ਹਰਿਆਣਾ: ਅੱਗ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਮਿਲੇਗਾ ਮੁਆਵਜ਼ਾ
ਆਤਿਸ਼ ਗੁਪਤਾ
ਚੰਡੀਗੜ੍ਹ, 21 ਅਪਰੈਲ
ਹਰਿਆਣਾ ਸਰਕਾਰ ਨੇ ਪਿਛਲੇ ਦਿਨੀਂ ਸੂਬੇ ਵਿੱਚ ਖੜ੍ਹੀ ਫਸਲ ਨੂੰ ਅੱਗ ਲੱਗਣ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਚੰਡੀਗੜ੍ਹ ਵਿੱਚ ਸਿਵਲ ਸਕੱਤਰੇਤ ’ਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸੂਬਾ ਭਰ ਵਿੱਚ ਅੱਗ ਲੱਗਣ ਕਾਰਨ ਕਿਸਾਨਾਂ ਦੇ ਹੋਏ ਫ਼ਸਲੀ ਤੇ ਪਸ਼ੂਆਂ ਦੇ ਨੁਕਸਾਨ ’ਤੇ ਚਿੰਤਾ ਪ੍ਰਗਟਾਉਂਦਿਆਂ ਜਲਦੀ ਹੀ ਇਸ ਦੀ ਭਰਪਾਈ ਕਰਨ ਦਾ ਐਲਾਨ ਕੀਤਾ।
ਸੈਣੀ ਨੇ ਸੂਬੇ ਦੇ ਪੀੜਤ ਕਿਸਾਨਾਂ ਨੂੰ ਇਸ ਸਬੰਧੀ ਜਲਦੀ ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਅਰਜ਼ੀਆਂ ਦੇਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੇ ਹੋਰ ਅਧਿਕਾਰੀਆਂ ਨੂੰ ਕਿਸਾਨਾਂ ਦੇ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਤਿਆਰ ਕਰਨ ਸਮੇਂ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਲਈ ਜਲਦੀ ਰਿਪੋਰਟ ਤਿਆਰ ਕੀਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਸਮਾਂ ਰਹਿੰਦਿਆਂ ਮੁਆਵਜ਼ਾ ਦਿੱਤਾ ਜਾ ਸਕੇ।
ਜ਼ਿਕਰਯੋਗ ਹੈ ਕਿ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਪਿਛਲੇ ਤਿੰਨ-ਚਾਰ ਦਿਨਾਂ ਦੌਰਾਨ ਸੈਂਕੜੇ ਏਕੜ ਕਣਕ ਦੀ ਫ਼ਸਲ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਈ ਹੈ। ਸਿਰਸਾ ਅਤੇ ਏਲਨਾਬਾਦ ’ਚ ਅਜਿਹੀਆਂ ਘਟਨਾਵਾਂ ਜ਼ਿਆਦਾ ਸਾਹਮਣੇ ਆਈਆਂ ਹਨ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਆਗਾਮੀ ਫ਼ਸਲਾਂ ਲਈ ਬੀਜ ਤੇ ਖਾਦ ’ਚ ਮਦਦ ਕਰੇਗੀ ਸਰਕਾਰ\B
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਆਗਾਮੀ ਫ਼ਸਲ ਸੀਜ਼ਨ ਦੇ ਪ੍ਰਬੰਧਾਂ ਬਾਰੇ ਵੀ ਗੱਲਬਾਤ ਕੀਤੀ। ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਗਲੀਆਂ ਫਸਲਾਂ ਲਈ ਬੀਜ ਤੇ ਖਾਦ ਵਿੱਚ ਵੀ ਪੀੜਤ ਕਿਸਾਨਾਂ ਦੀ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ’ਤੇ ਪੈਣ ਵਾਲੇ ਆਰਥਿਕ ਬੋਝ ਨੂੰ ਘਟਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।