ਹਰਿਆਣਾ ਦੇ ਮੁੱਖ ਮੰਤਰੀ ਰਾਹੀਂ ਪੰਜਾਬ ’ਚ ਜ਼ਮੀਨ ਮਜ਼ਬੂਤ ਕਰਨ ਲੱਗੀ ਭਾਜਪਾ
ਆਤਿਸ਼ ਗੁਪਤਾ
ਚੰਡੀਗੜ੍ਹ, 27 ਅਪਰੈਲ
ਪੰਜਾਬ ਦੀ ਸਿਆਸਤ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਹਾਰੇ ਲੰਬਾ ਸਮਾਂ ਸੱਤਾ ਦਾ ਸੁੱਖ ਭੋਗਣ ਵਾਲੀ ਭਾਜਪਾ ਵੱਲੋਂ ਹੁਣ ਖ਼ੁਦ ਨੂੰ ਪੰਜਾਬ ਵਿੱਚ ਮਜ਼ਬੂਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਭਾਜਪਾ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਦੌਰਾਨ ਭਾਜਪਾ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਰਾਹੀਂ ਪੰਜਾਬ ਵਿੱਚ ਸਿਆਸੀ ਜ਼ਮੀਨ ਤਿਆਰ ਕੀਤੀ ਜਾ ਰਹੀ ਹੈ। ਇਸੇ ਕਰ ਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੁਝ ਸਮੇਂ ਤੋਂ ਪੰਜਾਬ ਵਿੱਚ ਗਤੀਵਿਧੀਆਂ ਵਧਾ ਦਿੱਤੀਆਂ ਹਨ।
ਭਾਜਪਾ ਵੱਲੋਂ ਪਹਿਲਾਂ ਪੰਜਾਬ ਵਿੱਚ ਸਿੱਖ ਵੋਟਰਾਂ ਨੂੰ ਜੋੜਨ ਲਈ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਵੱਡੀ ਗਿਣਤੀ ਵਿੱਚ ਸਿੱਖ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ ਹੈ। ਦੂਜੇ ਪਾਸੇ, ਹੁਣ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀਆਂ ਪੰਜਾਬ ਵਿੱਚ ਵਧੀਆਂ ਗਤੀਵਿਧੀਆਂ ਤੋਂ ਸਪਸ਼ਟ ਹੈ ਕਿ ਭਾਜਪਾ ਓਬੀਸੀ ਵਰਗ ਨਾਲ ਸਬੰਧਤ ਵੋਟਰ ਨੂੰ ਵੀ ਨੇੜੇ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਸ੍ਰੀ ਸੈਣੀ ਦੇ ਜ਼ਿਆਦਾਤਰ ਪ੍ਰੋਗਰਾਮ ਹਰਿਆਣਾ ਦੀ ਸਰਹੱਦ ਦੇ ਨਾਲ ਲਗਦੇ ਪੰਜਾਬ ਦੇ ਇਲਾਕਿਆਂ ਵਿੱਚ ਕਰਵਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਭਾਜਪਾ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਕਰ ਕੇ ਸਿਆਸਤ ਕਰਦੀ ਆ ਰਹੀ ਸੀ। ਇਹ ਗੱਠਜੋੜ ਟੁੱਟਣ ਉਪਰੰਤ ਭਾਜਪਾ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਸਾਬਕਾ ਮੁੱਖ ਮੰਤਰੀ ਕੈੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਮਿਲ ਕੇ ਲੜੀਆਂ ਸਨ ਜਦੋਂਕਿ ਸਾਲ 2024 ਦੀਆਂ ਲੋਕ ਸਭਾ ਚੋਣਾਂ ਇਕੱਲੇ ਤੌਰ ’ਤੇ ਲੜੀਆਂ ਸਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਪੱਲੇ 117 ਵਿੱਚੋਂ ਸਿਰਫ਼ ਇਕ ਸੀਟ ਹੀ ਪਈ ਸੀ। ਭਾਜਪਾ ਨੂੰ 6.6 ਫ਼ੀਸਦ ਵੋਟਾਂ ਪਈਆਂ ਸਨ। ਸਾਲ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਖਾਤਾ ਨਹੀਂ ਸੀ ਖੋਲ੍ਹ ਸਕੀ ਪਰ ਭਾਜਪਾ ਦਾ ਵੋਟ ਫ਼ੀਸਦ ਤਿੰਨ ਗੁਣਾ ਵਧ ਕੇ 18.56 ਫ਼ੀਸਦ ’ਤੇ ਪਹੁੰਚ ਗਿਆ ਸੀ।
ਕਈ ਸਮਾਗਮਾਂ ਵਿੱਚ ਸ਼ਾਮਲ ਹੋਏ ਸੈਣੀ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਿਛਲੇ ਦਿਨਾਂ ਦੌਰਾਨ ਪੰਜਾਬ ’ਚ ਕਈ ਸਮਾਗਮਾਂ ਵਿੱਚ ਸ਼ਾਮਲ ਹੋਏ ਹਨ। ਇਸ ਤੋਂ ਇਲਾਵਾ ਸ੍ਰੀ ਸੈਣੀ ਵੱਲੋਂ ਹਰਿਆਣਾ ਦੇ ਨਾਲ ਫਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਸੰਗਰੂਰ ਤੇ ਲੁਧਿਆਣਾ ਵਿੱਚ ਕਈ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ ਹੈ। ਲੰਘੇ ਦਿਨ ਵੀ ਉਹ ਡੇਰਾਬੱਸੀ ਵਿੱਚ ਸਮਾਗਮ ਕੇਸਰੀ ਰੰਗ ਦੀ ਦਸਤਾਰ ਸਜਾ ਕੇ ਆਏ ਸਨ ਤੇ ਭਾਸ਼ਣ ਵਿੱਚ ਵਾਰ-ਵਾਰ ਪੰਜਾਬੀ ਭਾਸ਼ਾ ਦੀ ਵਰਤਣ ਦੀ ਕੋਸ਼ਿਸ਼ ਕੀਤੀ।