ਸੰਸਥਾਵਾਂ ’ਤੇ ਭਰੋਸਾ ਕਰਨ ਦੀ ਲੋੜ: ਸੁਪਰੀਮ ਕੋਰਟ
ਨਵੀਂ ਦਿੱਲੀ, 17 ਮਾਰਚ
ਸੁਪਰੀਮ ਕੋਰਟ ਨੇ ਅੱਜ ਉਸ ਜਨਹਿੱਤ ਪਟੀਸ਼ਨ ’ਤੇ ਕੇਂਦਰ ਕੋਲੋਂ ਜਵਾਬ ਮੰਗਿਆ ਹੈ, ਜਿਸ ਵਿੱਚ ਭਾਰਤ ਦੇ ਕੰਪਟਰੋਲਰ ਤੇ ਆਡੀਟਰ ਜਨਰਲ (ਕੈਗ) ਦੀ ਨਿਯੁਕਤੀ ਸਿਰਫ਼ ਕਾਰਜਪਾਲਿਕਾ ਅਤੇ ਪ੍ਰਧਾਨ ਮੰਤਰੀ ਵੱਲੋਂ ਕੀਤੇ ਜਾਣ ਦੇ ਮੌਜੂਦਾ ਰੁਝਾਨ ਨੂੰ ਸੰਵਿਧਾਨ ਦੀ ਉਲੰਘਣਾ ਐਲਾਨੇ ਜਾਣ ਦੀ ਅਪੀਲ ਕੀਤੀ ਗਈ ਹੈ।
ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐੱਨ ਕੋਟੀਸ਼ਵਰ ਸਿੰਘ ਦੇ ਬੈਂਚ ਨੇ ਗੈਰ-ਸਰਕਾਰੀ ਸੰਸਥਾ ‘ਸੈਂਟਰ ਫਾਰ ਪਬਲਿਕ ਇੰਟਰਸਟ ਲਿਟੀਗੇਸ਼ਨ’ ਵੱਲੋਂ ਦਾਇਰ ਜਨਹਿੱਤ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਅਤੇ ਉਸ ਨੂੰ ਇਸੇ ਮੁੱਦੇ ’ਤੇ ਪੈਂਡਿੰਗ ਮਾਮਲੇ ਦੇ ਨਾਲ ਨੱਥੀ ਕਰ ਦਿੱਤਾ। ਬੈਂਚ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ 148 ਬਿਨਾਂ ਕਿਸੇ ਦਬਾਅ ਤੋਂ ਕੈਗ ਦੀ ਨਿਯੁਕਤੀ ਦਾ ਪ੍ਰਬੰਧ ਕਰਦੀ ਹੈ। ਬੈਂਚ ਨੇ ਕਿਹਾ, ‘‘ਅਖ਼ੀਰ, ਸਾਨੂੰ ਆਪਣੀਆਂ ਸੰਸਥਾਵਾਂ ’ਤੇ ਭਰੋਸਾ ਕਰਨਾ ਹੋਵੇਗਾ। ਧਾਰਾ 148 ਕੈਗ ਦੀ ਨਿਯੁਕਤੀ ਲਈ ਉਸੇ ਤਰ੍ਹਾਂ ਦੀ ਸੁਰੱਖਿਆ ਮੁਹੱਈਆ ਕਰਦੀ ਹੈ ਜਿਵੇਂ ਕਿ ਸੁਪਰੀਮ ਕੋਰਟ ਦੇ ਜੱਜਾਂ ਦੀ ਨਿਯੁਕਤੀ ਲਈ।’’ ਵਕੀਲ ਪ੍ਰਸ਼ਾਂਤ ਭੂਸ਼ਨ ਨੇ ਕਿਹਾ ਕਿ ਸਵਾਲ ਸੰਸਥਾ ਦੀ ਆਜ਼ਾਦੀ ਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮਹਾਰਾਸ਼ਟਰ ਵਰਗੇ ਸੂਬਿਆਂ, ਜਿੱਥੇ ਭਾਰਤੀ ਜਨਤਾ ਪਾਰਟੀ ਸੱਤਾ ਵਿੱਚ ਹੈ, ਕੈਗ ਦੇ ਆਡਿਟਾਂ ਵਿੱਚ ਅੜਿੱਕੇ ਡਾਹੇ ਜਾ ਰਹੇ ਹਨ। -ਪੀਟੀਆਈ