ਹਰਿਆਣਾ ਘਟਨਾ ਦੀ ਜ਼ੀਰੋ ਐੱਫਆਈਆਰ ਦਰਜ ਕਰਵਾਈ ਜਾਵੇਗੀ: ਧਾਲੀਵਾਲ
ਪਰਮਜੀਤ ਸਿੰਘ/ਮਲਕੀਤ ਸਿੰਘ
ਫਾਜ਼ਿਲਕਾ/ਜਲਾਲਾਬਾਦ, 29 ਜੁਲਾਈ
ਪੰਜਾਬ ਦੇ ਐੱਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਦੇ ਪਿੰਡ ਚਿਮਨੇਵਾਲਾ ਪਹੁੰਚ ਕੇ ਐੱਨਆਰਆਈ ਪਰਿਵਾਰ ਨਾਲ ਮੁਲਾਕਾਤ ਕੀਤੀ। ਪਰਿਵਾਰ ’ਤੇ ਪਿਛਲੇ ਦਿਨੀਂ ਦਿੱਲੀ ਤੋਂ ਪੰਜਾਬ ਆਉਣ ਸਮੇਂ ਹਰਿਆਣਾ ਵਿੱਚ ਹਮਲਾ ਹੋਇਆ ਸੀ।
ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਪੱਤਰ ਲਿਖ ਕੇ ਘਟਨਾ ਵਿੱਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਤੋਂ ਮਿਲਣ ਦਾ ਸਮਾਂ ਵੀ ਮੰਗਿਆ ਹੈ ਤਾਂ ਜੋ ਹਰਿਆਣਾ ਸਰਕਾਰ ’ਤੇ ਦਬਾਅ ਬਣਾਇਆ ਜਾ ਸਕੇ ਤਾਂ ਕਿ ਦਿੱਲੀ ਅਤੇ ਪੰਜਾਬ ਵਿਚਕਾਰ ਸਫ਼ਰ ਦੌਰਾਨ ਪੰਜਾਬੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਧਾਲੀਵਾਲ ਨੇ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਨੂੰ ਦਿੱਲੀ ਨਾਲ ਜੋੜਦੀਆਂ ਸੜਕਾਂ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਪ੍ਰਾਪਤ ਜਾਣਕਾਰੀ ਅਨੁਸਾਰ ਵਿਦੇਸ਼ ਤੋਂ ਪਰਤੀ ਸੁਖਵਿੰਦਰ ਕੌਰ ਨੂੰ ਉਸ ਦਾ ਪਤੀ ਬੂਟਾ ਸਿੰਘ ਦਿੱਲੀ ਹਵਾਈ ਅੱਡੇ ਤੋਂ ਲੈਣ ਗਿਆ ਸੀ। ਪੰਜਾਬ ਲਈ ਵਾਪਸੀ ਮੌਕੇ ਰਾਹ ਵਿੱਚ ਉਨ੍ਹਾਂ ’ਤੇ ਹਮਲਾ ਹੋ ਗਿਆ। ਵਾਰਦਾਤ ਦੌਰਾਨ ਡਰਾਈਵਰ ਲਖਵਿੰਦਰ ਸਿੰਘ ਨੇ ਹਮਲਾਵਰਾਂ ਨੂੰ ਝਕਾਨੀ ਦਿੰਦਿਆਂ ਪਰਿਵਾਰ ਦੀ ਜਾਨ ਬਚਾਈ। ਮੰਤਰੀ ਨੇ ਡਰਾਈਵਰ ਨੂੰ ਇੱਕ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ। ਉਨ੍ਹਾਂ ਲਖਵਿੰਦਰ ਸਿੰਘ ਨੂੰ ਪੰਜਾਬ ਸਰਕਾਰ ਤੋਂ ਬਹਾਦਰੀ ਪੁਰਸਕਾਰ ਦਿਵਾਉਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਏਆਈਜੀ ਐੱਨਆਰਆਈ ਜੇਐੱਸ ਵਾਲੀਆ, ਐੱਸਡੀਐੱਮ ਵਿਪਨ ਭੰਡਾਰੀ, ਦੇਵਰਾਜ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।