ਹਲਵਾਰਾ ਹਵਾਈ ਅੱਡੇ ਦੇ ਨਾਮ ਬਦਲੀ ਦੀ ਫਾਈਲ ਫੱਕ ਰਹੀ ਹੈ ਧੂੜ
ਸੰਤੋਖ ਗਿੱਲ
ਗੁਰੂਸਰ ਸੁਧਾਰ, 8 ਅਪਰੈਲ
ਲੁਧਿਆਣਾ ਜ਼ਿਲ੍ਹੇ ਦੇ ਪਿੰਡ ਐਤੀਆਣਾ ਵਿੱਚ ਉਸਾਰੀ ਅਧੀਨ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਕੌਮਾਂਤਰੀ ਹਵਾਈ ਅੱਡਾ ਰੱਖਣ ਦਾ ਮਤਾ ਕਰੀਬ ਦੋ ਸਾਲ ਤੋਂ ਸੂਬਾ ਅਤੇ ਕੇਂਦਰ ਸਰਕਾਰ ਦੇ ਦਫ਼ਤਰਾਂ ਦੀ ਖ਼ਾਕ ਛਾਣ ਰਿਹਾ ਹੈ। 22 ਮਾਰਚ 2023 ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲਕਦਮੀ ’ਤੇ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਪਰ ਰੱਖਣ ਲਈ ਵਿਧਾਨ ਸਭਾ ਵਿੱਚ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਅਧੀਨ ਸਕੱਤਰ ਦੀਪਕ ਨਾਗਪਾਲ ਅਨੁਸਾਰ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਮਤੇ ਦੀ ਪ੍ਰਤੀ ਬੇਨਤੀ 19 ਸਤੰਬਰ 2024 ਨੂੰ ਪ੍ਰਾਪਤ ਹੋਈ ਹੈ ਅਤੇ ਸਬੰਧਤ ਹੋਰ ਮੰਤਰਾਲਿਆਂ ਅਤੇ ਵਿਭਾਗਾਂ ਨਾਲ ਚਰਚਾ ਤੋਂ ਬਾਅਦ ਅੰਤਿਮ ਪ੍ਰਵਾਨਗੀ ਲਈ ਇਹ ਕੇਂਦਰੀ ਕੈਬਨਿਟ ਕੋਲ ਭੇਜੀ ਗਈ ਹੈ, ਜੋ ਹਾਲੇ ਵਿਚਾਰ ਅਧੀਨ ਹੈ। ਦੋ ਸਾਲ ਪਹਿਲਾਂ 22 ਮਾਰਚ 2023 ਨੂੰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਤੋਂ ਇਕ ਦਿਨ ਪਹਿਲਾਂ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲਕਦਮੀ ’ਤੇ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ਉਪਰ ਰੱਖਣ ਲਈ ਮਤਾ ਪਾਸ ਕੀਤਾ ਗਿਆ ਸੀ। ਮੁੱਖ ਮੰਤਰੀ ਨੇ ਇੱਕ ਹੋਰ ਮਤੇ ਰਾਹੀਂ ਸ਼ਹੀਦ ਸਰਾਭਾ ਅਤੇ ਸ਼ਹੀਦ ਭਗਤ ਸਿੰਘ ਨੂੰ ‘ਭਾਰਤ ਰਤਨ’ ਐਵਾਰਡ ਦੇਣ ਦੀ ਵੀ ਮੰਗ ਕੀਤੀ ਸੀ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਨੁਸਾਰ ਇਹ ਮਤਾ ਪਾਸ ਹੋਣ ਤੋਂ ਕਰੀਬ ਡੇਢ ਸਾਲ ਬਾਅਦ ਪਿਛਲੇ ਸਾਲ 19 ਸਤੰਬਰ ਨੂੰ ਪ੍ਰਾਪਤ ਹੋਇਆ ਹੈ। ਇਸ ਤਰ੍ਹਾਂ ਇਹ ਮਤਾ ਪਿਛਲੇ ਦੋ ਸਾਲਾਂ ਤੋਂ ਦਫ਼ਤਰਾਂ ਦੀ ਧੂੜ ਫੱਕ ਰਿਹਾ ਹੈ।