ਸੰਯੁਕਤ ਕਿਸਾਨ ਮੋਰਚੇ ਵੱਲੋਂ ਬਠਿੰਡਾ ਤੇ ਸੰਗਰੂਰ ਵਿੱਚ ਕਾਨਫਰੰਸਾਂ ਅੱਜ
ਜੋਗਿੰਦਰ ਸਿੰਘ ਮਾਨ
ਮਾਨਸਾ, 25 ਮਈ
ਸੰਯੁਕਤ ਕਿਸਾਨ ਮੋਰਚੇ ਵੱਲੋਂ ਮਾਲਵਾ ਖੇਤਰ ਦੇ ਦੋ ਵੱਡੇ ਸ਼ਹਿਰਾਂ ਬਠਿੰਡਾ ਅਤੇ ਸੰਗਰੂਰ ਵਿੱਚ ਕੀਤੀਆਂ ਜਾ ਰਹੀਆਂ ਜਬਰ ਵਿਰੋਧੀ ਕਾਨਫਰੰਸਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਹੋਣ ਦਾ ਦਾਅਵਾ ਕੀਤਾ ਗਿਆ ਹੈ। ਇਨ੍ਹਾਂ ਕਾਨਫਰੰਸਾਂ ਦੌਰਾਨ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਵੱਲੋਂ ਵੱਡਾ ਇਕੱਠ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦੀ ਨਵੀਂ ਰੂਪ-ਰੇਖਾ ਦਾ ਐਲਾਨ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਸੰਗਰੂਰ ਅਤੇ ਬਠਿੰਡਾ ਵਿੱਚ ਜਨਤਕ ਸੰਘਰਸ਼ਾਂ ਨੂੰ ਕੁਚਲਣ ਦੀ ਸਰਕਾਰੀ ਨੀਤੀ ਵਿਰੁੱਧ ਵੱਡੀ ਪੱਧਰ ’ਤੇ ਕਿਸਾਨ ਅਤੇ ਮਜ਼ਦੂਰ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਇਹ ਕਾਨਫਰੰਸਾਂ ਪਹਿਲਾਂ 13 ਮਈ ਨੂੰ ਕੀਤੀਆਂ ਜਾਣੀਆਂ ਸਨ। ਕਿਸਾਨ ਆਗੂ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਰਾਜ ਵਿੱਚ ਕਿਸਾਨਾਂ ਨੂੰ ਪਹਿਲੀ ਜੂਨ ਤੋਂ ਝੋਨਾ ਲਾਉਣ ਦੀ ਆਗਿਆ ਦੇ ਕੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਠੱਲ੍ਹਣ ਦਾ ਉਪਰਾਲਾ ਕੀਤਾ ਹੈ, ਪਰ ਹਾਈਬ੍ਰਿਡ ਝੋਨੇ ਸਣੇ ਪੂਸਾ-44 ’ਤੇ ਲਾਈ ਪਾਬੰਦੀ ਨੇ ਮਾਲਵਾ ਖੇਤਰ ਦੇ ਕਿਸਾਨਾਂ ਲਈ ਵੱਡੀ ਸਮੱਸਿਆ ਖੜ੍ਹੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਖ਼ਿਲਾਫ਼ ਇਸ ਮਾਮਲੇ ’ਤੇ ਵੀ ਅੰਦੋਲਨ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਕਿਸਾਨਾਂ ਖ਼ਿਲਾਫ਼ ਜੋ ਸਖ਼ਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਹਨ, ਉਸ ਖ਼ਿਲਾਫ਼ ਜਥੇਬੰਦੀਆਂ ਡਟ ਕੇ ਪਹਿਰਾ ਦੇਣਗੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨੋਟਿਸ ਕੱਢਣ ਵਾਲੇ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ।