ਹਲਮਾਵਰਾਂ ਵੱਲੋਂ ਘਰ ਵਿੱਚ ਦਾਖ਼ਲ ਹੋ ਕੇ ਨੌਜਵਾਨ ਦੀ ਹੱਤਿਆ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 8 ਮਈ
ਇੱਥੋਂ ਦੇ ਇਸਲਾਮਾਬਾਦ ਇਲਾਕੇ ਦੀ ਰਾਮ ਨਗਰ ਕਲੋਨੀ ਵਿੱਚ ਬੀਤੀ ਰਾਤ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਵੱਲੋਂ ਇੱਕ ਜਣੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਸੌਰਵ ਸੋਢੀ (37) ਵਜੋਂ ਹੋਈ ਹੈ ਜੋ ਅਕਾਊਂਟੈਂਟ ਸੀ। ਘਟਨਾ ਰਾਤ ਕਰੀਬ 11.45 ਵਜੇ ਦੀ ਹੈ।
ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ। ਜਾਣਕਾਰੀ ਮੁਤਾਬਕ ਚਾਰ ਵਿਅਕਤੀ ਸਕੂਟਰ ਅਤੇ ਮੋਟਰਸਾਈਕਲ ‘ਤੇ ਆਏ ਸਨ। ਉਨ੍ਹਾਂ ਨੇ ਘਰ ਵਿਚ ਦਾਖ਼ਲ ਹੋ ਕੇ ਸੌਰਵ ‘ਤੇ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਉਸ ਦੀ ਛਾਤੀ ਵਿੱਚ ਲੱਗੀ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਅੱਜ ਸੋਮਵਾਰ ਨੂੰ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।
ਮ੍ਰਿਤਕ ਦੇ ਰਿਸ਼ਤੇਦਾਰ ਧੀਰਜ ਸੋਢੀ ਨੇ ਦੱਸਿਆ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਹ ਘਰ ਵਿੱਚ ਮੌਜੂਦ ਸੀ ਜਦੋਂ ਹਮਲਾਵਰਾਂ ਨੇ ਆ ਕੇ ਉਸ ‘ਤੇ ਗੋਲੀਆਂ ਚਲਾਈਆਂ। ਉਸ ਦੱਸਿਆ ਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਸ਼ੱਕੀ ਵਿਅਕਤੀਆਂ ਦੇ ਚਿਹਰੇ ਕੈਦ ਹੋ ਗਏ ਹਨ।
ਇਸਲਾਮਾਬਾਦ ਥਾਣੇ ਦੇ ਐਸਐਚਓ ਮੋਹਿਤ ਕੁਮਾਰ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਸ਼ੱਕੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।