ਤਿਆਰ ਹਨ ਇਸ ਮੌਕੇ ਸ਼ਹਿਰ ਵਿੱਚ ਮਾਰਚ ਕਰਕੇ ਐਸਡੀਐਮ ਦਫਤਰ ਸੁਨਾਮ ਅੱਗੇ ਟਰੰਪ ਤੇ ਮੋਦੀ ਦੇ ਪੁਤਲੇ ਫੂਕੇ ਗਏ।
ਧੂਰੀ (ਬੀਰਬਲ ਰਿਸ਼ੀ): ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਐੱਸਡੀਐੱਮ ਧੂਰੀ ਦੇ ਦਫ਼ਤਰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕਾ ਦੇ ਰਾਸਟਰਪਤੀ ਡੋਨਲਡ ਟਰੰਪ ਦੇ ਪੁਤਲੇ ਫੂਕੇ। ਬੀਕੇਯੂ ਏਕਤਾ ਉਗਰਾਹਾਂ ਦੇ ਹਰਪਾਲ ਸਿੰਘ ਪੇਧਨੀ, ਬਲਾਕ ਪ੍ਰਧਾਨ ਹਰਬੰਸ ਸਿੰਘ ਲੱਡਾ, ਮਨਜੀਤ ਸਿੰਘ ਜਹਾਂਗੀਰ, ਕੁਲ-ਹਿੰਦ ਕਿਸਾਨ ਸਭਾ ਦੇ ਕਾਮਰੇਡ ਮੇਜਰ ਸਿੰਘ ਪੁੰਨਾਵਾਲ, ਕਿਰਤੀ ਕਿਸਾਨ ਯੂਨੀਅਨ ਦੇ ਹਰਦਮ ਸਿੰਘ ਰਾਜੋਮਾਜਰਾ, ਬੀਕੇਯੂ ਰਾਜੇਵਾਲ ਦੇ ਰਛਪਾਲ ਸਿੰਘ ਦੋਹਲਾ, ਬਲਾਕ ਪ੍ਰਧਾਨ ਭੁਪਿੰਦਰ ਸਿੰਘ ਭੁੱਲਰਹੇੜੀ ਅਤੇ ਜਮਹੂਰੀ ਕਿਸਾਨ ਸਭਾ ਦੇ ਰਣਜੀਤ ਸਿੰਘ ਨੇ ਸੰਬੋਧਨ ਕੀਤਾ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਇੱਥੇ ਐੱਸਡੀਐੱਮ ਦਫ਼ਤਰ ਅੱਗੇ ਕਿਸਾਨ ਜਥੇਬੰਦੀਆਂ ਵੱਲੋਂ ਮੋਦੀ ਸਰਕਾਰ ਅਤੇ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦੇ ਪੁਤਲੇ ਫੂਕੇ ਗਏ। ਇਸ ਮੌਕੇ ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ, ਬਹਾਦਰ ਸਿੰਘ ਭਟਾਲ ਖੁਰਦ, ਸੂਬਾ ਸਿੰਘ ਸੰਗਤਪੁਰਾ, ਸ਼ਿਵਰਾਜ ਗੁਰਨੇ, ਬਿੰਦਰ ਖੋਖਰ, ਹਰਸੇਵਕ ਲਹਿਲ ਖੁਰਦ, ਸਰਬਜੀਤ ਸ਼ਰਮਾ ਲਹਿਰਾ, ਹਰਵਿੰਦਰ ਸਿੰਘ ਲਦਾਲ ਅਤੇ ਕਸ਼ਮੀਰ ਸਿੰਘ ਲਹਿਰਾ ਨੇ ਸੰਬੋਧਨ ਕੀਤਾ।
ਪਾਤੜਾਂ (ਗੁਰਨਾਮ ਸਿੰਘ ਚੌਹਾਨ): ਬਲਾਕ ਪਾਤੜਾਂ ਦੀਆਂ ਕਿਸਾਨ ਜਥੇਬੰਦੀਆਂ ਨੇ ਨਰਿੰਦਰ ਮੋਦੀ ਤੇ ਡੋਨਾਲਡ ਟਰੰਪ ਦੇ ਪੁਤਲੇ ਫੂਕੇ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਅਮਰੀਕ ਸਿੰਘ ਘੱਗਾ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਵਿੰਦਰ ਸਿੰਘ ਦੇਧਨਾ ਨੇ ਕਿਹਾ ਕਿ ਇਸ ਸਮਝੌਤੇ ਨਾਲ ਸਾਰੇ ਵਪਾਰਕ ਖੇਤਰ ਤੇ ਪਰਚੂਨ ਖੇਤਰ ਦੀ ਤਬਾਹੀ ਨਿਸ਼ਚਿਤ ਹੋਵੇਗੀ।

Advertisement

ਕਿਸਾਨਾਂ ਵੱਲੋਂ ਖੇਤੀਬਾੜੀ ਖਰੜੇ ਖ਼ਿਲਾਫ਼ ਪ੍ਰਦਰਸ਼ਨ

ਐੱਸਡੀਐੱਮ ਦਫ਼ਤਰ ਭਵਾਨੀਗੜ੍ਹ ਅੱਗੇ ਪੁਤਲਾ ਫੂਕਦੇ ਹੋਏ ਕਿਸਾਨ।

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਇੱਥੇ ਐੱਸਡੀਐੱਮ ਦਫ਼ਤਰ ਅੱਗੇ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਟਰੰਪ, ਮੋਦੀ ਅਤੇ ਕਿਸਾਨ ਵਿਰੋਧੀ ਖੇਤੀਬਾੜੀ ਖਰੜੇ ਦੀਆਂ ਅਰਥੀਆਂ ਸਾੜੀਆਂ ਗਈਆਂ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਪ੍ਰਧਾਨ ਚਮਕੌਰ ਸਿੰਘ ਭੱਟੀਵਾਲ ਨੇ ਕਿਹਾ ਕਿ ਪਿਛਲੇ ਦਿਨੀਂ ਕੇਂਦਰੀ ਖੇਤੀਬਾੜੀ ਮੰਤਰੀ ਪਿਊਸ਼ ਗੋਇਲ ਵੱਲੋਂ ਅਮਰੀਕਾ ਵਿੱਚ ਡਬਲਯੂਟੀਓ ਦੇ ਕਿਸਾਨ ਵਿਰੋਧੀ ਖੇਤੀਬਾੜੀ ਖਰੜੇ ਨੂੰ ਮਾਨਤਾ ਦਿੱਤੀ ਗਈ ਹੈ, ਜਿਸ ਨਾਲ ਹੁਣ ਇਹ ਕਾਰਪੋਰੇਟ ਘਰਾਣੇ ਭਾਰਤ ਦੇ ਖੇਤੀਬਾੜੀ ਸੈਕਟਰ ਅਤੇ ਭਾਰਤ ਦੀ ਮੰਡੀ ਉਤੇ ਡਬਲਯੂਟੀਓ ਦਾ ਕਬਜ਼ਾ ਹੋ ਜਾਵੇਗਾ। ਇਸ ਮੌਕੇ ਬਲਾਕ ਆਗੂ ਜਸਵੀਰ ਸਿੰਘ ਗੱਗੜ੍ਹਪੁਰ, ਰਘਵੀਰ ਸਿੰਘ ਘਰਾਚੋਂ, ਕਰਮ ਚੰਦ ਪੰਨਵਾਂ, ਕਸਮੀਰ ਸਿੰਘ ਘਰਾਚੋਂ, ਜਸਪਾਲ ਸਿੰਘ ਘਰਾਚੋਂ ਅਤੇ ਕਸਮੀਰ ਸਿੰਘ ਆਲੋਅਰਖ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

ਦੇਸ਼ ਭਰ ’ਚ ਸੰਘਰਸ਼ ਵਿੱਢਣ ਦੀ ਚਿਤਾਵਨੀ

ਮਾਲੇਰਕੋਟਲਾ (ਪਰਮਜੀਤ ਸਿੰਘ ਕੁਠਾਲਾ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵੱਡੀ ਗਿਣਤੀ ਕਿਸਾਨਾਂ ਨੇ ਜ਼ਿਲ੍ਹਾ ਆਗੂ ਰਜਿੰਦਰ ਸਿੰਘ ਭੋਗੀਵਾਲ ਅਤੇ ਸਰਬਜੀਤ ਸਿੰਘ ਭੁਰਥਲਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦੇ ਦਫਤਰ ਸਾਹਮਣੇ ਭਾਰਤ ਵੱਲੋਂ ਵਿਸ਼ਵ ਵਪਾਰ ਸੰਗਠਨ (ਡਬਲਯੂਟੀਓ) ਦੇ ਖੇਤੀ ਖਰੜੇ ਨੂੰ ਅਮਰੀਕਨ ਦਬਾਅ ਹੇਠ ਪਰਵਾਨ ਕਰਨ ਖਿਲਾਫ਼ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪੁੱਤਲੇ ਫੂਕ ਕੇ ਜਬਰਦਸਤ ਰੋਸ਼ ਪ੍ਰਦਰਸ਼ਨ ਕੀਤਾ। ਕਿਸਾਨ ਆਗੂ ਰਜਿੰਦਰ ਸਿੰਘ ਭੋਗੀਵਾਲ, ਸਰਬਜੀਤ ਸਿੰਘ ਭੁਰਥਲਾ, ਸਤਿਨਾਮ ਸਿੰਘ ਮਾਣਕ ਮਾਜਰਾ, ਚਰਨਜੀਤ ਸਿੰਘ ਹਥਨ, ਰਛਪਾਲ ਸਿੰਘ ਕੁੱਕੀ, ਗੁਰਸੇਵਕ ਸਿੰਘ, ਕਰਨੈਲ ਸਿੰਘ ਭੂਦਨ ਅਤੇ ਗੁਰਮੀਤ ਕੌਰ ਕੁਠਾਲਾ ਨੇ ਸਰਕਾਰ ਨੂੰ ਚਿਤਾਵਨੀ ਦਿਤੀ ਕਿ ਅਮਰੀਕਾ ਦੀ ਖੇਤੀਬਾੜੀ ਨੀਤੀ ਭਾਰਤ ਵਿਚ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦਿੱਤੀ ਜਾਵੇਗੀ, ਇਸ ਲਈ ਦੇਸ਼ ਦਾ ਕਿਸਾਨ ਹਰ ਕੁਰਬਾਨੀ ਦੇਣ ਲਈ ਤਿਆਰ ਹੈ।

Advertisement

‘ਮੋਰਚੇ ’ਤੇ ਹੋਈਆਂ ਘਟਨਾਵਾਂ ਬਾਰੇ ਦੱਸਾਂਗੇ’

ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਕਿਸਾਨਾਂ ਖ਼ਿਲਾਫ਼ ਤਸ਼ੱਦਦ ਲਈ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਟਰਾਲੀਆਂ ਅਤੇ ਸਾਮਾਨ ਦੀ ਭੰਨ-ਤੋੜ ਨਾਲ ਕਿਸਾਨਾਂ ਦੇ ਸਵੈ-ਮਾਣ ਨੂੰ ਠੇਸ ਪੁੱਜੀ ਹੈ। ਬਹਿਰੂ ਨੇ ਦੱਸਿਆ ਕਿ 5 ਅਪਰੈਲ ਨੂੰ ਜ਼ਿਲ੍ਹਾ ਪਟਿਆਲਾ ਦੇ ਪਿੰਡ ਚੱਪੜ ਵਿਖੇ ਹੋਈ ਕਿਸਾਨ ਪੰਚਾਇਤ ਵਿੱਚ ਜਗਜੀਤ ਸਿੰਘ ਡੱਲੇਵਾਲ ਪੰਹੁਚ ਰਹੇ ਹਨ।

Advertisement