ਸੰਵਿਧਾਨ ਬਚਾਓ ਰੈਲੀਆਂ ਦੇ ਨਾਂ ’ਤੇ ਲੋਕਾਂ ਨੂੰ ਗੁਮਰਾਹ ਨਾ ਕਰੇ ਕਾਂਗਰਸ: ਅਕਾਲੀ ਆਗੂ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 31 ਮਈ
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਦਲਿਤ ਆਗੂ ਸ਼ਮਸ਼ੇਰ ਸਿੰਘ ਪੁਰਖਾਲਵੀ ਨੇ ਪੰਜਾਬ ਕਾਂਗਰਸ ਵੱਲੋਂ ਸੂਬੇ ਵਿੱਚ ਕੀਤੀਆਂ ਜਾ ਰਹੀਆਂ ਸੰਵਿਧਾਨ ਬਚਾਓ ਰੈਲੀਆਂ ’ਤੇ ਤਨਜ ਕੱਸਦਿਆਂ ਕਿਹਾ ਕਿ ਕਾਂਗਰਸ ਆਪਣੀ ਉੱਜੜਦੀ ਸਿਆਸੀ ਜ਼ਮੀਨ ਬਚਾਉਣ ਲਈ ਡਾ. ਭੀਮ ਰਾਓ ਅੰਬੇਡਕਰ ਦੇ ਨਾਮ ’ਤੇ ਦੇਸ਼ ਦੇ ਕਿਰਤੀ ਲੋਕਾਂ ਨੂੰ ਗੁਮਰਾਹ ਕਰਨ ਦਾ ਕੋਝਾ ਯਤਨ ਕਰ ਰਹੀ ਹੈ ਜਦਕਿ ਸਚਾਈ ਇਹ ਹੈ ਕਿ ਸਾਲ 1952 ਵਿੱਚ ਹੋਈਆਂ ਆਮ ਸੰਸਦੀ ਚੋਣਾਂ ਦੌਰਾਨ ਕਾਂਗਰਸ ਨੇ ਸੰਵਿਧਾਨ ਦੇ ਨਿਰਮਾਤਾ ਖ਼ਿਲਾਫ਼ ਆਪਣਾ ਉਮੀਦਵਾਰ ਨਾਰਾਇਣ ਸਦੋਬਾ ਕਾਜਰੋਲਕਰ ਨੂੰ ਮੁੰਬਈ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰ ਕੇ ਸੋਚੀ ਸਮਝੀ ਸਾਜ਼ਿਸ਼ ਤਹਿਤ ਡਾ. ਅੰਬੇਡਕਰ ਨੂੰ ਹਰਾਇਆ ਗਿਆ ਸੀ। ਪੁਰਖਾਲਵੀ ਨੇ ਅੱਜ ਇੱਥੇ ਕਿਹਾ ਕਿ ਕਾਂਗਰਸ ਦੇ ਦੋਹਰੇ ਚਿਹਰੇ ਤੇ ਕਿਰਦਾਰ ਬਾਰੇ ਪੰਜਾਬ ਦੇ ਲੋਕ ਭਲੀ-ਭਾਂਤ ਜਾਣੂ ਹਨ ਅਤੇ ਕਾਂਗਰਸ ਦੇ ਕਿਸੇ ਵੀ ਗੁੰਮਰਾਹਕੁਨ ਪ੍ਰਚਾਰ ਵਿੱਚ ਨਹੀਂ ਆਉਣਗੇ। ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਦਲਿਤਾਂ ਅਤੇ ਸਿੱਖਾਂ ਨਾਲ ਨਾ-ਇਨਸਾਫ਼ੀਆਂ ਕੀਤੀਆਂ ਹਨ।