ਹਰਿਮੰਦਰ ਸਾਹਿਬ ਦੀ ਸੁਰੱਖਿਆ ਲਈ ਅੰਮ੍ਰਿਤਸਰ ਨੂੰ ‘ਨੋ ਵਾਰ ਜ਼ੋਨ’ ਐਲਾਨਣ ਦੀ ਮੰਗ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 3 ਜੂਨ
ਅੰਮ੍ਰਿਤਸਰ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਤੋਂ ਹਰਿਮੰਦਰ ਸਾਹਿਬ ਦੀ ਸੁਰੱਖਿਆ ਲਈ ਅੰਮ੍ਰਿਤਸਰ ਨੂੰ ਨੋ ਵਾਰ ਜ਼ੋਨ ਐਲਾਨਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜਿਆ ਹੈ। ਇਸੇ ਤਰ੍ਹਾਂ ਦਾ ਇੱਕ ਪੱਤਰ ਕਾਂਗਰਸ ਦੇ ਹੋਰ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵੀ ਪ੍ਰਧਾਨ ਮੰਤਰੀ ਨੂੰ ਭੇਜਿਆ ਗਿਆ ਹੈ।
ਸੰਸਦ ਮੈਬਰਾਂ ਨੇ ਕਿਹਾ ਕਿ ਭਾਰਤੀ ਫੌਜ ਦੇ ਇੱਕ ਮੇਜਰ ਜਨਰਲ ਦੇ ਦਾਅਵੇ ਤੋਂ ਬਾਅਦ ਇਹ ਮੰਗ ਹੋਰ ਵੀ ਮਹੱਤਵਪੂਰਨ ਹੋ ਗਈ ਹੈ। ਮੇਜਰ ਜਨਰਲ ਨੇ ਕਿਹਾ ਸੀ ਕਿ ਪਾਕਿਸਤਾਨੀ ਹਵਾਈ ਫੌਜ ਨੇ ਹਰਿਮੰਦਰ ਸਾਹਿਬ ਨੂੰ ਨਿਸ਼ਾਨਾ ਬਣਾਇਆ ਸੀ। ਇਸ ਦਾਅਵੇ ਨੇ ਦੁਨੀਆ ਭਰ ਦੇ ਸਿੱਖ ਭਾਈਚਾਰੇ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ।
ਲੋਕ ਸਭਾ ਮੈਂਬਰ ਨੇ ਕਿਹਾ ਕਿ ਹਰਿਮੰਦਰ ਸਾਹਿਬ ਸਿੱਖ ਧਰਮ ਦਾ ਸਭ ਤੋਂ ਪਵਿੱਤਰ ਸਥਾਨ ਹੈ। ਦੁਨੀਆ ਭਰ ਤੋਂ ਲੱਖਾਂ ਸ਼ਰਧਾਲੂ ਇੱਥੇ ਆਉਂਦੇ ਹਨ। ਉਨ੍ਹਾਂ ਹਰਿਮੰਦਰ ਸਾਹਿਬ ਲਈ ਵੈਟੀਕਨ ਸਿਟੀ ਵਾਂਗ ਸਥਾਈ ਅਤੇ ਗੈਰ-ਰਾਜਨੀਤਿਕ ਸੁਰੱਖਿਆ ਪ੍ਰਬੰਧਾਂ ਦੀ ਮੰਗ ਕੀਤੀ ਹੈ। ਸੰਸਦ ਮੈਂਬਰ ਨੇ ਯੂਐੱਨਓ ਤੋਂ ਵੀ ਇਸ ਪਵਿੱਤਰ ਸਥਾਨ ਨੂੰ ਅੰਤਰਰਾਸ਼ਟਰੀ ਮਾਨਤਾ ਅਤੇ ਸੁਰੱਖਿਆ ਦੇਣ ਦੀ ਮੰਗ ਕੀਤੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਵਿੱਚ ਇਸ ਸਥਾਨ ਨੂੰ ਕਿਸੇ ਵੀ ਫੌਜੀ ਜਾਂ ਰਾਜਸੀ ਨਿਸ਼ਾਨੇ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ। ਹਰਿਮੰਦਰ ਸਾਹਿਬ ਵਿਸ਼ਵ ਸ਼ਾਂਤੀ ਦਾ ਪ੍ਰਤੀਕ ਹੈ ਅਤੇ ਇਸ ਦੀ ਸੁਰੱਖਿਆ ਭਾਰਤ ਅਤੇ ਅੰਤਰਰਾਸ਼ਟਰੀ ਭਾਈਚਾਰੇ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸ ਮੰਗ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ।