11.65 ਲੱਖ ਵੋਟਰ ਕਰਨਗੇ 447 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ
ਲੁਧਿਆਣਾ, 20 ਦਸੰਬਰ
ਨਗਰ ਨਿਗਮ ਲੁਧਿਆਣਾ ਦੀਆਂ ਚੋਣਾਂ ਲਈ ਪ੍ਰਸ਼ਾਸਨ ਤੇ ਪੁਲੀਸ ਨੇ ਸਖ਼ਤ ਇੰਤਜ਼ਾਮ ਕਰ ਲਏ ਹਨ। ਸ਼ਨਿੱਚਰਵਾਰ ਨੂੰ 11.65 ਲੱਖ ਵੋਟਰ ਲੁਧਿਆਣਾ ਦੇ 95 ਵਾਰਡਾਂ ਵਿੱਚ 447 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਇਸ ਤੋਂ ਇਲਾਵਾ ਵੱਖ-ਵੱਖ ਨਗਰ ਕੌਂਸਲਾਂ ਤੇ ਇੱਕ ਨਗਰ ਪੰਚਾਇਤ ਵਿੱਚ 160 ਉਮੀਦਵਾਰ ਚੋਣ ਲੜ ਰਹੇ ਹਨ। ਭਲਕੇ 1296 ਪੋਲਿੰਗ ਬੂਥਾਂ ’ਤੇ ਵੋਟਿੰਗ ਹੋਵੇਗੀ, ਜੋ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗੀ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਅੱਜ ਖਾਲਸਾ ਕਾਲਜ ਫਾਰ ਵਿਮੈੱਨ ਅਤੇ ਸਰਕਾਰੀ ਕਾਲਜ ਫਾਰ ਗਰਲਜ਼ ਸਣੇ ਵੱਖ-ਵੱਖ ਕੇਂਦਰਾਂ ਤੋਂ ਪੋਲਿੰਗ ਪਾਰਟੀਆਂ ਨੂੰ ਭੇਜਣ ਦੀ ਨਿਗਰਾਨੀ ਕੀਤੀ।
ਉਨ੍ਹਾਂ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਦੀਆਂ ਚੋਣਾਂ ਲਈ ਕੁੱਲ 1165749 ਵੋਟਰ ਹਨ, ਜਿਨ੍ਹਾਂ ਵਿੱਚ 624708 ਪੁਰਸ਼, 540938 ਮਹਿਲਾਵਾਂ ਤੇ 103 ਵੋਟਰ ਤੀਜੇ ਲਿੰਗ ਵਜੋਂ ਸ਼ਾਮਲ ਹਨ। ਇਸ ਤੋਂ ਇਲਾਵਾ 420 ਪੋਲਿੰਗ ਸਟੇਸ਼ਨਾਂ ਨੂੰ ਅਤਿ ਸੰਵੇਦਨਸ਼ੀਲ ਐਲਾਨਿਆ ਗਿਆ ਹੈ, ਜਿਨ੍ਹਾਂ ਨੂੰ 447 ਉਮੀਦਵਾਰਾਂ ਦੀ ਨਿਰਪੱਖ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਪੁਲੀਸ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ।
ਡੀਸੀ ਜਤਿੰਦਰ ਜੋਰਵਾਲ ਨੇ ਵੋਟਰਾਂ ਨੂੰ ਚੋਣ ਵਾਲੇ ਦਿਨ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਵੋਟਿੰਗ ਦਾ ਨਵਾਂ ਰਿਕਾਰਡ ਕਾਇਮ ਕਰਨ ਦਾ ਸੱਦਾ ਦਿੱਤਾ। ਇਸ ਸਾਲ ਪਹਿਲੀ ਵਾਰ ਪੋਲਿੰਗ ਅਤੇ ਗਿਣਤੀ ਦੋਵਾਂ ਪ੍ਰਕਿਰਿਆਵਾਂ ਵਿੱਚ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਲਈ ਹਰੇਕ ਪੋਲਿੰਗ ਸਟੇਸ਼ਨ ’ਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ ਵੋਟਾਂ ਬੰਦ ਹੋਣ ਤੋਂ ਤੁਰੰਤ ਬਾਅਦ ਸ਼ੁਰੂ ਹੋਵੇਗੀ।
ਮਾਛੀਵਾੜਾ ਨਗਰ ਕੌਂਸਲ, ਸਾਹਨੇਵਾਲ ਨਗਰ ਕੌਂਸਲ, ਨਗਰ ਕੌਂਸਲ ਮੁੱਲਾਂਪੁਰ ਦਾਖਾ, ਨਗਰ ਪੰਚਾਇਤ ਮਲੌਦ, ਨਗਰ ਕੌਂਸਲ ਖੰਨਾ ਤੇ ਨਗਰ ਕੌਂਸਲ ਸਮਰਾਲਾ ਨਾਲ ਸਬੰਧਤ ਚੋਣਾਂ ਲਈ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੁੱਲ 62438 ਵੋਟਰ ਹਨ। ਇਨ੍ਹਾਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿੱਚ 56 ਵਾਰਡਾਂ ਵਿੱਚ 80 ਪੋਲਿੰਗ ਬੂਥ ਹੋਣਗੇ, ਜਿਨ੍ਹਾਂ ਵਿੱਚੋਂ 31 ਸੰਵੇਦਨਸ਼ੀਲ ਤੇ 14 ਅਤਿ ਸੰਵੇਦਨਸ਼ੀਲ ਹਨ। ਡੀਈਓ ਨੇ ਸਾਰੇ ਚੋਣ ਅਮਲੇ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਉਣ ਤਾਂ ਜੋ ਵੋਟਰ ਆਪਣੀ ਵੋਟ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਪਾ ਸਕਣ। ਉਨ੍ਹਾਂ ਨੇ ਸ਼ਾਂਤੀਪੂਰਨ ਚੋਣ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਉਨ੍ਹਾਂ ਦੇ ਮੋਢਿਆਂ ’ਤੇ ਰੱਖੀ ਗਈ ਮਹੱਤਵਪੂਰਨ ਜ਼ਿੰਮੇਵਾਰੀ ’ਤੇ ਜ਼ੋਰ ਦਿੱਤਾ ਅਤੇ ਪੋਲਿੰਗ ਪਾਰਟੀਆਂ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਪੋਲਿੰਗ ਪਾਰਟੀਆਂ ਅਤੇ ਪੋਲਿੰਗ ਬੂਥਾਂ ’ਤੇ ਵੋਟਰਾਂ ਦੋਵਾਂ ਦੀ ਸਹਾਇਤਾ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਏਡੀਸੀ ਅਮਰਜੀਤ ਬੈਂਸ, ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਵਿਨੀਤ ਕੁਮਾਰ, ਸੀਐੱਮ ਦੇ ਫੀਲਡ ਅਫਸਰ ਕ੍ਰਿਤਿਕਾ ਗੋਇਲ ਅਤੇ ਐਸਡੀਐਮ ਡਾ. ਬਲਜਿੰਦਰ ਸਿੰਘ ਢਿੱਲੋਂ ਸਣੇ ਹੋਰ ਹਾਜ਼ਰ ਸਨ।