ਹਾਕੀ: ਮਹਾਰਾਜਾ ਭੁਪੇਂਦਰ ਸਿੰਘ ਪੰਜਾਬ ਸਪੋਰਟਸ ’ਵਰਸਿਟੀ ਨੇ ਟਰਾਫੀ ਜਿੱਤੀ
ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 30 ਨਵੰਬਰ
ਖਾਲਸਾ ਕਾਲਜ ਫਿਜ਼ੀਕਲ ਐਜੂਕੇਸ਼ਨ ਵਿੱਚ ਹੋਏ ਅੰਤਰ ਯੂਨੀਵਰਸਿਟੀ ਨਾਰਥ ਜ਼ੋਨ ਮਹਿਲਾ ਹਾਕੀ ਟੂਰਨਾਮੈਂਟ ਦੀ ਟਰਾਫੀ ਮਹਾਰਾਜਾ ਭੁਪੇਂਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਜਿੱਤੀ। ਖਾਲਸਾ ਯੂਨੀਵਰਸਿਟੀ ਦੇ ਪ੍ਰੋ. ਚਾਂਸਲਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਟੀਮ ਨੂੰ ਟਰਾਫੀ ਦਿੱਤੀ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਖੇਡਾਂ ਨੂੰ ਜ਼ਰੂਰ ਅਪਨਾਉਣਾ ਚਾਹੀਦਾ ਹੈ ਕਿਉਂਕਿ ਖੇਡਾਂ ਜਿੱਥੇ ਸਰੀਰਿਕ ਤੰਦਰੁਸਤੀ ਲਈ ਲਾਹੇਵੰਦ ਹੁੰਦੀਆਂ ਹਨ, ਉੱਥੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਵੀ ਸਹਾਈ ਸਿੱਧ ਹੁੰਦੀਆਂ ਹਨ, ਇਸ ਲਈ ਹਰੇਕ ਬੱਚੇ ਨੂੰ ਖੇਡਾਂ ਜਾਂ ਹੋਰ ਸਰਗਰਮੀਆਂ ਨੂੰ ਆਪਣੇ ਵਿੱਦਿਅਕ ਕਾਲ ਸਮੇਂ ਲਾਜ਼ਮੀ ਵਿਸ਼ੇ ਵਜੋਂ ਲੈਣਾ ਚਾਹੀਦਾ ਹੈ।
ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿੱਚ ਹੋਏ ਇਸ ਪੰਜ ਰੋਜ਼ਾ ਨਾਰਥ ਜ਼ੋਨ ਅੰਤਰ-ਯੂਨੀਵਰਸਿਟੀ ਮਹਿਲਾ ਹਾਕੀ ਟੂਰਨਾਮੈਂਟ ਵਿਚ ਉੱਤਰੀ ਭਾਰਤ ਦੀਆਂ ਯੂਨੀਵਰਸਿਟੀਆਂ ਦੀਆਂ 27 ਟੀਮਾਂ ਨੇ ਭਾਗ ਲਿਆ। ਇਸ ਤੋਂ ਪਹਿਲਾਂ ਖਾਲਸਾ ਯੂਨੀਵਰਸਿਟੀ ਐਗਜਾਮੀਨੇਸ਼ਨ ਕੰਟਰੋਲਰ ਡੀਨ ਅਤੇ ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਦੱਸਿਆ ਕਿ ਚੈਂਪੀਅਨਸ਼ਿਪ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਦੂਜਾ ਅਤੇ ਮਹਾਰਿਸ਼ੀ ਦਇਆਨੰਦ ਯੂਨੀਵਰਸਿਟੀ ਰੋਹਤਕ ਨੇ ਤੀਜਾ ਸਥਾਨ ਹਾਸਲ ਕੀਤਾ ਹੈ।