ਨਸ਼ਿਆਂ ਖ਼ਿਲਾਫ਼ 16 ਕੇਸ ਦਰਜ; 14 ਮੁਲਜ਼ਮ ਕਾਬੂ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 14 ਸਤੰਬਰ
ਸੰਗਰੂਰ ਜ਼ਿਲ੍ਹਾ ਪੁਲੀਸ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪਿਛਲੇ ਇੱਕ ਹਫ਼ਤੇ ਦੌਰਾਨ 16 ਕੇਸ ਦਰਜ ਕਰਕੇ 14 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਸਥਾਨਕ ਸਿਵਲ ਹਸਪਤਾਲ ’ਚ ਵਾਪਰੀ ਇਰਾਦਾ ਕਤਲ ਦੀ ਘਟਨਾ ਨੂੰ 12 ਘੰਟਿਆਂ ਦੇ ਅੰਦਰ-ਅੰਦਰ ਟਰੇਸ ਕਰਕੇ 6 ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ 7 ਤੋਂ 13 ਸਤੰਬਰ ਤੱਕ ਨਸ਼ਿਆਂ ਦੇ 8 ਕੇਸ ਦਰਜ ਕਰਕੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 26 ਗ੍ਰਾਮ ਹੈਰੋਇਨ, 4 ਕਿਲੋ ਭੁੱਕੀ ਚੂਰਾ ਪੋਸਤ, 500 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ 8 ਕੇਸ ਦਰਜ ਕਰਕੇ 6 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ 94.500 ਲਿਟਰ ਸ਼ਰਾਬ ਠੇਕਾ ਦੇਸੀ, 175.500 ਲਿਟਰ ਨਾਜਾਇਜ਼ ਸ਼ਰਾਬ ਅਤੇ 100 ਲਿਟਰ ਲਾਹਣ ਬਰਾਮਦ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਦੋ ਨੌਜਵਾਨਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਨ ਦੀ ਵਾਪਰੀ ਘਟਨਾ ਨੂੰ 12 ਘੰਟਿਆਂ ਅੰਦਰ ਹੀ ਟਰੇਸ ਕਰਕੇ 6 ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੰਗ ਜਾਰੀ ਹੈ ਜਿਸ ਵਿਚ ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿਚ ਸਹਿਯੋਗ ਦੇਣ ਲਈ ਪ੍ਰੇਰਿਆ ਜਾ ਰਿਹਾ ਹੈ। ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਪੰਚਾਇਤਾਂ, ਖੇਡ ਕਲੱਬਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾਂ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।