ਪਰਾਲੀ ਸਾੜਨ ਦੇ ਦੋਸ਼ ਵਿਚ 14 ਕਿਸਾਨ ਗ੍ਰਿਫ਼ਤਾਰੀ ਉਪਰੰਤ ਜ਼ਮਾਨਤ ’ਤੇ ਰਿਹਾਅ
ਚੰਡੀਗੜ੍ਹ, 21 ਅਕਤੂਬਰ
ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿੱਚ ਪਿਛਲੇ ਕੁਝ ਦਿਨਾਂ ਦੌਰਾਨ ਪਰਾਲੀ ਸਾੜਨ ਦੇ ਦੋਸ਼ ਵਿੱਚ 14 ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਹਰਿਆਣਾ ਅਤੇ ਗੁਆਂਢੀ ਸੂਬੇ ਪੰਜਾਬ ਵਿੱਚ ਪਰਾਲੀ ਸਾੜਨ ਕਾਰਨ ਅਕਸਰ ਦਿੱਲੀ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਵਾਧੇ ਲਈ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਕੈਥਲ ਦੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਹੈੱਡਕੁਆਰਟਰ) ਬੀਰਭਾਨ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਪਰਾਲੀ ਸਾੜਨ ਦੇ ਦੋਸ਼ ਵਿੱਚ 14 ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ ਬਾਅਦ ਵਿੱਚ ਉਨ੍ਹਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਕਿਉਂਕਿ ਇਹ ਜੁਰਮ ਜ਼ਮਾਨਤਯੋਗ ਹੈ।
ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਹਵਾ (ਪ੍ਰਦੂਸ਼ਣ ਦੀ ਰੋਕਥਾਮ ਅਤੇ ਨਿਯੰਤਰਣ) ਐਕਟ ਅਤੇ ਕਾਨੂੰਨ ਦੀਆਂ ਹੋਰ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪਾਣੀਪਤ ਅਤੇ ਯਮੁਨਾਨਗਰ ਸਮੇਤ ਕੁਝ ਹੋਰ ਜ਼ਿਲ੍ਹਿਆਂ ਵਿੱਚ ਵੀ ਪਰਾਲੀ ਸਾੜਨ ਲਈ ਹਾਲ ਹੀ ਵਿੱਚ ਐਫ਼ਆਈਆਰ ਦਰਜ ਕੀਤੀਆਂ ਗਈਆਂ ਸਨ। ਹਰਿਆਣਾ ਦੇ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਨੇ ਐਤਵਾਰ ਨੂੰ ਡਿਪਟੀ ਕਮਿਸ਼ਨਰਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਵੱਲੋਂ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਸਰਕਾਰਾਂ ਦੀ ਪਰਾਲੀ ਸਾੜਨ ਦੇ ਦੋਸ਼ੀ ਪਾਏ ਗਏ ਲੋਕਾਂ ’ਤੇ ਮੁਕੱਦਮਾ ਨਾ ਚਲਾਉਣ ’ਤੇ ਖਿਚਾਈ ਕੀਤੀ ਗਈ ਸੀ। ਕੋਰਟ ਨੇ ਦੋਵਾਂ ਰਾਜਾਂ ਦੇ ਮੁੱਖ ਸਕੱਤਰਾਂ ਨੂੰ 23 ਅਕਤੂਬਰ ਨੂੰ ਸਪੱਸ਼ਟੀਕਰਨ ਲਈ ਪੇਸ਼ ਹੋਣ ਲਈ ਤਲਬ ਕੀਤਾ ਹੈ।ਪੀਟੀਆਈ