ਹਸਪਤਾਲਾਂ ’ਚ ਮੁੱਢਲੀਆਂ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਦੇ ਹੁਕਮ
ਪੱਤਰ ਪ੍ਰੇਰਕ
ਮਾਨਸਾ, 12 ਜੂਨ
ਮਾਨਸਾ ਦੇ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸਮੂਹ ਸਿਹਤ ਸੰਸਥਾਵਾਂ ਵਿਚ ਦਵਾਈਆਂ, ਲੈਬ ਟੈਸਟ, ਐਕਸ-ਰੇ, ਈਸੀਜੀ ਅਤੇ ਮਰੀਜ਼ਾਂ ਲਈ ਪੀਣ ਵਾਲੇ ਪਾਣੀ, ਬਿਜਲੀ, ਪੱਖੇ, ਕੂਲਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਹਸਪਤਾਲ ਦੇ ਅੰਦਰ ਕੋਈ ਵੀ ਮਸ਼ੀਨ ਜਾਂ ਕੋਈ ਹੋਰ ਜ਼ਰੂਰੀ ਇਲੈਕਟਰੋਨਿਕ ਚੀਜ਼ ਖਰਾਬ ਹੁੰਦੀ ਹੈ ਤਾਂ ਉਸ ਨੂੰ ਤੁਰੰਤ ਠੀਕ ਕਰਵਾਉਣ ਦੀ ਹਦਾਇਤ ਕੀਤੀ।
ਸਿਵਲ ਸਰਜਨ ਨੇ ਕਿਹਾ ਕਿ ਜੇਕਰ ਕੋਈ ਵੀ ਜ਼ਰੂਰੀ ਉਪਰਕਰਨ ਠੀਕ ਹੋਣ ਦੇ ਯੋਗ ਨਹੀਂ ਤਾਂ ਉਹ ਹਰ ਹਸਪਤਾਲ ਵਿੱਚ ਬਣਾਈ ਗਈ ਕਮੇਟੀ ਵਿੱਚ ਵਿਚਾਰ ਚਰਚਾ ਕਰਕੇ ਉਸ ਨੂੰ ਨਵਾਂ ਖਰੀਦਣ ਸਬੰਧੀ ਲੋੜੀਂਦੀ ਪ੍ਰਕਿਰਿਆ ਅਮਲ ਵਿਚ ਲਿਆਂਦੀ ਜਾਵੇ ਅਤੇ ਉਚ ਅਧਿਕਾਰੀਆਂ ਦੇ ਤੁਰੰਤ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਵਾਰਸਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਗਰਮੀ ਅਤੇ ਬਰਸਾਤੀ ਮੌਸਮ ਨੂੰ ਮੁੱਖ ਰੱਖਦੇ ਹੋਏ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਡੇਂਗੂ, ਮਲੇਰੀਆ ਅਤੇ ਕਰੋਨਾ ’ਤੇ ਵੀ ਵਿਸ਼ੇਸ਼ ਚਰਚਾ ਕੀਤੀ।
ਸਿਵਲ ਸਰਜਨ ਨੇ ਕਿਹਾ ਕਿ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਸਟਾਫ਼ ਨਾਲ ਰੈਗੂਲਰ ਮੀਟਿੰਗਾਂ ਕਰਨ, ਸਿਹਤ ਕੇਂਦਰਾਂ ਵਿੱਚ ਸਟਾਫ ਦੀ ਹਾਜ਼ਰੀ ਯਕੀਨੀ ਅਤੇ ਸਿਹਤ ਸੰਸਥਾਵਾਂ ਦਾ ਸਮੇਂ-ਸਮੇਂ ’ਤੇ ਨਿਰੀਖਣ ਕਰਨ।
ਇਸ ਮੌਕੇ ਡਾ. ਮਯੰਕ, ਡਾ. ਬਲਜੀਤ ਕੌਰ, ਡਾ.ਨਿਸ਼ੀ ਸੂਦ, ਡਾ. ਮਨਜੀਤ ਕੌਰ, ਡਾ. ਵਿਜੈ, ਡਾ. ਛਵੀ ਬਜਾਜ, ਵਿਜੈ ਕੁਮਾਰ ਜੈਨ, ਪ੍ਰਤਾਪ ਸਿੰਘ ਤੇ ਸੰਤੋਸ਼ ਭਾਰਤੀ ਮੌਜੂਦ ਸਨ।