ਹੋਲਾ ਮਹੱਲਾ: ਨਿਰਮਲ ਭੇਖ ਨੇ ਨਗਰ ਕੀਰਤਨ ਸਜਾਇਆ
ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 13 ਮਾਰਚ
ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੀ ਆਰੰਭਤਾ ਮੌਕੇ ਅੱਜ ਪਹਿਲੇ ਦਿਨ ਨਿਰਮਲ ਭੇਖ ਵੱਲੋਂ ਉਦਾਸੀ ਸੰਪਰਦਾ ਅਤੇ ਨਿਹੰਗ ਜਥੇਬੰਦੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਹਰ ਸਾਲ ਵਾਂਗ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਚੱਕ ਹੋਲਗੜ੍ਹ ਸਥਿਤ ਡੇਰਾ ਬਾਬਾ ਦਲੀਪ ਸਿੰਘ ਡੁਮੇਲੀ ਵਾਲੇ ਤੋਂ ਮੁੱਖ ਪ੍ਰਬੰਧਕ ਬਾਬਾ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਆਰੰਭ ਹੋਇਆ। ਇਸ ਨਗਰ ਕੀਰਤਨ ਵਿੱਚ ਭਾਰੀ ਗਿਣਤੀ ’ਚ ਸੰਤਾਂ-ਮਹਾਂਪੁਰਸ਼ਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਸੰਤਾਂ-ਮਹਾਂਪੁਰਸ਼ਾਂ ਨੇ ਦੁਆਬਾ ਨਿਰਮਲ ਮੰਡਲ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੋਲੇ ਮਹੱਲੇ ਦਾ ਆਗਾਜ਼ ਸਮੂਹ ਸੰਤ ਸਮਾਜ ਵੱਲੋਂ ਕੀਤਾ ਗਿਆ ਜਿਸ ਲਈ ਨਿਰਮਲ ਭੇਖ ਵਧਾਈ ਦਾ ਪਾਤਰ ਹੈ।
ਫੁੱਲਾਂ ਦੀ ਵਰਖਾ ਤੇ ਬੈਂਡ ਦੀਆਂ ਮਧੁਰ ਧੁਨਾਂ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੀਆਂ ਸਨ। ਨਗਰ ਕੀਰਤਨ ਸ਼ਹਿਰ ਦੇ ਅਗਮਪੁਰ ਚੌਕ, ਮੇਨ ਰੋਡ, ਬੱਸ ਸਟੈਂਡ, ਰੇਲਵੇ ਸਟੇਸ਼ਨ, ਨਵੀਂ ਅਬਾਦੀ, ਪੰਜ ਪਿਆਰਾ ਪਾਰਕ, ਗੁਰਦੁਆਰਾ ਕਿਲਾ ਅਨੰਦਗੜ੍ਹ ਸਾਹਿਬ ਸਮੇਤ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਵਿੱਚ ਸੰਤ ਰੇਸ਼ਮ ਸਿੰਘ ਜੀ, ਸੰਤ ਅਮਰਜੀਤ ਸਿੰਘ ਹਰਖੋਵਾਲ, ਸੰਤ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲੇ, ਸੰਤ ਅਜੀਤ ਸਿੰਘ ਜੋਹਲਾ ਸਾਹਿਬ ਵਾਲੇ, ਸੰਤ ਕਰਮਜੀਤ ਸਿੰਘ ਟਿੱਬਾ ਸਾਹਿਬ, ਸੰਤ ਬਲਵੀਰ ਸਿੰਘ ਟਿੱਬਾ ਸਾਹਿਬ, ਸੰਤ ਮਹਾਵੀਰ ਸਿੰਘ, ਸੰਤ ਪ੍ਰੀਤਮ ਸਿੰਘ ਬਾੜੀਆਂ, ਸੰਤ ਬਿਕਰਮਜੀਤ ਸਿੰਘ ਨੰਗਲ ਵਾਲੇ, ਸੰਤ ਤਰਲੋਚਨ ਸਿੰਘ, ਸੰਤ ਬਲਬੀਰ ਸਿੰਘ, ਗਿਆਨੀ ਗੁਰਬਚਨ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਸੁਖਵਿੰਦਰ ਸਿੰਘ ਸਾਬਕਾ ਹੈੱਡ ਗ੍ਰੰਥੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਜਥੇਦਾਰ ਬਾਬਾ ਨੋਰੰਗ ਸਿੰਘ ਮੰਜੀ ਸਾਹਿਬ ਨਵਾਂਸ਼ਹਿਰ, ਸੰਤ ਹਾਕਮ ਸਿੰਘ, ਸੰਤ ਚਮਕੌਰ ਸਿੰਘ, ਅਰੁਣਜੀਤ ਸਿੰਘ ਸਮੇਤ ਭਾਰੀ ਗਿਣਤੀ ਵਿੱਚ ਸੰਤ ਮਹਾਂਪੁਰਸ਼ ਤੇ ਸੰਗਤਾਂ ਹਾਜ਼ਰ ਸਨ।
ਇਸ ਮੌਕੇ ਸੰਤ ਪ੍ਰੀਤਮ ਸਿੰਘ ਦਮੇਲੀ ਵਾਲਿਆਂ ਨੇ ਸੰਤਾਂ-ਮਹਾਂਪੁਰਸ਼ਾਂ ਤੇ ਸਮੂਹ ਸਾਧ ਸੰਗਤ ਨੂੰ ਜੀ ਆਇਆਂ ਆਖਿਆ ਤੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ। ਭਾਈ ਗੁਰਦਿਆਲ ਸਿੰਘ ਦੇ ਜਥੇ ਵੱਲੋਂ ਢਾਡੀ ਵਾਰਾਂ ਗਾ ਕੇ ਸੰਗਤ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ।