ਸੰਸਦ ਮੈਂਬਰ ਰਾਜਾ ਵੜਿੰਗ ਤੇ ਬੈਂਸ ਗੁਰੂਘਰ ਨਤਮਸਤਕ
ਗੁਰਿੰਦਰ ਸਿੰਘ
ਲੁਧਿਆਣਾ, 30 ਮਈ
ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਕਈ ਕਾਂਗਰਸੀ ਆਗੂ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਵਿੱਖੇ ਨਤਮਸਤਕ ਹੋਏ।
ਇਸ ਮੌਕੇ ਕਾਂਗਰਸੀ ਆਗੂਆਂ ਨੇ ਠੰਡੇ ਮਿੱਠੇ ਜਲ ਦੀ ਲੱਗੀ ਛਬੀਲ ਵਿੱਚ ਸੇਵਾ ਕੀਤੀ ਅਤੇ ਸੰਗਤ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸ਼ਾਂਤੀ ਦੇ ਪੁੰਜ, ਸ਼ਹੀਦਾਂ ਦੇ ਸਿਰਤਾਜ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਬੇਮਿਸਾਲ ਹੈ। ਮਨੁੱਖਤਾ ਦੇ ਸੱਚੇ ਸੇਵਕ, ਧਰਮ ਦੇ ਰਖਵਾਲੇ, ਸ਼ਾਂਤ ਅਤੇ ਗੰਭੀਰ ਸੁਭਾਅ ਦੇ ਸਵਾਮੀ ਗੁਰੂ ਅਰਜੁਨ ਦੇਵ ਨੇ ਸੰਗਤ ਨੂੰ ਬਾਣੀ ਨਾਲ ਜੁੜੇ ਰਹਿਣ ਅਤੇ ਗੁਰੂ ਘਰ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਬੈਂਸ ਨੇ ਕਿਹਾ ਕਿ ਪੰਜਵੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖ ਧਰਮ ਦੇ ਪਹਿਲੇ ਸ਼ਹੀਦ ਗੁਰੂ ਹਨ। ਉਨ੍ਹਾਂ ਵੱਲੋਂ ਦਿੱਤੀ ਗਈ ਸ਼ਹਾਦਤ ਸਿੱਖ ਕੌਮ ਲਈ ਉਹ ਸ਼ਕਤੀ ਬਣ ਕੇ ਉੱਭਰੀ, ਜਿਸ ਤੋਂ ਅਗਵਾਈ ਲੈ ਕੇ ਸਿੱਖ ਪੰਥ ਨੇ ਸ਼ਹਾਦਤਾਂ ਦੀ ਇਕ ਅਜਿਹੀ ਲੜੀ ਸਿਰਜੀ, ਜਿਸ ਦਾ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਹੋਰ ਕੋਈ ਮੁਕਾਬਲਾ ਨਹੀਂ ਕਰ ਸਕਿਆ। ਇਸ ਮੌਕੇ ਪ੍ਰਬੰਧਕਾਂ ਵੱਲੋਂ ਰਾਜਾ ਵੜਿੰਗ ਅਤੇ ਬੈਂਸ ਨੂੰ ਸਿਰੋਪੇਾਓ ਭੇਟ ਕਰਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਜੱਸੀ ਖੰਗੂੜਾ ਵੀ ਹਾਜ਼ਰ ਸਨ।