ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 15 ਮੁਲਜ਼ਮ ਗ੍ਰਿਫ਼ਤਾਰ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 26 ਅਕਤੂਬਰ
ਸੰਗਰੂਰ ਜ਼ਿਲ੍ਹਾ ਪੁਲੀਸ ਵਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁੁਹਿੰਮ ਤਹਿਤ ਇੱਕ ਹਫ਼ਤੇ ਦੌਰਾਨ 15 ਕੇਸ ਦਰਜ ਕਰਕੇ 15 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਵਲੋਂ 4 ਗ੍ਰਾਮ ਹੈਰੋਇਨ, 6 ਕਿਲੋ ਭੁੱਕੀ ਚੂਰਾ ਪੋਸਤ, 300 ਨਸ਼ੀਲੀਆਂ ਗੋਲੀਆਂ, 93 ਲੀਟਰ ਨਾਜਾਇਜ਼ ਸ਼ਰਾਬ ਅਤੇ 60 ਲਿਟਰ ਲਾਹਣ ਬਰਾਮਦ ਕੀਤਾ ਹੈ।
ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 19 ਤੋਂ 25 ਅਕਤੁੂਬਰ ਤੱਕ ਪੁਲੀਸ ਨੇ ਕਾਰਵਾਈ ਕਰਦਿਆਂ ਨਸ਼ਿਆਂ ਦੇ ਮਾਮਲੇ ’ਚ 7 ਕੇਸ ਦਰਜ ਕਰਕੇ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਕੋਲੋਂ 4 ਗ੍ਰਾਮ ਹੈਰੋਇਨ, 6 ਕਿਲੋ ਭੁੱਕੀ ਚੂਰਾ ਪੋਸਤ, 300 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸਤੋਂ ਇਲਾਵਾ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ 6 ਕੇਸ ਦਰਜ ਕਰਕੇ 6 ਜਣਿਆਂ ਨੂੰ ਕਾਬੂ ਕੀਤਾ ਗਿਆ ਜਿਨ੍ਹਾਂ ਕੋਲੋਂ 71.250 ਲਿਟਰ ਸ਼ਰਾਬ ਠੇਕਾ ਦੇਸੀ, 21.750 ਲਿਟਰ ਸ਼ਰਾਬ ਨਾਜਾਇਜ਼ ਅਤੇ 60 ਲੀਟਰ ਲਾਹਣ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦੜੇ ਸੱਟੇ ਦਾ ਧੰਦਾ ਕਰਨ ਵਾਲੇ 2 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 2 ਕੇਸ ਦਰਜ ਕੀਤੇ ਅਤੇ 2,17,100 ਰੁਪਏ ਬਰਾਮਦ ਕਰਵਾਏ ਗਏ ਹਨ। ਐੱਸਐਸਪੀ ਚਾਹਲ ਨੇ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਵੱਧ ਚੜ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਖੇਡ ਕਲੱਬਾਂ, ਮੋਹਤਬਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਹਫਤੇ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 11 ਪਿੰਡਾਂ ਅਤੇ ਕਸਬਿਆਂ ਵਿੱਚ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।