‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਨੂੰ ਮੈਗਾ ਮੁਹਿੰਮ ਵਜੋਂ ਮਨਾਇਆ
ਪੱਤਰ ਪ੍ਰੇਰਕ
ਹੁਸ਼ਿਆਰਪੁਰ, 9 ਮਈ
ਡੇਂਗੂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਜਗਦੀਪ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹੇ ਵਿੱਚ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਨੂੰ ਮੈਗਾ ਮੁਹਿੰਮ ਵਜੋਂ ਮਨਾਇਆ ਗਿਆ। ਇਸ ਦੌਰਾਨ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੁਹਿੰਮ ਵਿੱਚ ਐਂਟੀ ਲਾਰਵਾ ਟੀਮਾਂ, ਮਲਟੀ ਪਰਪਜ਼ ਹੈਲਥ ਵਰਕਰ, ਏਐੱਨਐੱਮ, ਆਸ਼ਾ ਵਰਕਰ, ਬਰੀਡਿੰਗ ਚੈਕਰ ਵੱਲੋਂ ਘਰ ਘਰ ਜਾ ਕੇ ਸਰਵੇ ਕੀਤਾ ਗਿਆ। ਜਿਨ੍ਹਾਂ ਘਰਾਂ ਵਿੱਚ ਮੱਛਰਾਂ ਦਾ ਲਾਰਵਾ ਪਾਇਆ ਗਿਆ, ਉਸ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ ਗਿਆ। ਲੋੜੀਂਦੀਆਂ ਥਾਵਾਂ ਤੇ ਲਾਰਵੀਸਾਈਡ ਸਪਰੇਅ ਵੀ ਕਰਵਾਈ ਗਈ। ਜ਼ਿਲ੍ਹਾ ਪੱਧਰ ’ਤੇ ਇਨ੍ਹਾਂ ਗਤੀਵਿਧੀਆਂ ਦੀ ਸ਼ੁਰੂਆਤ ਮੌਕੇ ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਸਿਵਲ ਸਰਜਨ ਦਫ਼ਤਰ ਤੋਂ ਐਂਟੀ ਲਾਰਵਾ ਟੀਮਾਂ ਨੂੰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਿਵਲ ਸਰਜਨ ਨੇ ਕਿਹਾ ਕਿ ਸਾਵਧਾਨੀਆਂ ਵਰਤ ਕੇ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਦਾ ਟੈਸਟ ਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਹੁੰਦਾ ਹੈ। ਸ਼ਹਿਰ ਵਿੱਚ 10 ਐਂਟੀ ਲਾਰਵਾ ਟੀਮਾਂ ਵੱਲੋਂ ਮੁਹਿੰਮ ਵਿੱਢੀ ਗਈ। ਸਰਵੇ ਗਤੀਵਿਧੀਆਂ ਦੌਰਾਨ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਅਤੇ ਇਸ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ।