ਹਰਿਆਣਾ ਨਵੀਂ ਸਿੱਖਿਆ ਨੀਤੀ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣੇਗਾ: ਢਾਂਡਾ
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 29 ਅਪਰੈਲ
ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਕਿਹਾ ਹੈ ਕਿ ਹਰਿਆਣਾ ਦੇਸ਼ ਦੇ ਸਾਰੇ ਸੂਬਿਆਂ ਵਿੱਚ ਨਵੀਂ ਸਿਖਿਆ ਨੀਤੀ 2020 ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣ ਜਾਵੇਗਾ। ਇਸ ਸਿਖਿਆ ਨੀਤੀ ਵਿਚ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਉਦਮਤਾ ਵਿਸ਼ਾ ਵੀ ਪੜ੍ਹਾਇਆ ਜਾਵੇਗਾ। ਇੰਨਾ ਹੀ ਨਹੀਂ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਲਈ ਇੰਟਰਨਸ਼ਿਪ ਕਰਨਾ ਵੀ ਲਾਜ਼ਮੀ ਹੋਵੇਗਾ। ਇਸ ਤਰ੍ਹਾਂ ਦੀ ਸਿੱਖਿਆ ਪ੍ਰਾਪਤ ਕਰਕੇ ਨੌਜਵਾਨ ਬੇਰੁਜ਼ਗਾਰਾਂ ਦੀ ਕਤਾਰ ਵਿੱਚ ਸ਼ਾਮਲ ਹੋਣ ਦੀ ਥਾਂ ਆਪਣੇ ਆਪ ਨੂੰ ਰੁਜ਼ਗਾਰ ਦੇ ਯੋਗ ਬਣਾਉਣਗੇ। ਉਹ ਅੱਜ ਬਾਬੈਨ ਸਥਿਤ ਸੰਜੇ ਗਾਂਧੀ ਓਮ ਪ੍ਰਕਾਸ਼ ਗਰਗ ਮੈਮੋਰੀਅਲ ਸਕੂਲ ਵਿੱਚ ਸਾਲਾਨਾ ਇਨਾਮ ਵੰਡ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਤੇ ਸਕੂਲ ਦੇ ਪ੍ਰਧਾਨ ਪਵਨ ਗਰਗ ਨੇ ਦੀਪ ਜਗਾ ਕੇ ਪ੍ਰੋਗਰਾਮ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਕੂਲ ਵਿਚ ਬਣਨ ਵਾਲੀ ਲੈਬਾਰਟਰੀ ਦਾ ਨੀਂਹ ਪੱਥਰ ਰੱਖਿਆ ਤੇ ਪੌਦਾ ਵੀ ਲਾਇਆ। ਉਨਾਂ ਨੇ ਵਿਦਿਆਰਥੀਆਂ ਵਲੋਂ ਲਗਾਈ ਵਿਗਿਆਨ ਪ੍ਰਦਰਸ਼ਨੀ ਦਾ ਮੁਆਇਨਾ ਵੀ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਭ ਤੋਂ ਪਹਿਲਾਂ ਸਵੈ ਰੁਜ਼ਗਾਰ ਨੀਤੀ ਲਿਆ ਕੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਤੋਂ ਬਾਹਰ ਕੱਢਣ ਦਾ ਪ੍ਰਬੰਧ ਕੀਤਾ ਤੇ ਨਾਲ ਹੀ ਨਵੀਂ ਸਿੱਖਿਆ ਨੀਤੀ ਬਣਾ ਕੇ ਇਸ ਦੇ ਅੰਦਰ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕੰਮ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਅੱਜ ਦੀਆਂ ਲੋੜਾਂ ਅਨੁਸਾਰ ਸਿੱਖਿਆ ਦੇਣੀ ਹੋਵੇਗੀ। ਸਕੂਲ ਵਿੱਚ ਕਰਵਾਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਬੱਚਿਆਂ ਨੇ ਹਰਿਆਣਵੀ, ਪੰਜਾਬੀ, ਤੇ ਦੇਸ਼ ਭਗਤੀ ਦੇ ਗੀਤਾਂ ਦੀ ਪੇਸ਼ਕਾਰੀ ਦਿੱਤੀ। ਇਸ ਤੋਂ ਇਲਾਵਾ ਮੋਬਾਈਲ ਦੇ ਮਾੜੇ ਪ੍ਰਭਾਵ ਬਾਰੇ ਨੁੱਕੜ ਨਾਟਕ ਖੇਡਿਆ ਗਿਆ। ਸੰਸਥਾ ਦੇ ਪ੍ਰਧਾਨ ਪਵਨ ਗਰਗ ਨੇ ਸੰਸਥਾ ਦੀਆਂ ਗਤੀਵਿਧੀਆਂ ’ਤੇ ਚਾਨਣਾ ਪਾਇਆ। ਇਸ ਮੌਕੇ ਸਰਪੰਚ ਸੰਜੀਵ ਸਿੰਗਲਾ, ਭਾਜਪਾ ਆਗੂ ਸੁਭਾਸ਼ ਕਲਸਾਣਾ, ਗੁਰਦੇਵ ਸਿੰਘ, ਮੇਘ ਰਾਜ ਸੈਣੀ, ਮਨਦੀਪ ਸਿੰਘ, ਰੋਹਿਤ ਗਰਗ, ਹਰਪ੍ਰੀਤ ਸਿੰਘ ਚੀਮਾ ਮੌਜੂਦ ਸਨ।