ਹਰਿਆਣਾ ’ਚ ਵੀ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੇ ਜਾਣਗੇ ਕਰੋੜ ਰੁਪਏ
ਆਤਿਸ਼ ਗੁਪਤਾ
ਚੰਡੀਗੜ੍ਹ, 28 ਦਸੰਬਰ
ਹਰਿਆਣਾ ਵਿੱਚ ਵੀ ਪੰਜਾਬ ਦੀ ਤਰਜ਼ ’ਤੇ ਸ਼ਹੀਦ ਹੋਏ ਕੇਂਦਰੀ ਹਥਿਆਰਬੰਦ ਫੋਰਸ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਨੂੰ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪ੍ਰਵਾਨਗੀ ਦਿੱਤੀ ਗਈ। ਇਸ ਤੋਂ ਪਹਿਲਾਂ ਹਰਿਆਣਾ ਵਿੱਚ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ 50 ਲੱਖ ਰੁਪਏ ਮੁਆਵਜ਼ਾ ਰਾਸ਼ੀ ਵਜੋਂ ਦਿੱਤੇ ਜਾਂਦੇ ਸਨ ਜਿਸ ਨੂੰ ਹੁਣ ਵਧਾ ਕੇ ਇਕ ਕਰੋੜ ਰੁਪਏ ਕਰ ਦਿੱਤਾ ਗਿਆ ਹੈ।
ਸੈਣੀ ਨੇ ਕਿਹਾ ਕਿ ਫੌਜ ਦਾ ਜਵਾਨ ਆਪਣੇ ਘਰ ਤੇ ਪਰਿਵਾਰ ਦੀ ਚਿੰਤਾ ਕੀਤੇ ਬਿਨਾਂ ਦੇਸ਼ ਦੀ ਰੱਖਿਆ ਲਈ ਹਰ ਸਮੇਂ ਤਾਇਨਾਤ ਰਹਿੰਦਾ ਹੈ। ਇਸ ਦੌਰਾਨ ਸ਼ਹੀਦ ਹੋਣ ਵਾਲੇ ਜਵਾਨ ਦੇ ਪਰਿਵਾਰ ਕੋਲ ਆਮਦਨ ਦਾ ਕੋਈ ਹੋਰ ਸਰੋਤ ਨਹੀਂ ਰਹਿੰਦਾ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹਰਿਆਣਾ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਰਾਸ਼ੀ ਇਕ ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਹੈ।
ਡਿਪਟੀ ਕਮਿਸ਼ਨਰਾਂ ਤੋਂ ਗੜਿਆਂ ਨਾਲ ਨੁਕਸਾਨੀਆਂ ਫਸਲਾਂ ਦੀ ਰਿਪੋਰਟ ਮੰਗੀ
ਹਰਿਆਣਾ ਮੰਤਰੀ ਮੰਡਲ ਨੇ ਲੰਘੇ ਦਿਨ ਸੂਬੇ ਵਿੱਚ ਪਏ ਗੜਿਆਂ ਬਾਰੇ ਵਿਚਾਰ-ਚਰਚਾ ਕੀਤੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਹਰਿਆਣਾ ਵਿੱਚ ਗੜਿਆਂ ਨਾਲ ਖਰਾਬ ਹੋਈ ਫਸਲ ਦੀ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਫਸਲ ਦਾ ਬੀਮਾ ਹੋਇਆ ਹੈ, ਉਨ੍ਹਾਂ ਨੂੰ ਬੀਮਾ ਕੰਪਨੀ ਤੋਂ ਅਤੇ ਬਾਕੀਆਂ ਨੂੰ ਸੂਬਾ ਸਰਕਾਰ ਵੱਲੋਂ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।