ਸੰਸਦ ਮੈਂਬਰ ਗੁਰਜੀਤ ਔਜਲਾ ਨੇ ਡੱਲੇਵਾਲ ਦਾ ਹਾਲ-ਚਾਲ ਪੁੱਛਿਆ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 25 ਦਸੰਬਰ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅੱਜ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਖਨੌਰੀ ਸਰਹੱਦ ਪੁੱਜੇ। ਸ੍ਰੀ ਔਜਲਾ ਨੇ ਐੱਮਐੱਸਪੀ ਗਾਰੰਟੀ ਕਾਨੂੰਨ ਦੀ ਮੰਗ ਲਈ ਮਰਨ ਵਰਤ ’ਤੇ ਬੈਠੇ ਡੱਲੇਵਾਲ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਜਲਦੀ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਹੱਕਾਂ ਦੇ ਨਾਲ-ਨਾਲ ਪੰਜਾਬ ਦੇ ਹੱਕਾਂ ਦੀ ਗੱਲ ਕਰ ਰਹੇ ਹਨ, ਪਰ ਕੇਂਦਰ ਸਰਕਾਰ ਕੰਨ ਬੰਦ ਕਰ ਕੇ ਬੈਠੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਡੱਲੇਵਾਲ ਪਿਛਲੇ ਤੀਹ ਦਿਨਾਂ ਤੋਂ ਮਰਨ ਵਰਤ ’ਤੇ ਹਨ। ਸ੍ਰੀ ਡੱਲੇਵਾਲ ਦੀ ਸਿਹਤ ਲਗਾਤਾਰ ਖ਼ਰਾਬ ਹੋ ਰਹੀ ਹੈ ਪਰ ਕਿਸੇ ਕੇਂਦਰੀ ਮੰਤਰੀ ਨੇ ਉਨ੍ਹਾਂ ਦੀ ਹਾਲਤ ਜਾਣਨ ਦੀ ਕੋਸ਼ਿਸ਼ ਨਹੀਂ ਕੀਤੀ। ਕਾਂਗਰਸ ਨੇ ਵੀ ਇਸ ਮੁੱਦੇ ’ਤੇ ਗੱਲ ਕਰਨ ਲਈ ਸਮਾਂ ਮੰਗਿਆ ਪਰ ਮਿਲਿਆ ਨਹੀਂ। ਉਨ੍ਹਾਂ ਭਰੋਸਾ ਦਿੱਤਾ ਕਿ ਹੁਣ ਫਿਰ ਉਹ ਕੇਂਦਰ ਕੋਲੋਂ ਸਮਾਂ ਮੰਗਣਗੇ। ਸ੍ਰੀ ਔਜਲਾ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਸ੍ਰੀ ਡੱਲੇਵਾਲ ਵਰਗੇ ਆਗੂ ਹਮੇਸ਼ਾ ਕਿਸਾਨਾਂ ਦਾ ਮਾਰਗਦਰਸ਼ਨ ਕਰਨ ਪਰ ਕੇਂਦਰ ਸਰਕਾਰ ਉਨ੍ਹਾਂ ਵਰਗਾ ਮਜ਼ਬੂਤ ਥੰਮ੍ਹ ਡੇਗਣਾ ਚਾਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਦੇ ਉੱਜਵਲ ਭਵਿੱਖ ਲਈ ਘੱਟੋ-ਘੱਟ ਸਮਰਥਨ ਮੁੱਲ ਜ਼ਰੂਰੀ ਹੈ। ਸਰਕਾਰ ਚਾਹੁੰਦੀ ਹੈ ਕਿ ਪੰਜਾਬ ਵਿੱਚ ਫ਼ਸਲੀ ਵੰਨ-ਸਵੰਨਤਾ ਆਵੇ ਪਰ ਇਹ ਐੱਮਐੱਸਪੀ ਤੋਂ ਬਿਨਾਂ ਸੰਭਵ ਨਹੀਂ ਹੈ। ਖੇਤੀ ਵੰਨ-ਸਵੰਨਤਾ ਤੋਂ ਬਿਨਾਂ ਪੰਜਾਬ ਦਾ ਪਾਣੀ ਨਹੀਂ ਬਚ ਸਕਦਾ। ਉਨ੍ਹਾਂ ਕਿਹਾ ਕਿ ਸਾਰੇ ਆਗੂਆਂ ਨੂੰ ਇਕੱਠੇ ਹੋ ਕੇ ਕੇਂਦਰ ਤੋਂ ਐੱਮਐੱਸਪੀ ਗਾਰੰਟੀ ਕਾਨੂੰਨ ਦੀ ਮੰਗ ਕਰਨੀ ਚਾਹੀਦੀ ਹੈ।
ਹਵਾਰਾ ਕਮੇਟੀ ਤੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਡੱਲੇਵਾਲ ਦੇ ਸੰਘਰਸ਼ ਦੀ ਹਮਾਇਤ
ਹਵਾਰਾ ਕਮੇਟੀ ਅਤੇ ਵਰਲਡ ਸਿੱਖ ਪਾਰਲੀਮੈਂਟ ਨੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸੰਘਰਸ਼ ਦੀ ਹਮਾਇਤ ਕੀਤੀ ਹੈ। ਜਥੇਦਾਰ ਹਵਾਰਾ ਨੇ ਕਿਹਾ ਕਿ ਡੱਲੇਵਾਲ ਦਾ ਸਿਰੜ ਸੰਘਰਸ਼ ਲਈ ਨਵਾਂ ਮੀਲ ਪੱਥਰ ਸਾਬਤ ਹੋਵੇਗਾ। ਹਵਾਰਾ ਕਮੇਟੀ ਦੇ ਆਗੂ ਬਾਪੂ ਗੁਰਚਰਨ ਸਿੰਘ ਅਤੇ ਪ੍ਰੋ. ਬਲਜਿੰਦਰ ਸਿੰਘ ਨੇ ਕਿਹਾ ਸਿੱਖ ਜਥੇਬੰਦੀ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਨਿਊਯਾਰਕ ਵਿੱਚ 28 ਦਸੰਬਰ ਨੂੰ ਭਾਰਤੀ ਮਿਸ਼ਨ ਸਾਹਮਣੇ ਕਿਸਾਨਾਂ ’ਤੇ ਹੋ ਰਹੇ ਜ਼ੁਲਮ ਵਿਰੁੱਧ ਰੋਸ ਮੁਜ਼ਾਹਰਾ ਅਤੇ ਰੈਲੀ ਕੀਤੀ ਜਾਵੇਗੀ। ਇਸ ਦਾ ਹਵਾਰਾ ਕਮੇਟੀ ਨੇ ਸਮਰਥਨ ਕੀਤਾ ਹੈ। ਉਨ੍ਹਾਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਸ੍ਰੀ ਡੱਲੇਵਾਲ ਦੀ ਹਮਾਇਤ ਕਰਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੇ ਹਮੇਸ਼ਾ ਕਿਸਾਨਾਂ ਨੂੰ ਅਣਗੌਲਿਆਂ ਕੀਤਾ ਹੈ।